ਨਵੀਂ ਦਿੱਲੀ : ਪੰਜਾਬ ਸਣੇ ਪੂਰੇ ਉੱਤਰੀ ਭਾਰਤ 'ਚ ਗਰਮੀ ਨੇ ਕਹਿਰ ਢਾਹਿਆ ਹੋਇਆ ਹੈ। ਇਸੇ ਦੌਰਾਨ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪੈ ਰਹੀ ਭਾਰੀ ਗਰਮੀ ਅਤੇ ਹੁੰਮਸ ਭਰੇ ਮੌਸਮ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਸ਼ਹਿਰ ਦੇ ਕਈ ਇਲਾਕਿਆਂ 'ਚ ਵੀਰਵਾਰ ਨੂੰ ਹਲਕੀ ਬਾਰਿਸ਼ ਹੋਈ ਹੈ। ਇਸੇ ਦੌਰਾਨ ਭਾਰਤ ਮੌਸਮ ਵਿਗਿਆਨ ਵਿਭਾਗ ਨੇ ਦਿੱਲੀ ਲਈ 'ਰੈੱਡ ਅਲਰਟ' ਜਾਰੀ ਕੀਤਾ ਹੈ।
ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਘੰਟਿਆਂ ਦੌਰਾਨ ਦਿੱਲੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼, ਗਰਜ-ਚਮਕ ਦੇ ਨਾਲ ਬਿਜਲੀ ਗਰਜਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਵਿਭਾਗ ਨੇ ਅੱਗੇ ਦੱਸਿਆ ਕਿ ਇਸ ਦੌਰਾਨ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ, ਜਿਨ੍ਹਾਂ ਦੀ ਸਪੀਡ 70 ਕਿਲੋਮੀਟਰ ਪ੍ਰਤੀ ਘੰਟੇ ਤੱਕ ਵੀ ਪਹੁੰਚ ਸਕਦੀ ਹੈ। ਦਿੱਲੀ ਦੇ ਸਾਰੇ ਜ਼ਿਲ੍ਹਿਆਂ ਲਈ ਜਾਰੀ ਕੀਤੇ ਗਈ ਇਸ ਭਵਿੱਖਬਾਣੀ 'ਚ ਕੁਝ ਥਾਵਾਂ 'ਤੇ ਗੜ੍ਹੇਮਾਰੀ ਹੋਣ ਦੀ ਸੰਭਾਵਨਾ ਵੀ ਜਤਾਈ ਗਈ ਹੈ।
ਹਨੇਰੀ-ਤੂਫ਼ਾਨ ਦੇ ਖ਼ਤਰੇ ਨੂੰ ਦੇਖਦਿਆਂ ਮੌਸਮ ਵਿਭਾਗ ਨੇ ਲੋਕਾਂ ਨੂੰ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ ਅਤੇ ਹੋਰ ਸਬੰਧਿਤ ਏਜੰਸੀਆਂ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ। ਲੋੜੀਂਦੀ ਕਾਰਵਾਈ ਲਈ ਸਬੰਧਿਤ ਅਧਿਕਾਰੀਆਂ ਨੂੰ ਪਹਿਲਾਂ ਹੀ ਚਿਤਾਵਨੀ ਭੇਜ ਦਿੱਤੀ ਗਈ ਹੈ।