ਗੁਰਦਾਸਪੁਰ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ ਜ਼ਿਲ੍ਹੇ ਵਿੱਚ 5 ਡਰੋਨ ਸ਼ੋਅ ਕਰਵਾਏ ਜਾਣਗੇ। ਇਹ ਜਾਣਕਾਰੀ ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਵੱਲੋਂ ਕਾਨਫਰੈਂਸ ਹਾਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਦੌਰਾਨ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਗੁਰਦਾਸਪੁਰ ਵਿਖੇ 5 ਡਰੋਨ ਸ਼ੋਅ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ 28 ਸਤੰਬਰ ਨੂੰ ਗੁਰਦਾਸਪੁਰ ਵਿਖੇ, 29 ਸਤੰਬਰ ਨੂੰ ਦੀਨਾਨਗਰ ਵਿਖੇ, 30 ਸਤੰਬਰ ਨੂੰ ਕਾਦੀਆਂ ਵਿਖੇ, 1 ਅਕਤੂਬਰ ਨੂੰ ਬਟਾਲਾ ਅਤੇ 2 ਅਕਤੂਬਰ ਨੂੰ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਡਰੋਨ ਸ਼ੋਅ ਕਰਵਾਇਆ ਜਾਵੇਗਾ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੁਲਸ, ਪਾਵਰਕਾਮ, ਫਾਇਰ ਬ੍ਰਿਗੇਡ, ਸਿਹਤ, ਪੀ.ਡਬਲਿਊ.ਡੀ, ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਮੰਡੀ ਬੋਰਡ, ਮਾਰਕਿਟ ਕਮੇਟੀਆਂ ਸਮੇਤ ਵੱਖ-ਵੱਖ ਵਿਭਾਗਾਂ ਨੂੰ ਡਰੋਨ ਸ਼ੋਅ ਸਬੰਧੀ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਡਰੋਨ ਸ਼ੋਅ ਵਿਚ ਸ਼ਾਨਦਾਰ ਦ੍ਰਿਸ਼ਾ ਦੇ ਜਰੀਏ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ਨੂੰ ਪੇਸ਼ ਕੀਤਾ ਜਾਵੇਗਾ। ਡਰੋਨ ਸ਼ੋਅ ਸ਼ਾਮ ਦੇ ਸਮੇਂ ਕਰਵਾਏ ਜਾਣਗੇ। ਇਸ ਮੌਕੇ ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ ), ਕੁਲਦੀਪ ਚੰਦ ਸਹਾਇਕ ਕਮਿਸ਼ਨਰ (ਜ), ਅਸ਼ੋਕ ਕੁਮਾਰ ਐੱਸ.ਡੀ.ਐਮ ਗੁਰਦਾਸਪੁਰ, ਸਾਰੰਗਪ੍ਰੀਤ ਸਿੰਘ ਔਜਲਾ ਐੱਸ.ਡੀ.ਐਮ ਬਟਾਲਾ, ਗਗਨਦੀਪ ਸਿੰਘ ਐੱਸ.ਡੀ.ਐਮ ਦੀਨਾਨਗਰ, ਪ੍ਰੋਫੈਸਰ ਰਾਜ ਕੁਮਾਰ ਸ਼ਰਮਾ ਸਕੱਤਰ ਜ਼ਿਲ੍ਹਾ ਹੈਰੀਟੇਜ ਸੁਸਾਇਟੀ, ਡੀ.ਡੀ.ਪੀ.ਓ ਹਰਪ੍ਰੀਤ ਸਿੰਘ, ਤੇਜਿੰਦਰਪਾਲ ਸਿੰਘ ਡੀ.ਐੱਸ.ਪੀ ਬਟਾਲਾ, ਡਾ. ਮਹੇਸ਼ ਪ੍ਰਭਾਕਰ ਸਿਵਲ ਸਰਜਨ, ਪਰਮਿੰਦਰ ਸਿੰਘ ਸੈਣੀ ਪ੍ਰੋਗਰਾਮ ਅਫਸਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।