ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਉਹ ਕਿਸਾਨਾਂ ਦੀਆਂ ਸਮੁੱਚੀਆਂ ਮੁਸ਼ਕਿਲਾਂ ਦਾ ਹੱਲ ਕਰਨਗੇ। ਦੂਜੇ ਪਾਸੇ ਬੀ. ਕੇ. ਯੂ. ਕਾਦੀਆਂ ਜਥੇਬੰਦੀ ਦੇ ਆਗੂ ਹਰਮੀਤ ਕਾਦੀਆਂ ਨੇ ਕਿਹਾ ਕਿ ਹੁਣ ਤੱਕ ਕੋਈ ਵੀ ਸਰਕਾਰ ਕਿਸਾਨਾਂ ਦੀਆਂ ਮੰਗਾਂ 'ਤੇ ਖਰੀ ਨਹੀਂ ਉਤਰੀ, ਜਿਸ ਕਾਰਨ ਉਨ੍ਹਾਂ ਨੂੰ ਅੱਜ ਮਜਬੂਰ ਹੋ ਕੇ ਇਹ ਫ਼ੈਸਲਾ ਲੈਣਾ ਪਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਕ ਖੇਤਰੀ ਪਾਰਟੀ ਹੀ ਕਿਸਾਨਾਂ ਦੇ ਮਸਲਿਆਂ ਨੂੰ ਸਮਝਦੀ ਹੈ, ਇਸੇ ਲਈ ਉਨ੍ਹਾਂ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਫ਼ੈਸਲਾ ਕੀਤਾ ਹੈ।
ਚੰਡੀਗੜ੍ਹ 'ਚ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਦਾਅਵਾ ਕੀਤਾ ਹੈ ਕਿ ਸੂਬੇ ਦੇ ਲੋਕ ਹੀ ਨਹੀਂ ਸਗੋਂ 'ਆਪ' ਦੇ ਵਿਧਾਇਕ ਵੀ ਆਪਣੀ ਸਰਕਾਰ ਤੋਂ ਬੇਹੱਦ ਦੁਖ਼ੀ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਵਿਧਾਇਕਾਂ ਨੂੰ ਪਰਚੇ ਦਰਜ ਕਰਨ ਅਤੇ ਹੋਰ ਕਾਰਵਾਈਆਂ ਦਾ ਡਰ ਵਿਖਾ ਕੇ ਚੁੱਪ ਕਰਵਾਇਆ ਜਾਂਦਾ ਰਿਹਾ ਹੈ। ਉਥੇ ਹੀ ਇਸ ਦੌਰਾਨ ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਜਿਵੇਂ-ਜਿਵੇਂ 2027 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਣਗੀਆਂ, ਆਮ ਆਦਮੀ ਪਾਰਟੀ ਦਾ ਸਿਆਸੀ ਆਧਾਰ ਹੋਰ ਕਮਜ਼ੋਰ ਹੁੰਦਾ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣ ਨਤੀਜਿਆਂ ਤੋਂ ਬਾਅਦ 'ਆਪ' ਦੇ ਸਿਰਫ਼ ਦੋ-ਚਾਰ ਕਿਸਮਤ ਵਾਲੇ ਵਿਧਾਇਕ ਹੀ ਜਿੱਤ ਸਕਣਗੇ। ਉਨ੍ਹਾਂ ਭਵਿੱਖਬਾਣੀ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਵੀ ਆਪਣੇ ਵਿਧਾਨ ਸਭਾ ਹਲਕੇ ਧੂਰੀ ਤੋਂ ਬੁਰੀ ਤਰ੍ਹਾਂ ਚੋਣ ਹਾਰਨਗੇ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ 'ਚ ਮੌਜੂਦਾ ਸਰਕਾਰ ਪ੍ਰਤੀ ਨਾਰਾਜ਼ਗੀ ਲਗਾਤਾਰ ਵਧ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਲੋਕਾਂ ਨਾਲ ਧੋਖਾ ਕੀਤਾ ਹੈ ਅਤੇ ਸੂਬੇ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਕਾਰਜਕਾਲ ਖ਼ਤਮ ਹੋਣ ਤੋਂ ਬਾਅਦ ਸਰਕਾਰ ਦੇ ਕੰਮਕਾਜ ਅਤੇ ਵਿੱਤੀ ਮਾਮਲਿਆਂ ਦੀ ਜਾਂਚ ਕਰਵਾਈ ਜਾਵੇਗੀ। ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਜੇਕਰ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਪਹਿਲੇ ਦਿਨ ਤੋਂ ਹੀ ਜਾਂਚ ਸ਼ੁਰੂ ਕਰਵਾਈ ਜਾਵੇਗੀ ਅਤੇ ਜਿਨ੍ਹਾਂ ਲੋਕਾਂ ਨੇ ਸਰਕਾਰੀ ਪੈਸੇ ਦੀ ਦੁਰਵਰਤੋਂ ਜਾਂ ਲੁੱਟ ਕੀਤੀ ਹੈ, ਉਨ੍ਹਾਂ ਤੋਂ ਪੈਸਾ ਵਾਪਸ ਲੈ ਕੇ ਜਨਤਾ ਦੇ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕਥਿਤ ਲੁੱਟ ਵਿੱਚ ਸ਼ਾਮਲ ਸਾਰੇ ਹਿੱਸੇਦਾਰਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀ ਸਿਆਸਤ 'ਚ ਹੋਰ ਬਦਲਾਅ ਵੇਖਣ ਨੂੰ ਮਿਲਣਗੇ ਅਤੇ ਚੋਣਾਂ ਦੌਰਾਨ ਲੋਕ ਆਮ ਆਦਮੀ ਪਾਰਟੀ ਨੂੰ ਉਸ ਦੀ ਕਾਰਗੁਜ਼ਾਰੀ ਦਾ ਜਵਾਬ ਦੇਣਗੇ।
ਬੀ. ਕੇ. ਯੂ. ਕਾਦੀਆਂ ਦਾ ਸਮਰਥਨ ਮਿਲਣ 'ਤੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਦੀਆਂ ਅਤੇ ਉਨ੍ਹਾਂ ਦੀ ਪੂਰੀ ਟੀਮ ਦਾ ਧੰਨਵਾਦ, ਜਿਨ੍ਹਾਂ ਨੇ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਬਿਨ੍ਹਾਂ ਸ਼ਰਤ ਸਮਰਥਨ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ 'ਚ ਉਨ੍ਹਾਂ ਦੇ ਅਟੁੱਟ ਵਿਸ਼ਵਾਸ ਨੇ ਪਾਰਟੀ ਨੂੰ ਵੱਡਾ ਹੁਲਾਰਾ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਇਕੋ-ਇਕ ਖੇਤਰੀ ਪਾਰਟੀ ਹੈ, ਜੋ ਹਮੇਸ਼ਾ ਪੰਜਾਬ ਦੇ ਕਿਸਾਨ ਭਾਈਚਾਰੇ ਦੇ ਨਾਲ ਖੜ੍ਹੀ ਰਹੀ ਹੈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਦ੍ਰਿੜਤਾ ਨਾਲ ਵਚਨਬੱਧ ਹੈ। ਮੈਂ ਸਾਰੀਆਂ ਕਿਸਾਨ ਅਤੇ ਮਜ਼ਦੂਰ ਯੂਨੀਅਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਅੱਗੇ ਆਉਣ। ਸ਼੍ਰੋਮਣੀ ਅਕਾਲੀ ਦਲ ਇੱਕ ਮਾਤਰ ਕਿਸਾਨ- ਪੱਖੀ ਜਥੇਬੰਦੀ ਹੈ ਜੋ ਕਿਸਾਨਾਂ ਦੀ ਹਰੇਕ ਲੋੜ ਨੂੰ ਸਮਝਦੇ ਹੋਏ ਖੇਤੀਬਾੜੀ ਨੂੰ ਇੱਕ ਲਾਭਦਾਇਕ ਕਿੱਤਾ ਬਣਾਉਣ ਲਈ ਸਰਕਾਰ ਵਿੱਚ ਕਿਸਾਨ-ਪੱਖੀ ਨੀਤੀਆਂ ਲੈ ਕੇ ਆਏਗੀ। ਅਸੀਂ ਆਪਣੇ ਕਿਸਾਨ ਭਰਾਵਾਂ ਅਤੇ ਖੇਤ ਮਜ਼ਦੂਰਾਂ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮੁੱਦਿਆਂ ਨੂੰ ਹੱਲ ਕਰਨ ਲਈ ਦਿਲੋਂ ਵਚਨਬੱਧ ਹਾਂ।