ਨਵੀਂ ਦਿੱਲੀ : ਕਾਂਗਰਸ ਅਤੇ ਸਮਾਜਵਾਦੀ ਪਾਰਟੀ (ਸਪਾ) ਵਿਚਾਲੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਨੂੰ ਲੈ ਕੇ ਮੰਗਲਵਾਰ ਨੂੰ ਤੈਅ ਕੀਤੀ ਗਈ ਮੀਟਿੰਗ ਦੋਵਾਂ ਪਾਰਟੀਆਂ ਦੇ ਚੋਟੀ ਦੇ ਆਗੂਆਂ ਵਿਚਾਲੇ ਗੱਲਬਾਤ ਤੋਂ ਬਾਅਦ ਟਲ ਗਈ ਹੈ। ਹੁਣ ਇਹ ਮੀਟਿੰਗ ਕੁਝ ਦਿਨਾਂ ਬਾਅਦ ਹੋਣ ਦੀ ਸੰਭਾਵਨਾ ਹੈ। ਸੂਤਰਾਂ ਨੇ ਦੱਸਿਆ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਸਪਾ ਪ੍ਰਧਾਨ ਅਖ਼ਿਲੇਸ਼ ਯਾਦਵ ਦੀ ਗੱਲਬਾਤ ਦੌਰਾਨ ਸੀਟਾਂ ਦੀ ਵੰਡ ਨੂੰ ਲੈ ਕੇ ਇਕ ‘ਖਰੜੇ’ ’ਤੇ ਚਰਚਾ ਹੋਈ, ਹਾਲਾਂਕਿ ਇਸ ਦਾ ਵੇਰਵਾ ਅਜੇ ਸਾਹਮਣੇ ਨਹੀਂ ਆਇਆ ਹੈ।
ਸੂਤਰਾਂ ਨੇ ਦੱਸਿਆ ਕਿ ਹੁਣ ਦੋਵਾਂ ਪਾਰਟੀਆਂ ਦੇ ਆਗੂ ਇਸ ਖਰੜੇ ਅਤੇ ਆਪਣੀ ਤਰਫ਼ੋਂ ਤੈਅ ਕੀਤੇ ਗਏ ਫ਼ਾਰਮੂਲੇ ਦੇ ਆਧਾਰ ’ਤੇ ਅੱਗੇ ਦੀ ਗੱਲਬਾਤ ਕਰਨਗੇ। ਕਾਂਗਰਸ ਨਾਲ ਜੁੜੇ ਸੂਤਰਾਂ ਨੇ ਦੱਸਿਆ ਕਿ ਦੋਵਾਂ ਪਾਰਟੀਆਂ ਵਿਚਾਲੇ ਸੀਟਾਂ ਦੀ ਗਿਣਤੀ ਨੂੰ ਲੈ ਕੇ ਹੁਣ ਤੱਕ ਸਹਿਮਤੀ ਨਹੀਂ ਬਣ ਸਕੀ ਹੈ। ਸੂਤਰਾਂ ਮੁਤਾਬਕ, ਸੋਮਵਾਰ ਨੂੰ ਸੋਨੀਆ ਗਾਂਧੀ ਦੀ ਕਿਤਾਬ ਦੇ ਰਿਲੀਜ਼ ਪ੍ਰੋਗਰਾਮ ਤੋਂ ਇਲਾਵਾ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਅਖ਼ਿਲੇਸ਼ ਯਾਦਵ ਵਿਚਾਲੇ ਗੱਲਬਾਤ ਹੋਈ ਸੀ। ਇਸ ਦੌਰਾਨ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਗੱਠਜੋੜ ਅਤੇ ਸੀਟਾਂ ਦੀ ਵੰਡ ਨੂੰ ਲੈ ਕੇ ਵੀ ਚਰਚਾ ਹੋਈ। ਇਸ ਤੋਂ ਬਾਅਦ ਦੋਵਾਂ ਪਾਰਟੀਆਂ ਵਿਚਾਲੇ ਤੈਅ ਮੀਟਿੰਗ ਨੂੰ ਟਾਲਣ ਦਾ ਫ਼ੈਸਲਾ ਕੀਤਾ ਗਿਆ।