ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ) : ਸੜਕ ਹਾਦਸਿਆਂ ਦੌਰਾਨ ਜ਼ਖ਼ਮੀ ਵਿਅਕਤੀਆਂ ਨੂੰ ਤੁਰੰਤ ਸਹਾਇਤਾ ਮੁਹੱਈਆ ਕਰਵਾਉਣ ਅਤੇ ਕੀਮਤੀ ਜਾਨਾਂ ਬਚਾਉਣ ਵਾਲੇ ਨਾਗਰਿਕਾਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਭਾਰਤ ਸਰਕਾਰ ਦੇ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵੱਲੋਂ ‘ਰਾਹ-ਵੀਰ’ ਸਕੀਮ ਲਾਗੂ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸਬੰਧਤ ਵਿਭਾਗਾਂ ਨੂੰ ਸਕੀਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਆਮ ਲੋਕਾਂ ਵਿੱਚ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਰਾਹ-ਵੀਰ’ ਸਕੀਮ ਤਹਿਤ ਸੜਕ ਹਾਦਸੇ ਦੇ ਪੀੜਤ ਦੀ ਸਮੇਂ ਸਿਰ ਮਦਦ ਕਰਕੇ ਉਸ ਨੂੰ ਹਸਪਤਾਲ ਪਹੁੰਚਾਉਣ ਵਾਲੇ ਯੋਗ ਵਿਅਕਤੀ ਨੂੰ ਸਨਮਾਨ ਪੱਤਰ ਦੇ ਨਾਲ-ਨਾਲ 25,000 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਮਾਨ-ਭੇਟ ਵਜੋਂ ਦਿੱਤੀ ਜਾਂਦੀ ਹੈ। ਇਸ ਦਾ ਉਦੇਸ਼ ਲੋਕਾਂ ਨੂੰ ਹਾਦਸਾ ਪੀੜਤਾਂ ਦੀ ਤੁਰੰਤ ਮਦਦ ਲਈ ਅੱਗੇ ਆਉਣ ਵਾਸਤੇ ਉਤਸ਼ਾਹਿਤ ਕਰਨਾ ਹੈ।
ਉਨ੍ਹਾਂ ਕਿਹਾ ਕਿ ਮੋਟਰ ਵਹੀਕਲ ਐਕਟ, 1988 ਦੀ ਧਾਰਾ 134 ਏ ਅਧੀਨ ਰਾਹ-ਵੀਰ/ਗੁਡ ਸਮੈਰੀਟਨ ਨੂੰ ਕਾਨੂੰਨੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਇਸ ਤਹਿਤ ਨੇਕ ਨੀਅਤ ਨਾਲ ਬਿਨਾਂ ਕਿਸੇ ਇਨਾਮ ਜਾਂ ਮੁਆਵਜ਼ੇ ਦੀ ਉਮੀਦ ਦੇ ਹਾਦਸਾ ਪੀੜਤ ਦੀ ਐਮਰਜੈਂਸੀ ਮੈਡੀਕਲ ਜਾਂ ਗੈਰ-ਮੈਡੀਕਲ ਸਹਾਇਤਾ ਕਰਨ ਵਾਲੇ ਵਿਅਕਤੀ ਨੂੰ ਨਿਰਧਾਰਤ ਕਾਨੂੰਨੀ ਸੁਰੱਖਿਆ ਹਾਸਲ ਹੈ।
ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਰਾਹ-ਵੀਰ ਨੂੰ ਹਾਦਸਾ ਪੀੜਤ ਦੀ ਮਦਦ ਕਰਨ ਦੌਰਾਨ ਕਿਸੇ ਕਿਸਮ ਦੀ ਦਿੱਕਤ, ਪਰੇਸ਼ਾਨੀ ਜਾਂ ਉਸ ਨੂੰ ਮਿਲਣ ਵਾਲੀ ਸੁਰੱਖਿਆ ਸਬੰਧੀ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰ ਸਕਦਾ ਹੈ। ਇਸ ਸਬੰਧੀ ਜ਼ਿਲ੍ਹਾ ਪੱਧਰ ’ਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਲੋੜੀਂਦੀ ਵਿਵਸਥਾ ਕੀਤੀ ਗਈ ਹੈ। ਕੇਂਦਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਡ ਸਮੈਰੀਟਨ ਦੀ ਸੁਰੱਖਿਆ ਦੀ ਉਲੰਘਣਾ ਹੋਣ ਦੀ ਸਥਿਤੀ ਵਿੱਚ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਣ ਕਮੇਟੀ ਕੋਲ ਪਹੁੰਚ ਕੀਤੀ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਦੇ ਮੁੱਖ ਮੰਤਰੀ ਫੀਲਡ ਅਫਸਰ ਨੂੰ ਰਾਹ-ਵੀਰ ਸ਼ਿਕਾਇਤ ਨਿਵਾਰਣ ਸੈਲ ਲਈ ਜ਼ਿਲ੍ਹਾ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ। ਕੋਈ ਵੀ ਰਾਹ-ਵੀਰ ਆਪਣੀ ਸਮੱਸਿਆ ਜਾਂ ਸ਼ਿਕਾਇਤ ਸਬੰਧੀ ਨੋਡਲ ਅਫਸਰ ਨਾਲ ਸੰਪਰਕ ਕਰ ਸਕਦਾ ਹੈ। ਇਸ ਤੋਂ ਇਲਾਵਾ ਲੋੜ ਪੈਣ ’ਤੇ ਆਰ.ਟੀ.ਓ., ਸ਼ਹੀਦ ਭਗਤ ਸਿੰਘ ਨਗਰ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਸ੍ਰੀ ਔਲਖ ਨੇ ਸਬੰਧਤ ਵਿਭਾਗਾਂ ਨੂੰ ‘ਰਾਹ-ਵੀਰ’ ਸਕੀਮ ਦੇ ਲਾਭਾਂ, ਪ੍ਰੋਤਸਾਹਨ ਰਾਸ਼ੀ ਅਤੇ ਕਾਨੂੰਨੀ ਸੁਰੱਖਿਆ ਬਾਰੇ ਆਮ ਲੋਕਾਂ ਨੂੰ ਜਾਣੂ ਕਰਵਾਉਣ ਲਈ ਵਿਆਪਕ ਜਾਗਰੂਕਤਾ ਗਤੀਵਿਧੀਆਂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੜਕ ਹਾਦਸੇ ਦੀ ਸਥਿਤੀ ਵਿੱਚ ਕਿਸੇ ਦੀ ਜਾਨ ਬਚਾਉਣ ਲਈ ਕੀਤੀ ਗਈ ਸਮੇਂ ਸਿਰ ਮਦਦ ਸਮਾਜ ਪ੍ਰਤੀ ਵੱਡੀ ਜ਼ਿੰਮੇਵਾਰੀ ਨਿਭਾਉਣ ਦੇ ਬਰਾਬਰ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੜਕ ਹਾਦਸੇ ਦੇ ਪੀੜਤਾਂ ਦੀ ਮਦਦ ਕਰਨ ਲਈ ਅੱਗੇ ਆਉਣ।