ਭਵਾਨੀਗੜ੍ਹ : ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ 4 ਨਵੰਬਰ ਨੂੰ ਹਲਕਾ ਸੰਗਰੂਰ ਅਧੀਨ ਆਉਂਦੇ ਭਵਾਨੀਗੜ੍ਹ ਦੇ ਪਿੰਡ ਫੱਗੂਵਾਲਾ ਵਿਖੇ ਵਿਸ਼ਾਲ 'ਪੰਜਾਬ ਬਚਾਓ' ਜਨ ਰੈਲੀ ਨੂੰ ਸੰਬੋਧਨ ਕਰਨਗੇ। ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਸ ਰੈਲੀ ਨੂੰ ਕਾਂਗਰਸ ਦੀ ਚੋਣ ਮੁਹਿੰਮ ਦੇ ਅਹਿਮ ਆਗਾਜ਼ ਵਜੋਂ ਦੇਖਿਆ ਜਾ ਰਿਹਾ ਹੈ। ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ ਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੰਯੁਕਤ ਖ਼ਜ਼ਾਨਚੀ ਵਿਜੈ ਇੰਦਰ ਸਿੰਗਲਾ ਨੇ ਪਿੰਡ ਫੱਗੂਵਾਲਾ ਵਿਖੇ ਰੈਲੀ ਵਾਲੀ ਥਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਨਿਰੀਖਣ ਕੀਤਾ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਤੇ ਸਿੰਗਲਾ ਦੇ ਨਜ਼ਦੀਕੀ ਬਲਵਿੰਦਰ ਸਿੰਘ ਪੂਨੀਆ ਘਾਬਦੀਆਂ ਨੇ ਕਿਹਾ ਕਿ ਰੈਲੀ ਦੇ ਸਮੁੱਚੇ ਪ੍ਰਬੰਧਾਂ ਤੇ ਦੇਖ-ਰੇਖ ਦੀ ਜ਼ਿੰਮੇਵਾਰੀ ਸਿੰਗਲਾ ਤੇ ਉਨ੍ਹਾਂ ਦੀ ਟੀਮ ਵੱਲੋਂ ਨਿਭਾਈ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਇਹ ਰੈਲੀ ਪੰਜਾਬ ਦੀ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਨੂੰ ਲੋਕਾਂ ਸਾਹਮਣੇ ਉਜਾਗਰ ਕਰਨ ਦੇ ਨਾਲ-ਨਾਲ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਪਾਰਟੀ ਦੀ ਮੁਹਿੰਮ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗੀ।
ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਮੁੱਖ ਆਗੂ ਰਾਹੁਲ ਗਾਂਧੀ ਦੇ ਵਿਚਾਰ ਸੁਣਨ ਲਈ ਪਾਰਟੀ ਆਗੂਆਂ ਅਮਤੇ ਵਰਕਰਾਂ ਦੇ ਨਾਲ-ਨਾਲ ਆਮ ਲੋਕਾਂ ਵਿਚ ਵੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਗੁਰਦੀਪ ਸਿੰਘ ਘਰਾਚੋਂ, ਓਐਸਡੀ ਜਗਤਾਰ ਨਮਾਦਾ, ਰਣਜੀਤ ਤੂਰ, ਤਰਸੇਮ ਚੰਦ ਜਿੰਦਲ ਨੇਤਾ ਜੀ, ਆਂਚਲ ਗਰਗ, ਮੰਗਤ ਸ਼ਰਮਾ, ਬਿੱਟੂ ਖਾਂ, ਗੁਰਪ੍ਰੀਤ ਕੰਧੋਲਾ, ਹਰੀ ਸਿੰਘ ਫੱਗੂਵਾਲਾ, ਮੰਨਾ ਫੱਗੂਵਾਲਾ, ਕਰਮਜੀਤ ਸਿੰਘ ਤੇ ਗੁਰਧਿਆਨ ਝਨੇੜੀ ਸਮੇਤ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।