ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਸਿਵਲ ਸਰਜਨ ਡਾ. ਅਮਨ ਸੂਦ (ਸਾਈਕੈਟਰਿਸਟ) ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ, ਚੰਡੀਗੜ੍ਹ ਵਿਖੇ ਡਿਪਟੀ ਡਾਇਰੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਸਨ।
ਅਹੁਦਾ ਸੰਭਾਲਣ ਮੌਕੇ ਡਾ. ਅਮਨ ਸੂਦ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਡਾ. ਮੋਨਿਕਾ ਚੋਪੜਾ, ਧੀ ਡਾ. ਰਿਧਿਮਾ ਸੂਦ ਅਤੇ ਭਰਾ ਡਾ. ਕਵਿੰਦਰਾ ਸੂਦ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ, ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਹਰਪਿੰਦਰ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ. ਜਤਿੰਦਰ ਸਿੰਘ, ਡਾ ਚਰਨਜੀਤ ਕੁਮਾਰ, ਡਾ ਸੋਨੀਆ, ਡਾ ਨੀਨਾ ਸ਼ਾਂਤ, ਡਾ ਸਤਿੰਦਰਜੀਤ ਕੌਰ, ਡਾ ਅਜੇ ਬਸਰਾ, ਡਾ ਪਿਆਰੇ ਲਾਲ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ, ਜ਼ਿਲ੍ਹਾ ਡੈਂਟਲ ਹੈਲਥ ਅਫਸਰ ਰਾਜ ਕੁਮਾਰੀ, ਸੁਪਰਡੈਂਟ ਸ੍ਰੀ ਗੁਲਸ਼ਨ ਕੁਮਾਰ, ਸਤਨਾਮ ਸਿੰਘ, ਸਿਵਲ ਸਰਜਨ ਦੇ ਪੀ.ਏ. ਸ੍ਰੀ ਅਜੇ ਕੁਮਾਰ, ਸੀਨੀਅਰ ਅਸਿਸਟੈਂਟ ਸ੍ਰੀ ਤਰੁਣਦੀਪ ਦੁੱਗਲ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ, ਜ਼ਿਲ੍ਹਾ ਅਕਾਊਂਟ ਅਫਸਰ ਦੀਪਕ ਵਰਮਾ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਗੁਲਦਸਤਾ ਭੇਟ ਕੀਤਾ।
ਅਹੁਦਾ ਸੰਭਾਲਣ ਉਪਰੰਤ ਡਾ. ਅਮਨ ਸੂਦ ਨੇ ਸਿਹਤ ਵਿਭਾਗ ਦੇ ਸਮੂਹ ਪ੍ਰੋਗਰਾਮ ਅਫਸਰਾਂ, ਸੀਨੀਅਰ ਮੈਡੀਕਲ ਅਫਸਰਾਂ ਅਤੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਪਹਿਲੀ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਹਰੇਕ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਮਿਹਨਤ, ਲਗਨ, ਇਮਾਨਦਾਰੀ ਅਤੇ ਜਵਾਬਦੇਹੀ ਨਾਲ ਨਿਭਾਏ, ਤਾਂ ਜੋ ਜ਼ਿਲ੍ਹੇ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ।
ਸਿਵਲ ਸਰਜਨ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਸਾਰੇ ਕੌਮੀ ਅਤੇ ਸੂਬਾਈ ਸਿਹਤ ਪ੍ਰੋਗਰਾਮਾਂ ਦੇ ਨਿਰਧਾਰਤ ਟੀਚਿਆਂ ਦੀ ਪ੍ਰਾਪਤੀ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ, ਲੋੜੀਂਦੀਆਂ ਦਵਾਈਆਂ ਅਤੇ ਬਿਹਤਰ ਸਿਹਤ ਸਹੂਲਤਾਂ ਉਪਲੱਬਧ ਕਰਵਾਉਣਾ ਉਨ੍ਹਾਂ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ।
ਡਾ. ਅਮਨ ਸੂਦ ਨੇ ਕਿਹਾ ਕਿ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਨੂੰ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਜੀ ਦੀ ਧਰਤੀ ’ਤੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਕੈਸ਼ਲੈੱਸ ਇਲਾਜ ਦੀ ਸਹੂਲਤ ਯਕੀਨੀ ਬਣਾਉਣ ਦੇ ਨਾਲ-ਨਾਲ ਜੱਚਾ-ਬੱਚਾ ਸਿਹਤ ਸੇਵਾਵਾਂ, ਨਿਯਮਿਤ ਟੀਕਾਕਰਨ ਪ੍ਰੋਗਰਾਮ ਅਧੀਨ
ਬੱਚਿਆਂ ਤੇ ਗਰਭਵਤੀ ਔਰਤਾਂ ਦਾ ਸੰਪੂਰਨ ਟੀਕਾਕਰਨ ਯਕੀਨੀ ਬਣਾਉਣ, ਆਮ ਆਦਮੀ ਕਲੀਨਿਕਾਂ ਦੇ ਬਿਹਤਰ ਸੰਚਾਲਨ ਅਤੇ ਅਨੀਮੀਆ ਮੁਕਤ ਪੰਜਾਬ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਹੇ ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਮੁਫ਼ਤ ਇਲਾਜ ਅਤੇ ਪੁਨਰਵਾਸ ਸੇਵਾਵਾਂ ਨਾਲ ਜੋੜਨ ਲਈ ਵੀ ਯਤਨ ਤੇਜ਼ ਕੀਤੇ ਜਾਣਗੇ। ਇਸ ਦੇ ਨਾਲ ਹੀ ਮਿਲਾਵਟਖੋਰੀ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕਰਦਿਆਂ ਲੋਕਾਂ ਨੂੰ ਸ਼ੁੱਧ ਅਤੇ ਮਿਆਰੀ ਖਾਣ-ਪੀਣ ਦੀਆਂ ਵਸਤਾਂ ਮੁਹੱਈਆ ਕਰਵਾਉਣ ਨੂੰ ਵੀ ਤਰਜੀਹ ਦਿੱਤੀ ਜਾਵੇਗੀ।
ਸਿਵਲ ਸਰਜਨ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪਹਿਲਾਂ ਹੀ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਿਹਤ ਵਿਭਾਗ ਦੀ ਪੂਰੀ ਟੀਮ ਨਾਲ ਮਿਲ ਕੇ ਕੰਮ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸਿਵਲ ਸਰਜਨ ਦਫ਼ਤਰ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਆਪਣੇ ਕੰਮਾਂ ਲਈ ਆਉਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।