ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕ ਪੱਖੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਕੇ ਲੋਕਾਂ ਨੂੰ ਉਨ੍ਹਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ‘ਮੇਰਾ ਘਰ ਮੇਰੇ ਨਾਮ’ ਸਕੀਮ ਅਧੀਨ ਪਿੰਡ ਮਨਾਣਾ ਅਤੇ ਗੋਬਿੰਦਗੜ੍ਹ ਦੇ ਲਾਲ ਡੋਰੇ ਅੰਦਰਲੇ ਵਸਨੀਕਾਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦੇ ਮਾਲਕੀ ਹੱਕਾਂ ਸਬੰਧੀ ਪ੍ਰਾਪਰਟੀ ਕਾਰਡ ਸੌਂਪੇ ਗਏ।
ਇਸ ਮੌਕੇ ਮੋਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਪਿੰਡ ਮਨਾਣਾ ਵਿਖੇ 166 ਅਤੇ ਪਿੰਡ ਗੋਬਿੰਦਗੜ੍ਹ ਵਿਖੇ 538 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਸੌਂਪੇ। ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ ਇੱਥੇ ਹੀ ਸਮਾਪਤ ਨਹੀਂ ਹੋਵੇਗੀ, ਸਗੋਂ ਆਉਣ ਵਾਲੇ ਸਮੇਂ ਵਿੱਚ ਵੀ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਮਾਲਕੀ ਹੱਕ ਦਿੱਤੇ ਜਾਂਦੇ ਰਹਿਣਗੇ।
ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਇਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਆਪਣੀਆਂ ਜਾਇਦਾਦਾਂ ਦੇ ਮਾਲਕੀ ਹੱਕ ਹਾਸਲ ਕਰਨ ਲਈ ਲੰਮਾ ਸਮਾਂ ਉਡੀਕ ਕਰਨੀ ਪਈ ਅਤੇ ਇਸ ਸਬੰਧੀ ਕਈ ਵਾਰ ਸਰਕਾਰੀ ਦਫ਼ਤਰਾਂ ਦੇ ਚੱਕਰ ਵੀ ਲਗਾਉਣੇ ਪਏ, ਪਰ ਪਿਛਲੀਆਂ ਸਰਕਾਰਾਂ ਵੱਲੋਂ ਉਨ੍ਹਾਂ ਦੀ ਇਸ ਮੰਗ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਦੀ ਇਸ ਸਮੱਸਿਆ ਨੂੰ ਸਮਝਦਿਆਂ ਉਨ੍ਹਾਂ ਨੂੰ ਮਾਲਕੀ ਹੱਕ ਦਿਵਾਉਣ ਦੀ ਪਹਿਲ ਕੀਤੀ ਹੈ ਅਤੇ ਹੁਣ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਨਾਲ ਸਬੰਧਤ ਪ੍ਰਾਪਰਟੀ ਕਾਰਡ ਸੌਂਪੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਪੱਸ਼ਟ ਸੰਦੇਸ਼ ਹੈ ਕਿ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣਾ ਹੈ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਸਰਕਾਰ ਲੋਕਾਂ ਦੀਆਂ ਲੋੜਾਂ ਅਤੇ ਉਮੀਦਾਂ ਅਨੁਸਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਨੂੰ ਸਮਝਿਆ ਜਾਂਦਾ ਹੈ ਅਤੇ ਉਸ ਅਨੁਸਾਰ ਯੋਜਨਾਵਾਂ ਬਣਾ ਕੇ ਉਨ੍ਹਾਂ ਨੂੰ ਸਮੇਂ ਸਿਰ ਲਾਗੂ ਕੀਤਾ ਜਾਂਦਾ ਹੈ।
ਮੇਅਰ ਨੇ ਕਿਹਾ ਕਿ ਪ੍ਰਾਪਰਟੀ ਕਾਰਡ ਮਿਲਣ ਨਾਲ ਲੋਕਾਂ ਨੂੰ ਆਪਣੀ ਜਾਇਦਾਦ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ੀ ਸਬੂਤ ਮਿਲੇਗਾ। ਇਸ ਨਾਲ ਉਹ ਆਪਣੀਆਂ ਜਾਇਦਾਦਾਂ ਦੇ ਆਧਾਰ ’ਤੇ ਕਰਜ਼ਾ ਲੈਣ ਅਤੇ ਨਵੇਂ ਕਾਰੋਬਾਰ ਸ਼ੁਰੂ ਕਰਨ ਵਰਗੇ ਆਰਥਿਕ ਮੌਕਿਆਂ ਦਾ ਲਾਭ ਉਠਾ ਸਕਣਗੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਜ਼ਮੀਨਾਂ ਅਤੇ ਜਾਇਦਾਦਾਂ ਦੀ ਮਾਲਕੀ ਨੂੰ ਲੈ ਕੇ ਪੈਦਾ ਹੋਣ ਵਾਲੇ ਵਿਵਾਦਾਂ ਦੇ ਹੱਲ ਵਿੱਚ ਵੀ ਇਹ ਪ੍ਰਾਪਰਟੀ ਕਾਰਡ ਅਹਿਮ ਭੂਮਿਕਾ ਨਿਭਾਉਣਗੇ।
ਇਸ ਮੌਕੇ ਕੁਲਦੀਪ ਸਿੰਘ ਸਮਾਣਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਤਹਿਸੀਲਦਾਰ ਮਨਦੀਪ ਸਿੰਘ, ਪਟਵਾਰੀ ਦੌਲਤ ਰਾਮ, ਪਿੰਡ ਮਨਾਣਾ ਦੀ ਸਰਪੰਚ ਰਣਜੀਤ ਕੌਰ, ਮਨਪ੍ਰੀਤ ਸਿੰਘ ਮਨਾਣਾ, ਪਿੰਡ ਗੋਬਿੰਦਗੜ੍ਹ ਦੀ ਸਰਪੰਚ ਕਰਮਾ ਪੁਰੀ, ਜਗਜੀਤ ਸਿੰਘ ਜੱਗੀ, ਕੁਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਹਮੀਦ ਖਾਨ, ਨੇਹਾ ਬਜਾਜ, ਮਨਪ੍ਰੀਤ ਸਿੰਘ ਮਨੀ, ਅਮਰਜੀਤ ਸਿੰਘ ਸਿੱਧੂ ਅਤੇ ਜੈਲੀ ਗੋਬਿੰਦਗੜ੍ਹ ਸਮੇਤ ਹੋਰ ਪਤਵੰਤੇ ਹਾਜ਼ਰ ਸਨ।