ਇੱਥੋਂ ਦੀ ਇੱਕ ਅਦਾਲਤ ਨੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੇ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਦੋ ਵਿਅਕਤੀਆਂ ਨੂੰ ਅੱਜ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਵਿਸ਼ੇਸ਼ ਮਕੋਕਾ ਜੱਜ ਮਹੇਸ਼ ਜਾਧਵ ਨੇ ਅਖਿਲੇਂਦਰ ਪ੍ਰਤਾਪ ਸਿੰਘ ਅਤੇ ਆਕਾਸ਼ਦੀਪ ਸਿੰਘ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰ ਦਿੱਤੀਆਂ। ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਨੇਤਾ ਬਾਬਾ ਸਿੱਦੀਕੀ (66) ਨੂੰ 12 ਅਕਤੂਬਰ, 2024 ਦੀ ਰਾਤ ਨੂੰ ਮੁੰਬਈ ਦੇ ਬਾਂਦਰਾ (ਪੂਰਬੀ) ਖੇਤਰ ਵਿੱਚ ਉਸ ਦੇ ਪੁੱਤਰ ਜ਼ੀਸ਼ਾਨ ਸਿੱਦੀਕੀ ਦੇ ਦਫਤਰ ਦੇ ਬਾਹਰ ਤਿੰਨ ਹਮਲਾਵਰਾਂ ਨੇ ਗੋਲੀ ਮਾਰ ਕੇ ਮਾਰ ਦਿੱਤਾ ਸੀ। ਅਖਿਲੇਂਦਰ ਪ੍ਰਤਾਪ ਸਿੰਘ ਨੇ ਇਸ ਆਧਾਰ ’ਤੇ ਜ਼ਮਾਨਤ ਮੰਗੀ ਕਿ ਉਨ੍ਹਾਂ ਵਿਰੁੱਧ ਬਿਨਾਂ ਸੋਚੇ ਸਮਝੇ ਮਕੋਕਾ ਐਕਟ ਲਾਗੂ ਕੀਤਾ ਗਿਆ। ਉਸ ਦੀ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਮਕੋਕਾ ਨੂੰ ਜਾਇਜ਼ ਠਹਿਰਾਉਣ ਲਈ ਉਸ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ ਸੀ।
ਆਕਾਸ਼ਦੀਪ ਸਿੰਘ ਨੇ ਦਾਅਵਾ ਕੀਤਾ ਕਿ ਚਾਰਜਸ਼ੀਟ ਵਿੱਚ ਉਸ ਵਿਰੁੱਧ ਕੋਈ ਵੀ ਅਪਰਾਧਿਕ ਸਮੱਗਰੀ ਦਾ ਖੁਲਾਸਾ ਨਹੀਂ ਕੀਤਾ ਗਿਆ। ਇਸਤਗਾਸਾ ਪੱਖ ਦੇ ਨਾਲ-ਨਾਲ ਸਿੱਦੀਕੀ ਪਰਿਵਾਰ ਵੱਲੋਂ ਪੇਸ਼ ਹੋਏ ਵਕੀਲ ਪ੍ਰਦੀਪ ਘਰਤ ਅਤੇ ਤ੍ਰਿਵਨਕੁਮਾਰ ਕਰਨਾਨੀ ਨੇ ਜ਼ਮਾਨਤ ਅਰਜ਼ੀਆਂ ਦਾ ਵਿਰੋਧ ਕੀਤਾ। ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਸਬੰਧੀ ਵਿਸਥਾਰਤ ਹੁਕਮ ਨਹੀਂ ਆਏ।