ਜਲੰਧਰ/ਨਵੀਂ ਦਿੱਲੀ : ਸਾਲ 2025 ਦੌਰਾਨ ਭਾਰਤ-ਪਾਕਿਸਤਾਨ ਸਰਹੱਦ ’ਤੇ ਪੈਦਾ ਹੋਏ ਤਣਾਅਪੂਰਨ ਮਾਹੌਲ ਅਤੇ ਉਸ ਤੋਂ ਬਾਅਦ ਆਏ ਭਿਆਨਕ ਹੜ੍ਹਾਂ ਕਾਰਨ ਸੂਬੇ ਨੂੰ ਹੋਏ ਭਾਰੀ ਨੁਕਸਾਨ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਤੋਂ ਤੁਰੰਤ ਵਿੱਤੀ ਸਹਾਇਤਾ ਅਤੇ ਇਕ ਵਿਸ਼ੇਸ਼ ਆਰਥਿਕ ਪੈਕੇਜ ਪ੍ਰਦਾਨ ਕਰਨ ਦੀ ਜ਼ੋਰਦਾਰ ਮੰਗ ਕੀਤੀ ਹੈ।
ਨਵੀਂ ਦਿੱਲੀ ਵਿਖੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਪ੍ਰੀ-ਬਜਟ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੇਂਦਰੀ ਬਜਟ 2026-27 ਲਈ ਸੂਬੇ ਦੀਆਂ ਪ੍ਰਮੁੱਖ ਵਿੱਤੀ ਲੋੜਾਂ ਅਤੇ ਨੀਤੀਗਤ ਮੰਗਾਂ ਨੂੰ ਉਜਾਗਰ ਕਰਦਿਆਂ ਇਕ ਮੰਗ-ਪੱਤਰ ਸੌਂਪਿਆ। ਵਿੱਤ ਮੰਤਰੀ ਨੇ ਦੱਸਿਆ ਕਿ ਹੜ੍ਹਾਂ ਨਾਲ ਸੂਬੇ ਦੇ 2,300 ਤੋਂ ਵੱਧ ਪਿੰਡ ਅਤੇ 20,000 ਪਰਿਵਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ ਅਤੇ ਮੁੱਢਲੇ ਮੁਲਾਂਕਣ ਅਨੁਸਾਰ ਲੱਗਭਗ 12,905 ਕਰੋੜ ਰੁਪਏ ਦਾ ਨੁਕਸਾਨ ਹੋਇਆ। ਇਸ ਵੱਡੇ ਪੱਧਰ ’ਤੇ ਮੁੜ-ਵਸੇਬੇ ਅਤੇ ਮੁੜ ਨਿਰਮਾਣ ਕਾਰਜਾਂ ਲਈ ਉਨ੍ਹਾਂ ਨੇ ਵਿੱਤੀ ਸਾਲ 2025-26 ਵਾਸਤੇ ਸੂਬੇ ਦੇ ਕੁੱਲ ਘਰੇਲੂ ਉਤਪਾਦ (ਜੀ. ਐੱਸ. ਡੀ. ਪੀ.) ਦੇ ਇਕ ਫ਼ੀਸਦੀ ਦੇ ਬਰਾਬਰ ਇਕਮੁਸ਼ਤ ਵਾਧੂ ਉਧਾਰ ਹੱਦ ਦੀ ਇਜਾਜ਼ਤ ਮੰਗੀ।
ਰਾਸ਼ਟਰੀ ਸੁਰੱਖਿਆ ਦੇ ਮੁੱਦੇ ’ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਨੇ ਪੁਲਸ ਫੋਰਸ ਦੇ ਆਧੁਨਿਕੀਕਰਨ, ਐਮਰਜੈਂਸੀ ਰਿਸਪਾਂਸ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ ਅਤੇ ਸਰਹੱਦ ਪਾਰੋਂ ਖ਼ਤਰਿਆਂ ਅਤੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਉੱਨਤ ਐਂਟੀ-ਡਰੋਨ ਤਕਨਾਲੋਜੀ ਵਾਸਤੇ 1,000 ਕਰੋੜ ਰੁਪਏ ਦੀ ਵਿਸ਼ੇਸ਼ ਕੇਂਦਰੀ ਸਹਾਇਤਾ ਦੀ ਵੀ ਮੰਗ ਕੀਤੀ।