ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਏ. ਆਈ. ਸੀ. ਸੀ. ਦੇ ਜਨਰਲ ਸਕੱਤਰ ਸਚਿਨ ਪਾਇਲਟ 16 ਤੋਂ 20 ਅਕਤੂਬਰ ਤੱਕ ਪੰਜਾਬ ਦੇ 5 ਦਿਨਾਂ ਦੌਰੇ ’ਤੇ ਰਹਿਣਗੇ। ਇਸ ਦੌਰਾਨ ਉਹ ਗੈਂਗਸਟਰ ਹਿੰਸਾ 'ਚ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਡੀਆ ਸੈੱਲ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਇਸ ਦੌਰੇ ਦਾ ਮੁੱਖ ਮਕਸਦ ਹਿੰਸਕ ਘਟਨਾਵਾਂ ਦੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨਾ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਉਨ੍ਹਾਂ ਦੀ ਆਵਾਜ਼ ਬੁਲੰਦ ਕਰਨਾ ਹੈ। ਸਚਿਨ ਪਾਇਲਟ ਵੱਖ-ਵੱਖ ਜ਼ਿਲ੍ਹਿਆਂ 'ਚ ਪੀੜਤ ਪਰਿਵਾਰਾਂ ਦੇ ਘਰ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਹ ਅਪਰਾਧਾਂ ਨਾਲ ਜੁੜੇ ਮਾਮਲਿਆਂ ਅਤੇ ਪੁਲਸ ਅਤੇ ਸੂਬਾ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਬਾਰੇ ਵੀ ਜਾਣਕਾਰੀ ਲੈਣਗੇ।
ਪਾਰਟੀ ਅਨੁਸਾਰ ਕਈ ਮਾਮਲਿਆਂ 'ਚ ਕਤਲਾਂ ਦੀ ਜ਼ਿੰਮੇਵਾਰੀ ਗੈਂਗਾਂ ਵੱਲੋਂ ਲਈ ਗਈ ਹੈ ਜਾਂ ਇਨ੍ਹਾਂ ਦਾ ਸਬੰਧ ਸੰਗਠਿਤ ਅਪਰਾਧੀ ਗਿਰੋਹਾਂ ਨਾਲ ਜੋੜਿਆ ਗਿਆ ਹੈ। ਕਾਂਗਰਸ ਦਾ ਦਾਅਵਾ ਹੈ ਕਿ ਕਈ ਪਰਿਵਾਰ ਮਹੀਨਿਆਂ ਤੋਂ ਅਤੇ ਕੁੱਝ ਸਾਲਾਂ ਤੋਂ ਮੁਲਜ਼ਮਾਂ ਦੀਆਂ ਗ੍ਰਿਫ਼ਤਾਰੀਆਂ, ਚਾਰਜਸ਼ੀਟਾਂ ਅਤੇ ਨਿਰਪੱਖ ਸੁਣਵਾਈ ਦੀ ਉਡੀਕ ਕਰ ਰਹੇ ਹਨ।
ਸਚਿਨ ਪਾਇਲਟ ਦੇ ਇਸ ਦੌਰੇ ਦੌਰਾਨ ਮੋਗਾ, ਬਠਿੰਡਾ, ਮਾਨਸਾ, ਲੁਧਿਆਣਾ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਅੰਮ੍ਰਿਤਸਰ ਸਮੇਤ ਕਈ ਜ਼ਿਲ੍ਹਿਆਂ ਨੂੰ ਕਵਰ ਕੀਤਾ ਜਾਵੇਗਾ। ਕਾਂਗਰਸ ਨੇ ਕਿਹਾ ਹੈ ਕਿ ਪੀੜਤ ਪਰਿਵਾਰਾਂ ਦੀ ਇਨਸਾਫ਼ ਦੀ ਮੰਗ ਨੂੰ ਲੋਕਾਂ ਅਤੇ ਸੂਬਾ ਸਰਕਾਰ ਤੱਕ ਪਹੁੰਚਾਇਆ ਜਾਵੇਗਾ। ਲੋੜ ਪੈਣ ’ਤੇ ਇਨ੍ਹਾਂ ਮਾਮਲਿਆਂ ਨੂੰ ਅਦਾਲਤਾਂ 'ਚ ਵੀ ਉਠਾਇਆ ਜਾਵੇਗਾ।