ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਹਤ ਵਿਭਾਗ ਗੁਆਂਢੀ ਰਾਜਾਂ ਸਮੇਤ ਸੂਬੇ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹਾਂ ਦੇ ਸੰਭਾਵਿਤ ਖ਼ਤਰੇ ਨਾਲ ਨਜਿੱਠਣ ਦੌਰਾਨ ਐਮਰਜੈਂਸੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਨਾਲ ਮੁਸਤੈਦ ਹੈ ਤਾਂ ਜੋ ਆਮ ਲੋਕਾਂ ਦੀ ਸਿਹਤ ਨੂੰ ਨੁਕਸਾਨ ਹੋਣ ਤੋਂ ਰੋਕਿਆ ਜਾ ਸਕੇ।
ਇਹ ਪ੍ਰਗਟਾਵਾ ਸਹਾਇਕ ਸਿਵਲ ਸਰਜਨ ਡਾ. ਬਲਬੀਰ ਕੁਮਾਰ ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਬੁਰਜ ਟਹਿਲ ਦਾਸ ਦਾ ਦੌਰਾ ਕਰਕੇ ਦਰਿਆ ਦੇ ਬੰਨ੍ਹਾਂ ਦੀ ਮੌਜੂਦਾ ਸਥਿਤੀ ਤੇ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਗੁਆਂਢੀ ਰਾਜਾਂ ਸਮੇਤ ਸੂਬੇ ਵਿੱਚ ਲਗਾਤਾਰ ਭਾਰੀ ਵਰਖਾ ਹੋ ਰਹੀ ਹੈ। ਇਸ ਲਈ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਜੇਕਰ ਹੜ੍ਹਾਂ ਵਰਗੇ ਹਾਲਾਤ ਬਣਦੇ ਹਨ ਤਾਂ ਸਿਹਤ ਵਿਭਾਗ ਐਮਰਜੈਂਸੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਨਾਲ ਮੁਸਤੈਦ ਹੈ।
ਉਨ੍ਹਾਂ ਦੱਸਿਆ ਕਿ ਐਮਰਜੈਸੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਅਤੇ ਪ੍ਰਭਾਵਿਤ ਇਲਾਕਿਆਂ ਵਿੱਚ ਰੋਜ਼ਾਨਾ ਸਿਹਤ ਜਾਂਚ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਕੁਦਰਤੀ ਆਫਤ ਵਿਚ ਲੋਕਾਂ ਨੂੰ ਆਪਣੀ ਸਿਹਤ ਨੂੰ ਲੈ ਕੇ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਉਨ੍ਹਾਂ ਪਿੰਡਾਂ ਦੇ ਵਸਨੀਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਿਹਤ ਸਬੰਧੀ ਸਮੱਸਿਆਵਾਂ ਸੁਣੀਆਂ। ਉਨ੍ਹਾਂ ਪਿੰਡ ਵਾਲਿਆਂ ਨਾਲ ਜੀਵਾਣੂਆਂ ਤੇ ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ, ਇੰਫੈਕਸ਼ਨ ਤੋਂ ਬਚਾਅ ਕਰਨ ਦੇ ਨੁਕਤੇ ਸਾਂਝੇ ਕੀਤੇ।
ਇਸ ਮੌਕੇ ਹੋਰਨਾਂ ਤੋੰ ਇਲਾਵਾ ਮਪਹਸ ਜੋਗਿੰਦਰਪਾਲ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।