ਮਾਨਸਾ : ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਮਾਮਲੇ 'ਚ ਸਰਕਾਰ ਵੱਲੋਂ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦਾ ਮੁਆਵਜ਼ਾ ਅਤੇ ਉਸ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਐਲਾਨ ਤੋਂ ਬਾਅਦ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਭੀਮ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਕੋਈ ਲਾਲਚ ਨਹੀਂ ਹੈ। ਇਹ ਫੈਸਲਾ ਨਾ ਪਰਿਵਾਰ ਨੇ ਲਿਆ ਅਤੇ ਨਾ ਹੀ ਬਾਪੂ ਨੇ ਫੈਸਲਾ ਲਿਆ ਹੈ। ਇਹ ਤਾਂ ਪਰਿਵਾਰ ਵੱਲੋਂ ਚੁਣੀ ਗਈ ਐਕਸ਼ਨ ਕਮੇਟੀ ਨੇ ਫੈਸਲਾ ਲਿਆ ਹੈ।
ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੇ ਮਾਮਲੇ ਵਿਚ ਪੰਜਾਬ ਸਰਕਾਰ ਅਤੇ ਐਕਸ਼ਨ ਕਮੇਟੀ ਦੇ ਆਗੂਆਂ ਵਿਚਾਲੇ ਉੱਚ-ਪੱਧਰੀ ਬੈਠਕ ਹੋਈ। ਇਸ ਦੌਰਾਨ ਸਰਕਾਰ ਵੱਲੋਂ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦਾ ਮੁਆਵਜ਼ਾ ਅਤੇ ਉਸ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦਲਜੀਤ ਸਿੰਘ ਦੀ ਪਤਨੀ (ਪਿੰਡ ਧਾਮੇਂ ਕਲਾਂ) ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਅਤੇ ਗ੍ਰੈਜੂਏਸ਼ਨ ਪੂਰੀ ਹੋਣ ਤੋਂ ਬਾਅਦ ਡੀ.ਸੀ. ਦਫ਼ਤਰ ਮਾਨਸਾ ਵਿੱਚ ਸਰਕਾਰੀ ਨੌਕਰੀ ਦਿੱਤੀ ਜਾਵੇਗੀ।
ਦੂਜੇ ਪਾਸੇ ਘਟਨਾ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਉਨ੍ਹਾਂ ਦਾ ਇਲਾਜ ਸਰਕਾਰੀ ਖ਼ਰਚੇ 'ਤੇ ਕਰਵਾਇਆ ਜਾਵੇਗਾ। ਸਰਕਾਰ ਵੱਲੋਂ ਮੰਗਾਂ ਮੰਨੇ ਜਾਣ ਤੋਂ ਬਾਅਦ ਕਮੇਟੀ ਆਗੂ ਕਾਮਰੇਡ ਰਾਜਵਿੰਦਰ ਰਾਣਾ ਨੇ ਜਾਣਕਾਰੀ ਦਿੱਤੀ ਕਿ 5 ਤਾਰੀਖ਼ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਕੀਤਾ ਜਾਣ ਵਾਲਾ ਘਿਰਾਓ ਰੱਦ ਕਰ ਦਿੱਤਾ ਗਿਆ ਹੈ। ਕਮੇਟੀ ਆਗੂਆਂ ਨੇ ਸਪੱਸ਼ਟ ਕੀਤਾ ਕਿ ਪਰਵਿੰਦਰ ਸਿੰਘ ਝੋਟੇ ਦਾ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਉਦੋਂ ਹੀ ਕੀਤਾ ਜਾਵੇਗਾ, ਜਦੋਂ ਸਰਕਾਰ ਧਾਰਾ 307 ਤਹਿਤ ਦਰਜ ਪਰਚਾ ਰੱਦ ਕਰੇਗੀ ਅਤੇ ਲੱਖਾ ਸਿਧਾਣਾ ਸਮੇਤ ਬਾਕੀ ਸਾਥੀਆਂ ਨੂੰ ਰਿਹਾਅ ਕਰੇਗੀ। ਬੈਠਕ ਵਿਚ 15 'ਚੋਂ 14 ਮੰਗਾਂ ਮਨਜ਼ੂਰ ਕਰ ਲਈਆਂ ਗਈਆਂ ਹਨ।