ਨਵਾਂਸ਼ਹਿਰ, (ਮਨੋਰੰਜਨ ਕਾਲੀਆ )ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜੀ ਦੀ ਯੋਗ ਅਗਵਾਈ ਹੇਠ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਤੇ ਸਮੁੱਚੇ ਸਿਵਲ ਸਰਜਨ ਦਫਤਰ ਦੇ ਸਟਾਫ ਨਾਲ ਇਕ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹੇ ਅਧੀਨ ਚੱਲ ਰਹੇ ਸਾਰੇ ਰਾਸ਼ਟਰੀ ਤੇ ਸੂਬਾਈ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ ਅਤੇ ਭਵਿੱਖ ਦੀ ਕਾਰਜ ਯੋਜਨਾ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਵੇਂ ਸਾਲ ਵਿੱਚ ਹੋਰ ਉਤਸ਼ਾਹ, ਸਮਰਪਣ ਅਤੇ ਜ਼ਿੰਮੇਵਾਰੀ ਨਾਲ ਡਿਊਟੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਸਾਰੇ ਰਾਸ਼ਟਰੀ ਤੇ ਸੂਬਾਈ ਸਿਹਤ ਪ੍ਰੋਗਰਾਮਾਂ ਨੂੰ ਆਪਸੀ ਤਾਲਮੇਲ, ਸਹਿਯੋਗ ਅਤੇ ਟੀਮ ਵਰਕ ਨਾਲ ਲਾਗੂ ਕੀਤਾ ਜਾਵੇ, ਤਾਂ ਜੋ ਆਮ ਲੋਕਾਂ ਨੂੰ ਸਮੇਂ ਸਿਰ ਅਤੇ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਉਪਲਬੱਧ ਕਰਵਾਈਆਂ ਜਾ ਸਕਣ।
ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਸਿਹਤ ਵਿਭਾਗ ਦੀ ਪ੍ਰਮੁੱਖ ਤਰਜ਼ੀਹ ਹੈ। ਮੀਟਿੰਗ ਦੌਰਾਨ ਬੇਟੀ ਬਚਾਓ ਬੇਟੀ ਪੜ੍ਹਾਓ, ਪੀ.ਸੀ.- ਪੀ.ਐੱਨ.ਡੀ.ਟੀ. ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ, ਟੀਕਾਕਰਨ, ਜੱਚਾ-ਬੱਚਾ ਸਿਹਤ, ਪਰਿਵਾਰ ਭਲਾਈ, ਗੈਰ-ਸੰਚਾਰੀ ਰੋਗਾਂ ਦੀ ਰੋਕਥਾਮ ਅਤੇ ਹੋਰ ਸਿਹਤ ਪ੍ਰੋਗਰਾਮਾਂ ਦੀ ਕਾਰਗੁਜ਼ਾਰੀ ’ਤੇ ਵੀ ਚਰਚਾ ਕੀਤੀ ਗਈ। ਅੰਤ ਵਿੱਚ ਸਿਵਲ ਸਰਜਨ ਨੇ ਸਮੂਹ ਸਟਾਫ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਮਿਲਜੁਲ ਕੇ ਕੰਮ ਕਰਨ ਦਾ ਸੱਦਾ ਦਿੱਤਾ।