ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਕੈਮਿਸਟ ਐਸੋਸੀਏਸ਼ਨ ਨੇ ਪ੍ਰਗਾਬਾਲਿਨ ਕੈਪਸੂਲ ਸਮੇਤ ਆਦਤ ਪਾਉਣ ਦੀ ਸੰਭਾਵਨਾ ਵਾਲੀਆਂ ਦਵਾਈਆਂ (ਹੈਬਿਟ ਫਾਰਮਿੰਗ) ਦੀ ਵਿਕਰੀ ਬੰਦ ਕਰਨ ਦਾ ਫੈਸਲਾ ਕੀਤਾ ਹੈ। ਐਸੋਸੀਏਸ਼ਨ ਨੇ ਇਨ੍ਹਾਂ ਦਵਾਈਆਂ ਦਾ ਸਟਾਕ ਹੋਲਸੇਲ ਕੈਮਿਸਟਾਂ ਅਤੇ ਸਬੰਧਤ ਕੰਪਨੀਆਂ ਨੂੰ ਵਾਪਸ ਕਰਨ ਦੀ ਗੱਲ ਕਹੀ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਇਨ੍ਹਾਂ ਦਵਾਈਆਂ ਦੀ ਲੋੜ ਵਾਲੇ ਮਰੀਜ਼ਾਂ ਲਈ ਬਦਲਵੇਂ ਪ੍ਰਬੰਧ ਕੀਤੇ ਜਾਣ, ਤਾਂ ਜੋ ਉਨ੍ਹਾਂ ਦੇ ਇਲਾਜ ਵਿੱਚ ਕੋਈ ਵਿਘਨ ਨਾ ਪਵੇ।
ਇਸ ਸਬੰਧੀ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੰਜੀਵ ਪੁਰੀ ਦੀ ਅਗਵਾਈ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੰਜੀਵ ਪੁਰੀ ਨੇ ਕਿਹਾ ਕਿ ਪੰਜਾਬ ਦੇ ਲਗਭਗ 28 ਹਜ਼ਾਰ ਕੈਮਿਸਟਾਂ ਨੂੰ ਸ਼ੱਕ ਦੀ ਨਜ਼ਰ ਨਾਲ ਦੇਖੇ ਜਾਣ ਕਾਰਨ ਉਨ੍ਹਾਂ ਦਾ ਮਨੋਬਲ ਡਿੱਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਐਸੋਸੀਏਸ਼ਨ ਪਾਬੰਦੀਸ਼ੁਦਾ ਦਵਾਈਆਂ ਅਤੇ ਨਸ਼ੇ ਵਜੋਂ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਦੇ ਪੂਰੀ ਤਰ੍ਹਾਂ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕੈਮਿਸਟ ਇਮਾਨਦਾਰੀ ਅਤੇ ਨਿਯਮਾਂ ਅਨੁਸਾਰ ਆਪਣਾ ਕਾਰੋਬਾਰ ਕਰ ਰਹੇ ਹਨ, ਐਸੋਸੀਏਸ਼ਨ ਉਨ੍ਹਾਂ ਦੇ ਨਾਲ ਖੜ੍ਹੀ ਹੈ।
ਸੰਜੀਵ ਪੁਰੀ ਨੇ ਕਿਹਾ ਕਿ ਕੋਵਿਡ ਮਹਾਮਾਰੀ ਦੌਰਾਨ ਕੈਮਿਸਟਾਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਲੱਖਾਂ ਮਰੀਜ਼ਾਂ ਤੱਕ ਦਵਾਈਆਂ ਪਹੁੰਚਾਈਆਂ ਸਨ। ਇਸੇ ਤਰ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਕੈਂਪ ਲਗਾ ਕੇ ਦਵਾਈਆਂ ਵੀ ਵੰਡੀਆਂ ਗਈਆਂ ਸਨ। ਇਸ ਦੇ ਬਾਵਜੂਦ ਅੱਜ ਸਮੁੱਚੇ ਕੈਮਿਸਟ ਵਰਗ ਨੂੰ ਸ਼ੱਕ ਦੇ ਘੇਰੇ ਵਿੱਚ ਰੱਖਿਆ ਜਾ ਰਿਹਾ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ।
ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਕਰਨਾ ਸਮੇਂ ਦੀ ਮੁੱਖ ਲੋੜ ਹੈ ਅਤੇ ਐਸੋਸੀਏਸ਼ਨ ਇਸ ਮੁਹਿੰਮ ਦਾ ਸਮਰਥਨ ਕਰਦੀ ਹੈ। ਹਾਲਾਂਕਿ, ਉਨ੍ਹਾਂ ਨੇ ਦੋਸ਼ ਲਾਇਆ ਕਿ ਨਸ਼ਿਆਂ ਵਿਰੁੱਧ ਕਾਰਵਾਈ ਦੀ ਆੜ ਵਿੱਚ ਪੁਲਿਸ ਅਤੇ ਸਿਹਤ ਵਿਭਾਗ ਵੱਲੋਂ ਦਵਾਈਆਂ ਦੀਆਂ ਦੁਕਾਨਾਂ ’ਤੇ ਅਚਾਨਕ ਛਾਪੇਮਾਰੀ ਕਰਨ ਅਤੇ ਦੁਕਾਨਾਂ ਸੀਲ ਕਰਨ ਦੀਆਂ ਕਾਰਵਾਈਆਂ ਕਾਰਨ ਕੈਮਿਸਟਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਗਲਤ ਕੰਮ ਵਿੱਚ ਸ਼ਾਮਲ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ, ਪਰ ਸਾਰੇ ਕਾਰੋਬਾਰੀਆਂ ਨੂੰ ਇੱਕੋ ਨਜ਼ਰ ਨਾਲ ਦੇਖਣਾ ਠੀਕ ਨਹੀਂ ਹੈ।
ਮੀਟਿੰਗ ਦੌਰਾਨ ਐਸੋਸੀਏਸ਼ਨ ਨੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਵੀ ਨਿੰਦਾ ਕੀਤੀ ਅਤੇ ਇਨਸਾਫ਼ ਦੀ ਮੰਗ ਕੀਤੀ।
ਇਸ ਮੌਕੇ ਜ਼ਿਲ੍ਹਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਮਨੋਰੰਜਨ ਕਾਲੀਆ ਤੋਂ ਇਲਾਵਾ ਤਰੁਣ ਅਰੋੜਾ, ਅਰੁਣ ਬਾਲੀ, ਰਮਨ ਗੱਖੜ, ਲਲਿਤ ਪੁਰੀ, ਰਮੇਸ਼ ਚੋਪੜਾ, ਵਿਪਨ ਸ਼ਰਮਾ ਬੰਗਾ, ਮੁਕੇਸ਼ ਕੁਮਾਰ, ਵਰਿੰਦਰ ਕੁਮਾਰ, ਵਰਿੰਦਰ ਉਮਟ, ਅਜੇ ਦੀਵਾਨ, ਹਰਮਿੰਦਰ ਬੇਦੀ, ਸਤੀਸ਼ ਕੁਮਾਰ, ਦੀਪਾ ਦੀਵਾਨ ਸਮੇਤ ਹੋਰ ਮੈਂਬਰ ਹਾਜ਼ਰ ਸਨ।