ਬੇਗੋਵਾਲ : ਪੰਜਾਬ ਦੀ ਸਿਆਸਤ 'ਚ ਅੱਜ ਇਕ ਵੱਡਾ ਧਮਾਕਾ ਵੇਖਣ ਨੂੰ ਮਿਲਿਆ। ਦਰਅਸਲ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ ਦੀ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਬੇਗੋਵਾਲ ਵਿਖੇ ਬੀਬੀ ਜਗੀਰ ਕੌਰ ਦੀ ਰਿਹਾਇਸ਼ 'ਚ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਕਰਵਾਇਆ। ਬੀਬੀ ਜਗੀਰ ਕੌਰ ਨੇ ਹਲਕਾ ਭੁਲੱਥ ਵਿਖੇ ਰੈਲੀ ਨੂੰ ਸੰਬੋਧਨ ਕਰਦੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਵੱਡੀਆਂ ਕੁਰਬਾਨੀਆਂ ਨਾਲ ਤਿਆਰ ਹੋਇਆ ਹੈ।
ਭੁਲੱਥ ਹਲਕੇ 'ਚ ਹੋਇਆ ਰਿਕਾਰਡ ਵਿਕਾਸ
ਬੀਬੀ ਜਗੀਰ ਕੌਰ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਹਲਕਾ ਭੁਲੱਥ 'ਚ ਵਿਕਾਸ ਦਾ ਹਰ ਕੰਮ ਸਿਰਫ਼ ਸਰਦਾਰ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੀ ਸੰਭਵ ਹੋਇਆ ਹੈ। ਉਨ੍ਹਾਂ ਅਕਾਲੀ ਸਰਕਾਰ ਦੌਰਾਨ ਹੋਏ ਪ੍ਰਮੁੱਖ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਭੁਲੱਥ ਵਿਖੇ 9 ਕਰੋੜ ਰੁਪਏ ਦੀ ਲਾਗਤ ਨਾਲ ਸਬ-ਡਿਵੀਜ਼ਨ ਹਸਪਤਾਲ ਅਤੇ 5 ਤੋਂ 6 ਕਰੋੜ ਰੁਪਏ ਦੀ ਲਾਗਤ ਨਾਲ ਸਬ-ਡਿਵੀਜ਼ਨ ਕੰਪਲੈਕਸ ਬਣਾਇਆ ਗਿਆ। ਹਲਕੇ ਦੇ ਤਕਰੀਬਨ ਸਾਰੇ ਸਕੂਲਾਂ ਦਾ ਦਰਜਾ ਅਪਗ੍ਰੇਡ ਕੀਤਾ ਗਿਆ। ਉਨ੍ਹਾਂ ਕਿਹਾ ਕਿ ਏਰੀਏ ਦੇ ਤਿੰਨਾਂ ਸ਼ਹਿਰਾਂ ਦੇ ਸੀਵਰੇਜ ਸਿਸਟਮ ਲਈ ਪ੍ਰਕਾਸ਼ ਸਿੰਘ ਬਾਦਲ ਵੱਲੋਂ ਦੀਵਾਲੀ ਦੇ ਤੋਹਫ਼ੇ ਵਜੋਂ 72 ਕਰੋੜ ਰੁਪਏ ਦਿੱਤੇ ਗਏ ਸਨ। ਹਰ ਪਿੰਡ ਵਿੱਚ ਸੀਵਰੇਜ, ਇੰਟਰਲੋਕਿੰਗ ਟਾਈਲਾਂ, ਮੰਡੀਆਂ ਅਤੇ ਫੋਕਲ ਪੁਆਇੰਟ ਸਥਾਪਤ ਕੀਤੇ ਗਏ।
ਨਸ਼ਿਆਂ ਵਿਰੁੱਧ ਜੰਗ 'ਚ ਬੀਬੀਆਂ ਦੀ ਸ਼ਮੂਲੀਅਤ 'ਤੇ ਜ਼ੋਰ
ਬੀਬੀ ਜਗੀਰ ਕੌਰ ਨੇ ਦੱਸਿਆ ਕਿ ਬੀਬਾ ਹਰਸਿਮਰਤ ਕੌਰ ਬਾਦਲ ਨੇ ਪਿੰਡ-ਪਿੰਡ ਜਾ ਕੇ ਨਸ਼ਿਆਂ ਦੀ ਵੱਧ ਰਹੀ ਲਹਿਰ ਨੂੰ ਠੱਲ੍ਹ ਪਾਉਣ ਅਤੇ ਨੌਜਵਾਨਾਂ ਤੇ ਪਰਿਵਾਰਾਂ ਨੂੰ ਬਚਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਭਾਵੁਕ ਹੋ ਕੇ ਕਿਹਾ ਕਿ ਮੇਰੇ ਕੋਲੋਂ ਗਲਤੀਆਂ ਹੋਈਆਂ ਹੋਣਗੀਆਂ। ਮੈਂ ਬਹੁਤ ਗਲਤੀਆਂ ਕੀਤੀਆਂ ਹੋਣਗੀਆਂ, ਹੋ ਸਕਦਾ ਹੈ ਕਿ ਅੱਜ ਤੁਹਾਡਾ ਮਨ ਮੇਰੇ ਤੋਂ ਉਦਾਸ ਹੋਵੇ ਪਰ ਮੈਂ ਇਕ ਗੱਲ ਕਹਿਣਾ ਚਾਹੁੰਦੀ ਹਾਂ ਕਿ ਜਿਹੜਾ ਤੁਸੀਂ ਬੀੜਾ ਚੁੱਕਿਆ ਹੋਇਆ ਹੈ, ਮੇਰੀ ਬੇਟੀ, ਭੈਣ ਤੇ ਧੀ ਹਰਸਿਮਰਤ ਕੌਰ ਬਾਦਲ ਨੇ ਜੇਕਰ ਪਿੰਡ-ਪਿੰਡ ਜਾ ਕੇ ਨਸ਼ੇ ਨੂੰ ਖ਼ਤਮ ਕਰਨ ਦਾ ਬੀੜਾ ਚੁੱਕਿਆ ਹੈ, ਉਸ ਨਸ਼ੇ ਦੀ ਲਹਿਰ ਨੂੰ ਅਸੀਂ ਪਿੰਡਾਂ ਵਿਚੋਂ ਖ਼ਤਮ ਕਰਕੇ ਛੱਡਾਂਗੇ ਅਤੇ ਪੰਜਾਬ ਦੇ ਪੁੱਤ ਬਚਾਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਚੱਲ ਰਹੀ ਨਸ਼ੇ ਦੀ ਲਹਿਰ ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇਗਾ। ਉਨ੍ਹਾਂ ਸਮੂਹ ਬੀਬੀਆਂ, ਮਾਵਾਂ-ਭੈਣਾਂ ਅਤੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਵਿਤਕਰੇ ਦੇ ਇਸ ਨਸ਼ਾ-ਵਿਰੋਧੀ ਲਹਿਰ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ।
ਵਿਰੋਧੀ ਧਿਰਾਂ 'ਤੇ ਤਿੱਖੇ ਹਮਲੇ
ਮੌਜੂਦਾ ਸਰਕਾਰ ਅਤੇ ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ 1984 ਦੇ ਦਿੱਲੀ ਕਤਲੇਆਮ ਲਈ ਕਾਂਗਰਸ ਜ਼ਿੰਮੇਵਾਰ ਹੈ। ਇਸ ਦੇ ਨਾਲ ਹੀ ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ 'ਚ ਵਿਕਾਸ ਕਾਰਜ ਬਿਲਕੁਲ ਠੱਪ ਹੋ ਚੁੱਕੇ ਹਨ ਅਤੇ ਭ੍ਰਿਸ਼ਟਾਚਾਰ, ਬੇਰੁਜ਼ਗਾਰੀ ਅਤੇ ਨਸ਼ੇ ਚਰਮ ਸੀਮਾ 'ਤੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ ਵਰਕਰਾਂ ਨੂੰ ਘਰ-ਘਰ ਜਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਅਕਾਲੀ ਦਲ ਦੇ ਜੁਝਾਰੂ ਵਰਕਰਾਂ ਦੇ ਹੜ੍ਹ ਨੂੰ ਰੋਕਿਆ ਨਹੀਂ ਜਾ ਸਕਿਆ।
ਰੈਲੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਬੀਬੀ ਜਗੀਰ ਕੌਰ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸੁਆਗਤ ਕੀਤਾ। ਸੁਖਬੀਰ ਸਿੰਘ ਬਾਦਲ ਨੇ ਬੀਬੀ ਜਗੀਰ ਕੌਰ ਨੂੰ ਹਲਕਾ ਭੁਲੱਥ ਦੇ ਸੇਵਾਦਾਰ ਵਜੋਂ ਨਿਯੁਕਤ ਕਰਦਿਆਂ ਸਮੁੱਚੀ ਸੰਗਤ ਨੂੰ ਪਾਰਟੀ ਦੀ ਚੜ੍ਹਦੀ ਕਲਾ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ।