ਵੇਰਵੇ ਸਾਂਝੇ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਵੋਟ ਪਾਉਣ ਲਈ ਪਛਾਣ ਦੇ ਸਬੂਤ ਵਜੋਂ 15 ਬਦਲਵੇਂ ਦਸਤਾਵੇਜ਼ਾਂ ਨੂੰ ਮਾਨਤਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਯੋਗ ਵੋਟਰ ਆਧਾਰ ਕਾਰਡ, ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਫੋਟੋ ਵਾਲਾ ਪੈਨ ਕਾਰਡ, ਮਨਰੇਗਾ ਜੌਬ ਕਾਰਡ, ਰਾਸ਼ਨ ਕਾਰਡ/ਨੀਲਾ ਕਾਰਡ, ਫੋਟੋ ਵਾਲਾ ਅਸਲਾ ਲਾਇਸੈਂਸ, ਫੋਟੋ ਵਾਲੇ ਪੈਨਸ਼ਨ ਦਸਤਾਵੇਜ਼, ਸੁਤੰਤਰਤਾ ਸੈਨਾਨੀ ਪਛਾਣ ਪੱਤਰ, ਬੈਂਕ ਜਾਂ ਡਾਕਖਾਨੇ ਵੱਲੋਂ ਜਾਰੀ ਫੋਟੋ ਵਾਲੀ ਪਾਸਬੁੱਕ, ਕਿਰਤ ਮੰਤਰਾਲੇ ਦੀਆਂ ਸਕੀਮਾਂ ਤਹਿਤ ਜਾਰੀ ਹੈਲਥ ਇੰਸ਼ੋਰੈਂਸ ਸਮਾਰਟ ਕਾਰਡ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਜਾਰੀ ਅਧਿਕਾਰਤ ਪਛਾਣ ਪੱਤਰ, ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਜਾਰੀ ਯੂ.ਡੀ.ਆਈ.ਡੀ. ਕਾਰਡ, ਕੇਂਦਰ/ਰਾਜ ਸਰਕਾਰ ਦੇ ਵਿਭਾਗਾਂ, ਪੀ.ਐਸ.ਯੂ. ਜਾਂ ਪਬਲਿਕ ਲਿਮਟਿਡ ਕੰਪਨੀਆਂ ਵੱਲੋਂ ਜਾਰੀ ਸਰਵਿਸ ਪਛਾਣ ਪੱਤਰ, ਅਤੇ ਮਾਨਤਾ ਪ੍ਰਾਪਤ ਵਿਦਿਅਕ ਸੰਸਥਾਵਾਂ ਵੱਲੋਂ ਜਾਰੀ ਫੋਟੋ ਪਛਾਣ ਪੱਤਰ ਵਰਗੇ ਦਸਤਾਵੇਜ਼ ਦਿਖਾ ਕੇ ਵੋਟ ਪਾ ਸਕਦੇ ਹਨ।
ਸ. ਔਲਖ ਨੇ ਦੱਸਿਆ ਕਿ ਬੰਗਾ, ਨਵਾਂਸ਼ਹਿਰ ਅਤੇ ਰਾਹੋਂ ਸਮੇਤ ਤਿੰਨ ਨਗਰ ਕੌਂਸਲਾਂ ਦੀਆਂ ਚੋਣਾਂ ਲਈ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ, ਜਦਕਿ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ। ਉਨ੍ਹਾਂ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।
ਵੋਟਰਾਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਬਿਨਾਂ ਕਿਸੇ ਡਰ, ਦਬਾਅ ਜਾਂ ਲਾਲਚ ਦੇ ਆਪਣੀ ਵੋਟ ਪਾਉਣ ਦੀ ਬੇਨਤੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹੇ ਭਰ ਵਿੱਚ ਸ਼ਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਪੋਲਿੰਗ ਕਰਵਾਉਣ ਲਈ ਸਾਰੇ ਲੋੜੀਂਦੇ ਸੁਰੱਖਿਆ ਅਤੇ ਲੌਜਿਸਟਿਕ ਪ੍ਰਬੰਧ ਕੀਤੇ ਗਏ ਹਨ।