ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਆਮ ਲੋਕਾਂ ਨੂੰ ਮਿਆਰੀ ਜੱਚਾ-ਬੱਚਾ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਜੱਚਾ ਅਤੇ ਬੱਚਾ ਦੀ ਸਿਹਤ ਸੁਰੱਖਿਆ ਸਿਹਤ ਵਿਭਾਗ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ ਅਤੇ ਹਰੇਕ ਗਰਭਵਤੀ ਔਰਤ ਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਹ ਨਿਰਦੇਸ਼ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਸਿਹਤ ਵਿਭਾਗ ਦੀਆਂ ਐੱਲ.ਐੱਚ.ਵੀਜ ਤੇ ਏ.ਐੱਨ.ਐੱਮਜ ਨਾਲ ਮੀਟਿੰਗ ਦੌਰਾਨ ਦਿੱਤੇ।
ਉਨ੍ਹਾਂ ਕਿਹਾ ਕਿ ਹਰੇਕ ਗਰਭਵਤੀ ਔਰਤ ਦੀ ਗਰਭ ਅਵਸਥਾ ਦੇ ਪਹਿਲੇ 12 ਹਫ਼ਤਿਆਂ ਅੰਦਰ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ, ਤਾਂ ਜੋ ਗਰਭ ਅਵਸਥਾ ਦੌਰਾਨ ਨਿਰਧਾਰਿਤ ਚਾਰ ਐਂਟੀਨੇਟਲ ਕੇਅਰ (ਏ.ਐੱਨ.ਸੀ.) ਚੈੱਕਅੱਪ ਸਮੇਂ ਸਿਰ ਕਰਵਾਏ ਜਾ ਸਕਣ। ਇਨ੍ਹਾਂ ਚੈੱਕਅੱਪਾਂ ਰਾਹੀਂ ਮਾਂ ਅਤੇ ਬੱਚੇ ਦੀ ਸਿਹਤ ਦੀ ਨਿਗਰਾਨੀ ਕਰਨ ਦੇ ਨਾਲ-ਨਾਲ ਸੰਭਾਵੀ ਖ਼ਤਰਿਆਂ ਦੀ ਮੁੱਢਲੇ ਪੜਾਅ 'ਤੇ ਪਛਾਣ ਕਰਕੇ ਲੋੜੀਂਦਾ ਇਲਾਜ ਯਕੀਨੀ ਬਣਾਇਆ ਜਾ ਸਕਦਾ ਹੈ।
ਉਨ੍ਹਾਂ ਸਿਹਤ ਕਰਮਚਾਰਣਾਂ ਨੂੰ ਹਦਾਇਤ ਕੀਤੀ ਕਿ ਹਾਈ ਰਿਸਕ ਗਰਭਵਤੀ ਔਰਤਾਂ ਦੀ ਵੱਖਰੀ ਸੂਚੀ ਤਿਆਰ ਕਰਕੇ ਨਿਯਮਿਤ ਫਾਲੋਅੱਪ ਕੀਤਾ ਜਾਵੇ। ਅਜਿਹੇ ਕੇਸਾਂ ਵਿੱਚ ਵਿਸ਼ੇਸ਼ ਧਿਆਨ ਦਿੰਦਿਆਂ ਲੋੜ ਅਨੁਸਾਰ ਮਾਹਿਰ ਡਾਕਟਰਾਂ ਦੀ ਸਲਾਹ ਅਤੇ ਇਲਾਜ ਮੁਹੱਈਆ ਕਰਵਾਇਆ ਜਾਵੇ, ਤਾਂ ਜੋ ਮਾਤਰੀ ਮੌਤ ਦਰ ਅਤੇ ਜਣੇਪੇ ਦੌਰਾਨ ਹੋਣ ਵਾਲੀਆਂ ਪੇਚੀਦਗੀਆਂ ਨੂੰ ਘਟਾਇਆ ਜਾ ਸਕੇ।
ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਹਰੇਕ ਗਰਭਵਤੀ ਔਰਤ ਨੂੰ ਮਿਆਰੀ ਜਣੇਪਾ-ਪੂਰਵ ਸਿਹਤ ਸੇਵਾਵਾਂ ਦੇਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਮੇਂ ਸਿਰ ਜਾਂਚ, ਲੋੜੀਂਦੇ ਟੈਸਟ, ਸਿਹਤ ਸਲਾਹ ਅਤੇ ਉੱਚਿਤ ਡਾਕਟਰੀ ਦੇਖਭਾਲ ਸੁਰੱਖਿਅਤ ਜਣੇਪੇ ਲਈ ਬੇਹੱਦ ਮਹੱਤਵਪੂਰਨ ਹਨ।
ਆਭਾ ਕਾਰਡਾਂ ਦੀ ਮਹੱਤਤਾ ਬਾਰੇ ਉਨ੍ਹਾਂ ਕਿਹਾ ਕਿ ਆਯੂਸ਼ਮਾਨ ਭਾਰਤ ਡਿਜੀਟਲ ਮਿਸ਼ਨ ਤਹਿਤ ਆਭਾ ਆਈ.ਡੀ. ਸਿਹਤ ਰਿਕਾਰਡਾਂ ਨੂੰ ਡਿਜੀਟਲ ਰੂਪ ਵਿੱਚ ਸੰਭਾਲਣ ਅਤੇ ਸਿਹਤ ਸੇਵਾਵਾਂ ਤੱਕ ਪਹੁੰਚ ਨੂੰ ਸੁਖਾਲਾ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਇਸ ਲਈ ਯੋਗ ਲਾਭਪਾਤਰੀਆਂ ਦੇ ਆਭਾ ਕਾਰਡ ਬਣਾਉਣ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਵੀ ਕੀਤਾ ਜਾਵੇ।
ਉਨ੍ਹਾਂ ਸਪੱਸ਼ਟ ਕੀਤਾ ਕਿ ਸਿਹਤ ਵਿਭਾਗ ਦੇ ਸਮੂਹ ਫੀਲਡ ਕਰਮਚਾਰੀ ਜੱਚਾ-ਬੱਚਾ ਸਿਹਤ ਸੇਵਾਵਾਂ ਦੀ ਨਿਯਮਿਤ ਨਿਗਰਾਨੀ ਕਰਨ ਅਤੇ ਹਰ ਗਰਭਵਤੀ ਔਰਤ ਤੱਕ ਸਿਹਤ ਵਿਭਾਗ ਦੀਆਂ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਉਣ, ਤਾਂ ਜੋ ਹਰ ਮਾਂ ਅਤੇ ਬੱਚੇ ਨੂੰ ਸੁਰੱਖਿਅਤ ਤੇ ਸਿਹਤਮੰਦ ਭਵਿੱਖ ਦਿੱਤਾ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।