ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਅਮਨ ਸੂਦ ਜੀ ਦੀ ਯੋਗ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਵੀਰਵਾਰ ਨੂੰ ਜ਼ਿਲ੍ਹੇ ਵਿੱਚ ਸਰਕਾਰੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਵਿਸ਼ੇਸ਼ ਰੀਵਿਊ ਮੀਟਿੰਗ ਆਯੋਜਿਤ ਕੀਤੀ ਗਈ।
ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਅਮਨ ਸੂਦ ਨੇ ਵੱਖ-ਵੱਖ ਰਾਸ਼ਟਰੀ ਅਤੇ ਸੂਬਾਈ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਨਿਰਧਾਰਤ ਟੀਚੇ ਮਿੱਥੇ ਸਮੇਂ ਅੰਦਰ ਪੂਰੇ ਕੀਤੇ ਜਾਣ ਅਤੇ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਹਰ ਯੋਗ ਅਤੇ ਲੋੜਵੰਦ ਵਿਅਕਤੀ ਤੱਕ ਪਹੁੰਚਾਇਆ ਜਾਵੇ।
ਜੱਚਾ-ਬੱਚਾ ਸਿਹਤ ਸੇਵਾਵਾਂ ਨੂੰ ਵਿਸ਼ੇਸ਼ ਤਰਜੀਹ ਦਿੰਦਿਆਂ ਡਾ. ਅਮਨ ਸੂਦ ਨੇ ਕਿਹਾ ਕਿ ਹਰ ਗਰਭਵਤੀ ਔਰਤ ਦੀ ਗਰਭ ਅਵਸਥਾ ਦੇ ਪਹਿਲੇ 12 ਹਫ਼ਤਿਆਂ ਅੰਦਰ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਮੇਂ ਸਿਰ ਰਜਿਸਟ੍ਰੇਸ਼ਨ ਹੋਣ ਨਾਲ ਗਰਭਵਤੀ ਔਰਤ ਦੀ ਲੋੜੀਂਦੀ ਜਾਂਚ, ਜੋਖਮ ਦੀ ਪਛਾਣ, ਸਮੇਂ ਸਿਰ ਇਲਾਜ ਅਤੇ ਨਿਯਮਤ ਫਾਲੋਅੱਪ ਯਕੀਨੀ ਬਣਾਇਆ ਜਾ ਸਕਦਾ ਹੈ।
ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਗਰਭਵਤੀ ਔਰਤ ਨੂੰ ਗੁਣਵੱਤਾ ਭਰਪੂਰ ਐਂਟੀਨੇਟਲ ਕੇਅਰ, ਨਿਰਧਾਰਤ ਏ.ਐੱਨ.ਸੀ. ਜਾਂਚਾਂ, ਪੋਸ਼ਣ ਸਬੰਧੀ ਸਲਾਹ, ਲੋੜੀਂਦੇ ਟੀਕੇ ਅਤੇ ਸੁਰੱਖਿਅਤ ਜਣੇਪੇ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਹਾਈ ਰਿਸਕ ਗਰਭਵਤੀ ਔਰਤਾਂ ਦੀ ਛੇਤੀ ਪਛਾਣ ਕਰਕੇ ਉਨ੍ਹਾਂ ਦੀ ਵਿਸ਼ੇਸ਼ ਨਿਗਰਾਨੀ ਅਤੇ ਲੋੜ ਅਨੁਸਾਰ ਸਮੇਂ ਸਿਰ ਰੈਫਰਲ ਯਕੀਨੀ ਬਣਾਉਣ ’ਤੇ ਵੀ ਉਨ੍ਹਾਂ ਨੇ ਜ਼ੋਰ ਦਿੱਤਾ।
ਸਿਵਲ ਸਰਜਨ ਨੇ ਕਿਹਾ ਕਿ ਮਾਤਾ ਅਤੇ ਨਵਜਨਮੇ ਬੱਚੇ ਦੀ ਸਿਹਤ ਦੀ ਸੁਰੱਖਿਆ ਲਈ ਗੁਣਵੱਤਾ ਭਰਪੂਰ ਜੱਚਾ-ਬੱਚਾ ਸਿਹਤ ਸੇਵਾਵਾਂ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਫੀਲਡ ਸਟਾਫ ਵੱਲੋਂ ਗਰਭਵਤੀ ਔਰਤਾਂ ਦੀ ਲਗਾਤਾਰ ਨਿਗਰਾਨੀ, ਸਮੇਂ ਸਿਰ ਜਾਂਚ ਅਤੇ ਫਾਲੋਅੱਪ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਸੰਭਾਵਿਤ ਸਿਹਤ ਜਟਿਲਤਾਵਾਂ ਨੂੰ ਸ਼ੁਰੂਆਤੀ ਪੜਾਅ ’ਤੇ ਹੀ ਪਛਾਣਿਆ ਜਾ ਸਕੇ।
