ਨਵੀਂ ਦਿੱਲੀ : ਸੰਸਦੀ ਕਾਰਜ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ ਕਿਹਾ ਕਿ ਸਰਕਾਰ ਦੇਸ਼ ਭਰ 'ਚ ਹੋ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨਾਂ ਅਤੇ ਇਸ ਨਾਲ ਸਬੰਧਤ ਗਤੀਵਿਧੀਆਂ 'ਤੇ ਵਿਸਥਾਰਤ ਚਰਚਾ ਲਈ ਤਿਆਰ ਹੈ, ਪਰ ਵਿਰੋਧੀ ਧਿਰ ਨੂੰ ਸ਼ਾਂਤੀ ਨਾਲ ਜਵਾਬ ਸੁਣਨਾ ਹੋਵੇਗਾ। ਰਿਜਿਜੂ ਨੇ ਸੰਸਦ ਕੰਪਲੈਕਸ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਨੇ ਵਿਰੋਧੀ ਧਿਰ ਨੂੰ ਸਪੱਸ਼ਟ ਤੌਰ 'ਤੇ ਪੇਸ਼ਕਸ਼ ਕੀਤੀ ਹੈ ਕਿ ਉਹ ਵਿਦਿਆਰਥੀ ਵਿਰੋਧ ਪ੍ਰਦਰਸ਼ਨਾਂ ਅਤੇ ਇਸ ਨਾਲ ਸਬੰਧਤ ਗਤੀਵਿਧੀਆਂ 'ਤੇ ਵਿਸਥਾਰਤ ਚਰਚਾ ਲਈ ਤਿਆਰ ਹੈ।
ਉਨ੍ਹਾਂ ਕਿਹਾ,"ਮੈਂ ਸਿਰਫ਼ ਵਿਰੋਧੀ ਧਿਰ ਨੂੰ ਇਹ ਕਹਿਣਾ ਚਾਹੁੰਦਾ ਹਾਂ ਕਿ ਜਦੋਂ ਚਰਚਾ ਦਾ ਜਵਾਬ ਦਿੱਤਾ ਜਾ ਰਿਹਾ ਹੋਵੇ, ਉਦੋਂ ਉਨ੍ਹਾਂ ਨੂੰ ਸਦਨ 'ਚ ਵਿਘਨ ਪੈਦਾ ਨਹੀਂ ਕਰਨਾ ਚਾਹੀਦਾ ਤਾਂ ਕਿ ਸਦਨ ਦਾ ਧਿਆਨ ਭਟਕੇ ਨਾ ਅਤੇ ਮਾਣਯੋਗ ਗ੍ਰਹਿ ਮੰਤਰੀ ਦੇ ਬਿਆਨ 'ਚ ਵਿਘਨ ਨਾ ਪਵੇ।" ਸੰਸਦੀ ਕਾਰਜ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਨੂੰ ਗ੍ਰਹਿ ਮੰਤਰੀ ਅਤੇ ਸਰਕਾਰ ਦੇ ਜਵਾਬ ਨੂੰ ਸੁਣਨਾ ਚਾਹੀਦਾ ਹੈ ਅਤੇ ਇਸ ਮੁੱਦੇ 'ਤੇ "ਵਿਸਤਾਰ ਨਾਲ ਚਰਚਾ" ਹੋਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਚਰਚਾ ਤੋਂ ਬਾਅਦ ਜਵਾਬ ਦੌਰਾਨ ਵਿਰੋਧੀ ਧਿਰ ਦਾ ਸਦਨ ਤੋਂ ਵਾਕਆਊਟ ਕਰਨਾ ਸਵੀਕਾਰਯੋਗ ਨਹੀਂ ਹੋਵੇਗਾ।