ਖਰੜ (ਸਾਹਿਬਜ਼ਾਦਾ ਅਜੀਤ ਸਿੰਘ. ਨਗਰ) (ਪ੍ਰੀਤ ਪੱਤੀ) : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਲੀਕੇ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਖਰੜ ਬਲਾਕ ਦੇ ਪਿੰਡ ਮਗਰ, ਸਵਾੜਾ ਅਤੇ ਝੰਜੇੜੀ ਵਿਖੇ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ, ਵਿਚਾਰਧਾਰਾ ਅਤੇ ਸਮਾਜ ਨੂੰ ਦਿੱਤੇ ਮਹਾਨ ਸੰਦੇਸ਼ ਨਾਲ ਸਬੰਧਤ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਫਿਲਮ ਐਲ.ਈ.ਡੀ. ਸਕਰੀਨ ਰਾਹੀਂ ਦਿਖਾਈ ਗਈ।
ਇਸ ਮੌਕੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਸ਼ਰਧਾ ਅਤੇ ਉਤਸ਼ਾਹ ਨਾਲ ਡਾਕੂਮੈਂਟਰੀ ਦੇਖੀ। ਡਾਕੂਮੈਂਟਰੀ ਰਾਹੀਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਸਮਾਜ ਵਿੱਚ ਬਰਾਬਰਤਾ, ਭਾਈਚਾਰਕ ਸਾਂਝ, ਮਾਨਵਤਾ ਅਤੇ ਆਪਸੀ ਸਤਿਕਾਰ ਦਾ ਸੰਦੇਸ਼ ਦੇਣ ਲਈ ਕੀਤੇ ਗਏ ਮਹਾਨ ਕਾਰਜਾਂ ਨੂੰ ਦਰਸਾਇਆ ਗਿਆ।
ਉੱਪ ਮੰਡਲ ਮੈਜਿਸਟ੍ਰੇਟ, ਖਰੜ ਸ੍ਰੀ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਡਾਕੂਮੈਂਟਰੀ ਪਿੰਡ-ਪਿੰਡ ਦਿਖਾਈ ਜਾ ਰਹੀ ਹੈ, ਤਾਂ ਜੋ ਲੋਕ ਵਿਸ਼ੇਸ਼ ਤੌਰ ’ਤੇ ਨੌਜਵਾਨ ਪੀੜ੍ਹੀ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਮਾਜ ਨੂੰ ਦਿੱਤੇ ਬਰਾਬਰੀ ਤੇ ਮਾਨਵਤਾ ਦੇ ਸੰਦੇਸ਼ ਤੋਂ ਜਾਣੂ ਹੋ ਸਕੇ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਨੇ ਆਪਣੀ ਬਾਣੀ ਅਤੇ ਵਿਚਾਰਾਂ ਰਾਹੀਂ ਸਮਾਜ ਵਿੱਚ ਫੈਲੀਆਂ ਕੁਰੀਤੀਆਂ ਅਤੇ ਊਚ-ਨੀਚ ਦੇ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸਾਰੇ ਮਨੁੱਖਾਂ ਨੂੰ ਬਰਾਬਰ ਸਮਝਣ ਅਤੇ ਆਪਸੀ ਪਿਆਰ, ਸਤਿਕਾਰ ਤੇ ਭਾਈਚਾਰਕ ਸਾਂਝ ਨਾਲ ਰਹਿਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਲਈ ਪ੍ਰੇਰਣਾ ਦਾ ਸਰੋਤ ਹਨ।
ਇਸ ਮੌਕੇ ਪਿੰਡਾਂ ਦੇ ਵਸਨੀਕਾਂ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਐਲ.ਈ.ਡੀ. ਸਕਰੀਨ ਰਾਹੀਂ ਦਿਖਾਈ ਜਾ ਰਹੀ ਡਾਕੂਮੈਂਟਰੀ ਰਾਹੀਂ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀ ਮਹਾਨ ਵਿਚਾਰਧਾਰਾ ਨੂੰ ਸਰਲ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸਮਝਣ ਦਾ ਮੌਕਾ ਮਿਲ ਰਿਹਾ ਹੈ।
ਡਾਕੂਮੈਂਟਰੀ ਦੌਰਾਨ ਹਾਜ਼ਰ ਲੋਕਾਂ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਾਜ ਵਿੱਚ ਭਾਈਚਾਰਕ ਸਾਂਝ, ਬਰਾਬਰੀ ਤੇ ਮਾਨਵਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਸੰਦੇਸ਼ ਵੀ ਦਿੱਤਾ।