ਮੀਟਿੰਗ ਦੌਰਾਨ ਟੀਕਾਕਰਨ, ਗੈਰ-ਸੰਚਾਰੀ ਬਿਮਾਰੀਆਂ ਦੀ ਸਕ੍ਰੀਨਿੰਗ, ਪਰਿਵਾਰ ਨਿਯੋਜਨ ਸੇਵਾਵਾਂ, ਮੁੱਖ ਮੰਤਰੀ ਸਿਹਤ ਬੀਮਾ ਕਾਰਡਾਂ ਦੀ ਵੰਡ ਅਤੇ ਵੈਕਟਰ-ਬੌਰਨ ਤੇ ਵਾਟਰ-ਬੌਰਨ ਬਿਮਾਰੀਆਂ ਦੀ ਰੋਕਥਾਮ ਸਬੰਧੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਗਿਆ। ਡਾ. ਅਮਨ ਸੂਦ ਨੇ ਅਧਿਕਾਰੀਆਂ ਨੂੰ ਕਿਹਾ ਕਿ ਹਰੇਕ ਸਿਹਤ ਪ੍ਰੋਗਰਾਮ ਦੀ ਨਿਯਮਤ ਮਾਨੀਟਰਿੰਗ ਕੀਤੀ ਜਾਵੇ ਅਤੇ ਜਿੱਥੇ ਵੀ ਕਮੀ ਨਜ਼ਰ ਆਵੇ, ਉੱਥੇ ਤੁਰੰਤ ਸੁਧਾਰਾਤਮਕ ਕਾਰਵਾਈ ਕੀਤੀ ਜਾਵੇ।
ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਸਿਵਲ ਸਰਜਨ ਨੇ ਸਖ਼ਤ ਹਦਾਇਤ ਕੀਤੀ ਕਿ ਕਿਸੇ ਵੀ ਮਰੀਜ਼ ਨੂੰ ਇਲਾਜ ਜਾਂ ਸਿਹਤ ਸਹੂਲਤਾਂ ਪ੍ਰਾਪਤ ਕਰਨ ਵਿੱਚ ਬੇਲੋੜੀ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਜ਼ਰੂਰੀ ਦਵਾਈਆਂ ਦੀ ਨਿਰੰਤਰ ਉਪਲੱਬਧਤਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਲੋੜੀਂਦੀਆਂ ਦਵਾਈਆਂ ਉਪਲੱਬਧ ਹੋਣ ਅਤੇ ਮਰੀਜ਼ਾਂ ਨੂੰ ਬਾਹਰੋਂ ਦਵਾਈਆਂ ਖਰੀਦਣ ਦੀ ਲੋੜ ਨਾ ਪਵੇ।
ਡਾ. ਅਮਨ ਸੂਦ ਨੇ ਕਿਹਾ ਕਿ ਸਿਹਤ ਵਿਭਾਗ ਦਾ ਉਦੇਸ਼ “ਹਰ ਲੋੜਵੰਦ ਤੱਕ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਸੁਚੱਜੀ ਸਿਹਤ ਸੇਵਾ” ਪਹੁੰਚਾਉਣਾ ਹੈ। ਉਨ੍ਹਾਂ ਸਮੂਹ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ, ਤਨਦੇਹੀ ਅਤੇ ਲੋਕ-ਹਿੱਤ ਦੀ ਭਾਵਨਾ ਨਾਲ ਨਿਭਾਉਣ ਅਤੇ ਸਾਰੇ ਨਿਰਧਾਰਤ ਸਿਹਤ ਪ੍ਰੋਗਰਾਮਾਂ ਦੇ ਟੀਚੇ ਸਮੇਂ ਸਿਰ ਪ੍ਰਾਪਤ ਕਰਨ ਨੂੰ ਯਕੀਨੀ ਬਣਾਉਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ, ਸਹਾਇਕ ਸਿਵਲ ਸਰਜਨ ਡਾ ਬਲਜੀਤ ਕਮਲ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਹਰਪਿੰਦਰ, ਸੀਨੀਅਰ ਮੈਡੀਕਲ ਅਫਸਰ ਡਾ ਜਤਿੰਦਰ ਸਿੰਘ, ਡਾ ਚਰਨਜੀਤ ਕੁਮਾਰ, ਡਾ ਸੋਨੀਆ, ਡਾ ਨੀਨਾ ਸ਼ਾਂਤ, ਡਾ ਸਤਿੰਦਰਜੀਤ ਕੌਰ, ਡਾ ਅਜੇ ਬਸਰਾ, ਡਾ ਪਿਆਰੇ ਲਾਲ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ, ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਰਾਜ ਕੁਮਾਰੀ, ਸ਼ਿਆਮਾਵੇਦਾ, ਸੁਪਰਡੈਂਟ ਸ੍ਰੀ ਗੁਲਸ਼ਨ ਕੁਮਾਰ, ਸਿਵਲ ਸਰਜਨ ਦੇ ਪੀਏ ਅਜੇ ਕੁਮਾਰ ਤੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਲਜੀਤ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।