ਫਤਿਹਗੜ੍ਹ ਸਾਹਿਬ : ਫਤਿਹਗੜ੍ਹ ਸਾਹਿਬ ਵਿਖੇ 25 ਤੋਂ 27 ਦਸੰਬਰ ਨੂੰ ਸ਼ਹੀਦੀ ਸਭਾ ਦੇ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਬਚਤ ਭਵਨ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਪ੍ਰਸ਼ਾਸਨ ਨਾਲ ਇਕ ਮੀਟਿੰਗ ਕੀਤੀ ਗਈ। ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਵੱਡੀ ਗਿਣਤੀ ਵਿੱਚ ਆਉਣ ਵਾਲੀਆਂ ਸੰਗਤਾਂ ਲਈ ਸਿਹਤ ਵਿਭਾਗ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 24 ਘੰਟੇ ਸਿਹਤ ਸੇਵਾਵਾਂ ਉਪਲੱਬਧ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸੰਗਤਾਂ ਨੂੰ ਮੁਫ਼ਤ ਦਵਾਈਆਂ ਉਪਲੱਬਧ ਕਰਵਾਈਆਂ ਜਾਣਗੀਆਂ।
ਇਸ ਲਈ ਇਨ੍ਹਾਂ ਦਵਾਈਆਂ ਅਤੇ ਲੋੜੀਂਦੇ ਸਟਾਫ਼ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਨਿੱਕੀ ਉਮਰ ਵਿੱਚ ਮਹਾਨ ਕੁਰਬਾਨੀ ਦਿੱਤੀ, ਜਿਸ ਦੀ ਮਿਸਾਲ ਦੁਨੀਆ ਦੇ ਕਿਸੇ ਵੀ ਇਤਿਹਾਸ ਵਿੱਚ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਹਰ ਸਾਲ ਸ਼ਹੀਦੀ ਸਭਾ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਸੰਗਤ ਇਸ ਸਥਾਨ 'ਤੇ ਆਉਂਦੀ ਹੈ।