ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਰਿਹਾਇਸ਼ੀ ਅਤੇ ਕਮਰਸ਼ੀਅਲ ਇਮਾਰਤਾਂ 'ਤੇ ਲੱਗਣ ਵਾਲੇ ਪ੍ਰਾਪਰਟੀ ਟੈਕਸ ਵਿਚ ਵਾਧਾ ਕਰ ਦਿੱਤਾ ਹੈ। ਇਹ ਵਾਧਾ 5 ਫੀਸਦੀ ਦੇ ਹਿਸਾਬ ਨਾਲ ਕੀਤਾ ਗਿਆ ਹੈ। ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਜਾਰੀ ਹੁਕਮਾਂ ਮੁਤਾਬਕ ਨਵੀਂਆਂ ਦਰਾਂ 1 ਅਪ੍ਰੈਲ 2025 ਤੋਂ ਲਾਗੂ ਹੋ ਚੁੱਕੀਆਂ ਹਨ। ਸਰਕਾਰੀ ਅਧਿਕਾਰੀਆਂ ਮੁਤਾਬਕ ਇਹ ਵਾਧਾ ਸ਼ਹਿਰੀ ਪੱਧਰ 'ਤੇ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਲਈ ਹੋ ਰਹੀ ਆਮਦਨ ਦੀ ਘਾਟ ਨੂੰ ਧਿਆਨ ਵਿਚ ਰੱਖਦੇ ਹੋਏ ਕੀਤਾ ਗਿਆ ਹੈ।
ਨਵੀਆਂ ਟੈਕਸ ਦਰਾਂ ਤਹਿਤ, ਰਿਹਾਇਸ਼ੀ ਅਤੇ ਵਪਾਰਕ ਦੋਵਾਂ ਤਰ੍ਹਾਂ ਦੀਆਂ ਜਾਇਦਾਦਾਂ ਉੱਤੇ ਪਿਛਲੇ ਦਰ ਨਾਲੋਂ 5 ਫੀਸਦੀ ਵਧੀ ਹੋਈ ਰਕਮ ਲਾਗੂ ਹੋਵੇਗੀ। ਸਰਕਾਰੀ ਬੁਲਾਰਿਆਂ ਦਾ ਆਖਣਾ ਹੈ ਕਿ ਭਾਵੇਂ ਸਰਕਾਰ ਨੇ ਪ੍ਰਾਪਰਟੀ ਟੈਕਸ ਵਿਚ ਵਾਧਾ ਕੀਤਾ ਹੈ ਪਰ ਬਾਕੀ ਸੂਬਿਆਂ ਨੂੰ ਦੇਖਿਆ ਜਾਵੇ ਤਾਂ ਉਨ੍ਹਾਂ ਦੇ ਮੁਕਾਬਲੇ ਪੰਜਾਬ ਵਿਚ ਇਹ ਟੈਕਸ ਕਾਫੀ ਘੱਟ ਹੈ।