ਬਟਾਲਾ : ਬਟਾਲਾ ਦੇ ਦੇਸ ਰਾਜ ਹੈਰੀਟੇਜ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਵੱਲੋਂ ਤੁਰੰਤ ਸਿੱਖਿਆ ਵਿਭਾਗ ਅਤੇ ਪੁਲਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਪੁਲਸ ਵੱਲੋਂ ਬੰਬ ਨਿਰੋਧਕ ਦਸਤਾ ਮੌਕੇ ‘ਤੇ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਸਕੂਲ ਪ੍ਰਸ਼ਾਸਨ ਨੇ ਦੱਸਿਆ ਕਿ ਜਦੋਂ ਇਹ ਈਮੇਲ ਮਿਲੀ ਤਾਂ ਕੁਝ ਸਮੇਂ ਲਈ ਸਕੂਲ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਸੀ। ਉਨ੍ਹਾਂ ਕਿਹਾ ਕਿ ਜਿਵੇਂ ਹੀ ਪੁਲਸ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ, ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਸਕੂਲ ਪਰਿਸਰ ਦੀ ਤਲਾਸ਼ੀ ਸ਼ੁਰੂ ਕਰ ਦਿੱਤੀ।
ਦੂਜੇ ਪਾਸੇ ਪੁਲਸ ਅਧਿਕਾਰੀ ਨੇ ਕਿਹਾ ਕਿ ਜਿਵੇਂ ਹੀ ਈਮੇਲ ਰਾਹੀਂ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਸੂਚਨਾ ਪ੍ਰਾਪਤ ਹੋਈ, ਪੁਲਸ ਪਾਰਟੀ ਅਤੇ ਬੰਬ ਨਿਰੋਧਕ ਦਸਤਾ ਤੁਰੰਤ ਮੌਕੇ ‘ਤੇ ਭੇਜ ਦਿੱਤਾ ਗਿਆ ਅਤੇ ਸਕੂਲ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜੋ ਵੀ ਬਣਦੀ ਕਾਨੂੰਨੀ ਕਾਰਵਾਈ ਹੋਵੇਗੀ, ਉਹ ਕੀਤੀ ਜਾਵੇਗੀ।