ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਮਾਣਯੋਗ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਹਸਪਤਾਲ, ਨਵਾਂਸਹਿਰ ਵਿਖੇ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਨੇ ਜ਼ਿਲ੍ਹਾ ਹਸਪਤਾਲ, ਨਵਾਂਸਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨਾਲ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਿਚਾਰ-ਵਟਾਂਦਰਾ ਕਰਦੇ ਹੋਏ ਜ਼ਰੂਰੀ ਸੁਝਾਅ ਸਾਂਝੇ ਕੀਤੇ ਤਾਂ ਜੋ ਕਿਸੇ ਵੀ ਮਰੀਜ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਡਾ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਜ਼ਿਲ੍ਹੇ ਵਿੱਚ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਹਮੇਸ਼ਾ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।