ਖਰੜ (ਪ੍ਰੀਤ ਪੱਤੀ) : ਖਰੜ ਸ਼ਹਿਰ ਵਿੱਚ ਅਵਾਰਾ ਕੁੱਤਿਆਂ ਦੀ ਵੱਧ ਰਹੀ ਸਮੱਸਿਆ ਨੂੰ ਲੈ ਕੇ ਲੰਬੇ ਸਮੇਂ ਤੋਂ ਆਵਾਜ਼ ਬੁਲੰਦ ਕਰ ਰਹੇ ਵਾਰਡ ਨੰਬਰ 12 ਦੇ ਸਾਬਕਾ ਕੌਂਸਲਰ ਰਾਜਵੀਰ ਸਿੰਘ ਰਾਜੀ ਦੀ ਲਗਾਤਾਰ ਮਿਹਨਤ ਨੂੰ ਬੂਰ ਪਿਆ ਹੈ। ਉਨ੍ਹਾਂ ਵੱਲੋਂ ਲਗਾਤਾਰ ਕੀਤੇ ਜਾ ਰਹੇ ਯਤਨਾਂ ਅਤੇ ਨਗਰ ਕੌਂਸਲ ਦੇ ਧਿਆਨ ਵਿੱਚ ਮਾਮਲਾ ਲਿਆਉਣ ਤੋਂ ਬਾਅਦ ਖਰੜ ਸ਼ਹਿਰ ਵਿੱਚ ਐਨੀਮਲ ਬਰਥ ਕੰਟਰੋਲ (ABC) ਤਹਿਤ ਅਵਾਰਾ ਕੁੱਤਿਆਂ ਦੀ ਨਸਬੰਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਮੌਕੇ ਰਾਜਵੀਰ ਸਿੰਘ ਰਾਜੀ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਅਵਾਰਾ ਕੁੱਤਿਆਂ ਦੀ ਵੱਧ ਰਹੀ ਗਿਣਤੀ ਕਾਰਨ ਆਮ ਲੋਕਾਂ, ਖ਼ਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਸਮੱਸਿਆ ਦੇ ਪੱਕੇ ਹੱਲ ਲਈ ਉਹ ਲਗਾਤਾਰ ਸਬੰਧਤ ਅਧਿਕਾਰੀਆਂ ਅਤੇ ਨਗਰ ਕੌਂਸਲ ਦੀਆਂ ਮੀਟਿੰਗਾਂ ਵਿੱਚ ਇਹ ਮੁੱਦਾ ਉਠਾਉਂਦੇ ਰਹੇ ਹਨ।
ਉਨ੍ਹਾਂ ਨਗਰ ਕੌਂਸਲ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਮੁਹਿੰਮ ਸਿਰਫ਼ ਕੁਝ ਇਲਾਕਿਆਂ ਤੱਕ ਸੀਮਤ ਨਾ ਰਹੇ, ਸਗੋਂ ਪੂਰੇ ਖਰੜ ਸ਼ਹਿਰ ਵਿੱਚ ਲਗਾਤਾਰ ਚਲਾਈ ਜਾਵੇ, ਤਾਂ ਜੋ ਅਵਾਰਾ ਕੁੱਤਿਆਂ ਦੀ ਗਿਣਤੀ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਇਆ ਜਾ ਸਕੇ ਅਤੇ ਸ਼ਹਿਰ ਵਾਸੀਆਂ ਨੂੰ ਰਾਹਤ ਮਿਲ ਸਕੇ।
ਰਾਜਵੀਰ ਸਿੰਘ ਰਾਜੀ ਨੇ ਨਗਰ ਕੌਂਸਲ ਅਤੇ ਸਬੰਧਤ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਹੀ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਆਪਣਾ ਸਹਿਯੋਗ ਦੇਣ।