ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲੇ ਵਿਚ 100 ਸਾਲ ਪੁਰਾਣੀ ਮਸਜਿਦ ਨੂੰ ਢਾਹੇ ਜਾਣ ਦੇ ਮਾਮਲੇ ਵਿਚ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਸੋਮਵਾਰ ਨੂੰ ਇਨਕਾਰ ਕਰ ਦਿੱਤਾ। ਪਟੀਸ਼ਨ ਵਿਚ ਦੋਸ਼ ਲਗਾਇਆ ਗਿਆ ਸੀ ਕਿ ਮਸਜਿਦ ਨੂੰ ਢਾਹ ਕੇ ਸੁਪਰੀਮ ਕੋਰਟ ਦੇ ਸਾਲ 2024 ਦੇ ਉਸ ਇਤਿਹਾਸਕ ਫੈਸਲੇ ਵਿਚ ਤੈਅ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕੀਤੀ ਗਈ ਹੈ, ਜਿਸ ਵਿਚ ਬੁਲਡੋਜ਼ਰ ਕਾਰਵਾਈ ਨੂੰ ਲੈ ਕੇ ਨਿਯਮ ਨਿਰਧਾਰਤ ਕੀਤੇ ਗਏ ਸਨ।
ਚੀਫ਼ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਜੋਏਮਾਲਿਆ ਬਾਗਚੀ ਤੇ ਜਸਟਿਸ ਵੀ. ਮੋਹਨਾ ਦੀ ਬੈਂਚ ਇਮਰਾਨ ਅਹਿਮਦ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਸਕੱਤਰ ਸ਼ਸ਼ੀ ਪ੍ਰਕਾਸ਼ ਗੋਇਲ ਖ਼ਿਲਾਫ ਦਾਇਰ ਪਟੀਸ਼ਨ ’ਤੇ ਸੁਣਵਾਈ ਕਰ ਰਿਹਾ ਸੀ। ਇਸ ਵਿਚ ਦੋਸ਼ ਲਗਾਇਆ ਗਿਆ ਸੀ ਕਿ ਸੂਬਾ ਸਰਕਾਰ ਨੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ। ਬੈਂਚ ਨੇ ਮਾਮਲੇ ਵਿਚ ਸਿੱਧਾ ਦਖ਼ਲ ਦੇਣ ਤੋਂ ਇਨਕਾਰ ਕਰਦਿਆਂ ਪਟੀਸ਼ਨਰ ਨੂੰ ਇਲਾਹਾਬਾਦ ਹਾਈ ਕੋਰਟ ਦਾ ਰੁਖ਼ ਕਰਨ ਲਈ ਕਿਹਾ।
ਚੀਫ਼ ਜਸਟਿਸ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਦੀ ਉਲੰਘਣਾ ਕਰਨ ਵਾਲੇ ਹਰੇਕ ਹੁਕਮ ਨੂੰ ਸਿੱਧਾ ਸੁਪਰੀਮ ਕੋਰਟ ਵਿਚ ਚੁਣੌਤੀ ਨਹੀਂ ਦਿੱਤੀ ਜਾ ਸਕਦੀ। ਚੀਫ਼ ਜਸਟਿਸ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਦੀ ਉਲੰਘਣਾ ਕਰਨ ਵਾਲਾ ਹਰ ਹੁਕਮ ਸਿੱਧਾ ਸਾਡੇ ਕੋਲ ਨਹੀਂ ਆ ਸਕਦਾ। ਤੁਹਾਨੂੰ ਸਬੰਧਤ ਹਾਈ ਕੋਰਟ ਜਾਣਾ ਪਵੇਗਾ। ਬੈਂਚ ਨੇ ਕਿਹਾ ਕਿ ਬੁਲਡੋਜ਼ਰ ਕਾਰਵਾਈ ਨਾਲ ਜੁੜੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੋਈ ਹੈ ਜਾਂ ਨਹੀਂ, ਇਹ ਤੈਅ ਕਰਨ ਲਈ ਮਾਮਲੇ ਦੇ ਤੱਥਾਂ ਅਤੇ ਹਾਲਾਤ ਦੀ ਜਾਂਚ ਜ਼ਰੂਰੀ ਹੈ, ਜੋ ਸਬੰਧਤ ਹਾਈ ਕੋਰਟ ਦਾ ਕੰਮ ਹੈ।