ਅੰਮ੍ਰਿਤਸਰ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਬੁੱਧਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਦੇਸ਼ ਤੇ ਸੂਬੇ ਦੀ ਖ਼ੁਸ਼ਹਾਲੀ, ਸ਼ਾਂਤੀ ਅਤੇ ਤਰੱਕੀ ਲਈ ਅਰਦਾਸ ਕੀਤੀ।
ਕੇਸਰੀ ਦਸਤਾਰ ਸਜਾ ਕੇ ਮੁੱਖ ਮੰਤਰੀ ਨੇ ਪੂਰੀ ਸ਼ਰਧਾ ਭਾਵਨਾ ਨਾਲ ਗੁਰੂ ਚਰਨਾਂ ਵਿੱਚ ਸੀਸ ਨਿਵਾਇਆ। ਦਰਸ਼ਨ ਕਰਨ ਤੋਂ ਬਾਅਦ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿਆਣਾ, ਪੰਜਾਬ ਅਤੇ ਪੂਰੇ ਦੇਸ਼ ਦੀ ਸੰਗਤ ਨੂੰ ਗੁਰਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਅਤੇ ਦੀਪਮਾਲਾ ਵੀ ਕੀਤੀ।