ਸੁਨਾਮ ਊਧਮ ਸਿੰਘ ਵਾਲਾ (ਰਮੇਸ਼ ਗਰਗ) : ਨਗਰ ਕੌਂਸਲ ਸੁਨਾਮ ਦੀਆਂ ਚੋਣਾਂ ਦੌਰਾਨ ਵਾਰਡ ਨੰਬਰ 9 ਤੋਂ ਮਿਲੀ ਇਤਿਹਾਸਕ ਜਿੱਤ ਦੀ ਖੁਸ਼ੀ ਸਾਂਝੀ ਕਰਨ ਅਤੇ ਸਮੂਹ ਵਾਰਡ ਵਾਸੀਆਂ ਵੱਲੋਂ ਦਿੱਤੇ ਪਿਆਰ, ਸਹਿਯੋਗ ਅਤੇ ਵਿਸ਼ਵਾਸ ਲਈ ਧੰਨਵਾਦ ਪ੍ਰਗਟ ਕਰਨ ਹਿੱਤ ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਸ੍ਰੀ ਮੁਕੇਸ਼ ਜੁਨੇਜਾ ਅਤੇ ਉਨ੍ਹਾਂ ਦੇ ਮਾਤਾ ਜੀ, ਵਾਰਡ ਨੰਬਰ 9 ਦੀ ਨਗਰ ਕੌਂਸਲਰ ਸ਼੍ਰੀਮਤੀ ਸ਼ਸ਼ੀ ਬਾਲਾ ਵੱਲੋਂ ਸ੍ਰੀ ਹਰਿ ਕੀਰਤਨ ਦਾ ਸ਼ਰਧਾ ਅਤੇ ਉਤਸ਼ਾਹ ਨਾਲ ਆਯੋਜਨ ਕੀਤਾ ਗਿਆ।
ਇਸ ਧਾਰਮਿਕ ਸਮਾਗਮ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਆਪਣੀ ਧਰਮਪਤਨੀ ਸ਼੍ਰੀਮਤੀ ਸਬੀਨਾ ਅਰੋੜਾ ਅਤੇ ਭੈਣ ਨੀਨਾ ਦੀਦੀ ਸਮੇਤ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਪ੍ਰਸਿੱਧ ਭਜਨ ਗਾਇਕਾ ਪੂਜਾ ਸਖੀ ਨੇ ਆਪਣੀ ਸੁਰੀਲੀ ਭਜਨ ਗਾਇਕੀ ਰਾਹੀਂ ਸੰਗਤਾਂ ਨੂੰ ਭਗਤੀ ਰਸ ਨਾਲ ਜੋੜਦਿਆਂ ਨਿਹਾਲ ਕੀਤਾ।
ਸਮਾਗਮ ਦੌਰਾਨ ਸ੍ਰੀ ਅਮਨ ਅਰੋੜਾ ਨੇ ਵਾਰਡ ਨੰਬਰ 9 ਦੇ ਵਸਨੀਕਾਂ ਵੱਲੋਂ ਮਿਲੇ ਪਿਆਰ, ਸਤਿਕਾਰ ਅਤੇ ਵਿਸ਼ਵਾਸ ਲਈ ਸਮੂਹ ਵਾਰਡ ਵਾਸੀਆਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤਾ ਗਿਆ ਸਹਿਯੋਗ ਇੱਕ ਵੱਡੀ ਜ਼ਿੰਮੇਵਾਰੀ ਵੀ ਹੈ ਅਤੇ ਉਹ ਹਲਕਾ ਸੁਨਾਮ ਦੇ ਵਿਕਾਸ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਹਲਕੇ ਦੇ ਵਿਕਾਸ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਣ ਲਈ ਲੋਕਾਂ ਦੇ ਸਹਿਯੋਗ ਦੀ ਅਪੀਲ ਕੀਤੀ।
ਇਸ ਮੌਕੇ ਮੁਕੇਸ਼ ਜੁਨੇਜਾ ਅਤੇ ਸ਼੍ਰੀਮਤੀ ਸ਼ਸ਼ੀ ਬਾਲਾ ਨੇ ਕਿਹਾ ਕਿ ਵਾਰਡ ਵਾਸੀਆਂ ਵੱਲੋਂ ਮਿਲਿਆ ਭਰਪੂਰ ਸਮਰਥਨ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਇਹ ਜਿੱਤ ਸਮੂਹ ਵਾਰਡ ਵਾਸੀਆਂ ਦੇ ਪਿਆਰ ਅਤੇ ਵਿਸ਼ਵਾਸ ਦੀ ਜਿੱਤ ਹੈ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਵਾਰਡ ਦੀ ਬਿਹਤਰੀ ਅਤੇ ਲੋਕਾਂ ਦੀ ਸੇਵਾ ਲਈ ਸਮਰਪਿਤ ਰਹਿਣ ਦਾ ਭਰੋਸਾ ਦਿੱਤਾ।
ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਵਾਰਡ ਵਾਸੀਆਂ, ਇਲਾਕਾ ਨਿਵਾਸੀਆਂ ਅਤੇ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ। ਸਮੁੱਚਾ ਮਾਹੌਲ ਭਗਤੀ, ਸ਼ਰਧਾ ਅਤੇ ਖੁਸ਼ੀ ਨਾਲ ਭਰਪੂਰ ਰਿਹਾ।