ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਸਾਹਿਬ ਚੁੱਕਣ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿੱਚ ਪੁਲਸ ਨੇ ਕਾਰਵਾਈ ਕਰਦਿਆਂ ਦੋਸ਼ੀ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਕੇਂਦਰੀ ਦੇ ਏਸੀਪੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ SGPC ਦੇ ਨਿਗਰਾਨ ਪਰਿਕਰਮਾ ਬਲਵਿੰਦਰ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਗਿਆ ਸੀ।
ਏਸੀਪੀ ਸੁਰਿੰਦਰ ਸਿੰਘ ਨੇ ਦੱਸਿਆ ਕਿ 11 ਤਰੀਕ ਨੂੰ ਇੱਕ ਨੌਜਵਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿੱਛੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੇ ਅੰਦਰ ਦਾਖਲ ਹੋਇਆ ਸੀ। ਇਸ ਦੌਰਾਨ ਉਸ ਨੇ ਉੱਥੇ ਸਥਾਪਿਤ ਸ੍ਰੀ ਸਾਹਿਬ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ। ਮੌਕੇ 'ਤੇ ਮੌਜੂਦ ਸੇਵਾਦਾਰਾਂ ਅਤੇ ਸੁਰੱਖਿਆ ਕਰਮਚਾਰੀਆਂ ਦੀ ਚੌਕਸੀ ਕਾਰਨ ਉਸ ਦੀ ਹਰਕਤ ਨੂੰ ਤੁਰੰਤ ਨਾਕਾਮ ਬਣਾਇਆ ਗਿਆ ਅਤੇ ਉਸ ਨੂੰ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਐਸਜੀਪੀਸੀ ਦੀ ਸ਼ਿਕਾਇਤ ਤੋਂ ਬਾਅਦ ਥਾਣਾ ਕੋਤਵਾਲੀ ਵਿਖੇ ਮੁਕੱਦਮਾ ਨੰਬਰ 62/63 ਅਧੀਨ ਧਾਰਾ 298 ਬੀਐਨਐਸ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਸ ਵੱਲੋਂ ਦੋਸ਼ੀ ਨੌਜਵਾਨ, ਜਿਸ ਦੀ ਪਛਾਣ ਬਾਬਾ ਅਜੀਤ ਸਿੰਘ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਏਸੀਪੀ ਨੇ ਕਿਹਾ ਕਿ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ। ਪੁਲਸ ਇਹ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਸ ਦੀ ਇਸ ਹਰਕਤ ਪਿੱਛੇ ਕੀ ਮਨਸ਼ਾ ਸੀ ਅਤੇ ਕੀ ਉਹ ਕਿਸੇ ਹੋਰ ਵਿਅਕਤੀ ਜਾਂ ਗਰੁੱਪ ਨਾਲ ਸੰਪਰਕ ਵਿੱਚ ਸੀ। ਉਨ੍ਹਾਂ ਕਿਹਾ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਸਾਰੇ ਤੱਥ ਲੋਕਾਂ ਸਾਹਮਣੇ ਸਪੱਸ਼ਟ ਕੀਤੇ ਜਾਣਗੇ।