ਚੰਡੀਗੜ੍ਹ : ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮਹਾਰਾਸ਼ਟਰ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ ਕਿ ਪ੍ਰਸਤਾਵਿਤ ਹਜ਼ੂਰ ਸਾਹਿਬ ਐਕਟ, 2026 ਨੂੰ ਮਹਾਰਾਸ਼ਟਰ ਵਿਧਾਨ ਸਭਾ ਵਿੱਚ ਪੇਸ਼ ਕਰਨ ਤੋਂ ਪਹਿਲਾਂ ਧਾਰਮਿਕ ਸੰਗਠਨਾਂ, ਸਿੱਖ ਵਿਦਵਾਨਾਂ ਤੇ ਹੋਰ ਧਿਰਾਂ ਨਾਲ ਵਿਆਪਕ ਸਲਾਹ-ਮਸ਼ਵਰਾ ਕਰਨ ਲਈ ਇਕ ਕਮੇਟੀ ਬਣਾਈ ਜਾਏਗੀ। ਕੇਵਲ ਸਿੰਘ ਢਿੱਲੋਂ, ਜਿਨ੍ਹਾਂ ਫੋਨ ਰਾਹੀਂ ਅਹਿਮ ਵਿਚਾਰ-ਵਟਾਂਦਰੇ ’ਚ ਹਿੱਸਾ ਲਿਆ, ਨੇ ਨਿੱਜੀ ਤੌਰ ’ਤੇ ਅਪੀਲ ਕੀਤੀ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਲ ਸਬੰਧਤ ਕਿਸੇ ਵੀ ਵਿਧਾਨਕ ਢਾਂਚੇ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਸਿੱਖ ਪੰਥ ਨਾਲ ਵਿਆਪਕ ਸਲਾਹ-ਮਸ਼ਵਰਾ ਕੀਤਾ ਜਾਵੇ।
ਦੱਸ ਦੇਈਏ ਕਿ ਉਨ੍ਹਾਂ ਦਾ ਦਖਲ ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ. ਪੀ. ਸਿੰਘ ਵੱਲੋਂ ਸੰਚਾਲਿਤ ਇਕ ਉੱਚ-ਪੱਧਰੀ ਚਰਚਾ ਦਾ ਹਿੱਸਾ ਸੀ, ਜਿਨ੍ਹਾਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਭਾਈਚਾਰੇ ਦੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ। ਮੁੱਖ ਮੰਤਰੀ ਨੇ ਤੁਰੰਤ ਜਵਾਬ ਦਿੱਤਾ ਅਤੇ ਆਪਣੇ ਕੈਬਨਿਟ ਸਾਥੀ ਚੰਦਰਸ਼ੇਖਰ ਨੂੰ ਇਸ ਮਾਮਲੇ 'ਤੇ ਵਿਸਥਾਰ ਨਾਲ ਚਰਚਾ ਕਰਨ ਲਈ ਨਿਯੁਕਤ ਕੀਤਾ। ਇਸ ਫੈਸਲੇ ਦਾ ਸਵਾਗਤ ਕਰਦੇ ਹੋਏ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਚੰਦਰਸ਼ੇਖਰ ਦਾ ਸਿੱਖ ਭਾਈਚਾਰੇ ਦੀਆਂ ਚਿੰਤਾਵਾਂ ਪ੍ਰਤੀ ਉਸਾਰੂ ਤੇ ਪੂਰੀ ਸੰਵੇਦਨਸ਼ੀਲਤਾ ਨਾਲ ਹੁੰਗਾਰਾ ਭਰਨ ਲਈ ਧੰਨਵਾਦ ਕਰਦਾ ਹਾਂ।