ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸ਼ੁੱਕਰਵਾਰ ਨੂੰ ਕਾਂਗੜਾ ਜ਼ਿਲ੍ਹੇ ਦੇ ਸ਼ਾਹਪੁਰ ਸਥਿਤ ਸਰਕਾਰੀ ਹਸਪਤਾਲ ਦੇ 100 ਬਿਸਤਰਿਆਂ ਵਾਲੇ ਨਵੀਂ ਇਮਾਰਤ ਦਾ ਉਦਘਾਟਨ ਕੀਤਾ। ਇਸ ਇਮਾਰਤ ਦਾ ਨਿਰਮਾਣ 11.50 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਗਿਆ ਹੈ। ਸੁੱਖੂ ਨੇ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਸਿਹਤ ਖੇਤਰ 'ਚ ਵਿਆਪਕ ਸੁਧਾਰ ਕਰ ਰਹੀ ਹੈ ਅਤੇ ਆਉਣ ਵਾਲੇ ਸਾਲਾਂ 'ਚ ਇਨ੍ਹਾਂ ਕੋਸ਼ਿਸ਼ਾਂ ਨੂੰ ਤੇਜ਼ ਕੀਤਾ ਜਾਵੇਗਾ।
ਇਕ ਅਧਿਕਾਰਤ ਬਿਆਨ ਅਨੁਸਾਰ, ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ਦੇ ਕਾਰਜਕਾਲ ਦੌਰਾਨ ਸਿਹਤ ਸੰਸਥਾਵਾਂ 'ਚ ਮਨਜ਼ੂਰਸ਼ੁਦਾ ਅਹੁਦਿਆਂ ਦੇ ਮੁਕਾਬਲੇ ਸਿਰਫ਼ 35 ਫੀਸਦੀ ਕਰਮਚਾਰੀ ਹੀ ਉਪਲਬਧ ਸਨ, ਜਦੋਂ ਕਿ ਕਾਂਗਰਸ ਸਰਕਾਰ ਨੇ ਡਾਕਟਰਾਂ, ਨਰਸਾਂ, ਪੈਰਾਮੈਡਿਕਸ ਅਤੇ ਤਕਨੀਕੀ ਸਟਾਫ ਸਮੇਤ ਉਪਲਬਧ ਸਟਾਫ ਦੀ ਕੁੱਲ ਗਿਣਤੀ 'ਚ ਲਗਭਗ 70 ਫੀਸਦੀ ਵਾਧਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਰਾਜ ਭਰ 'ਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਭਰਤੀ ਪ੍ਰਕਿਰਿਆ ਨੂੰ ਤਰਜੀਹ ਦੇ ਰਹੀ ਹੈ।
ਉਨ੍ਹਾਂ ਕਿਹਾ ਕਿ ਜਲਦੀ ਹੀ ਵਾਧੂ ਸਟਾਫ ਨਰਸਾਂ ਦੀ ਨਿਯੁਕਤੀ ਕੀਤੀ ਜਾਵੇਗੀ, ਜਦੋਂ ਕਿ 400 ਡਾਕਟਰਾਂ ਦੀਆਂ ਅਸਾਮੀਆਂ ਪਹਿਲਾਂ ਹੀ ਭਰੀਆਂ ਜਾ ਚੁੱਕੀਆਂ ਹਨ। ਸੁੱਖੂ ਨੇ ਕਿਹਾ ਕਿ ਮੈਡੀਕਲ ਸਿੱਖਿਆ ਅਤੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ, ਮੈਡੀਕਲ ਕਾਲਜਾਂ 'ਚ ਸਹਾਇਕ ਪ੍ਰੋਫੈਸਰ, ਐਸੋਸੀਏਟ ਪ੍ਰੋਫੈਸਰ ਅਤੇ ਪ੍ਰੋਫੈਸਰ ਦੇ ਅਹੁਦਿਆਂ ਲਈ ਭਰਤੀ ਵੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਧਾਨ ਸਭਾ ਹਲਕੇ 'ਚ ਮਾਡਲ ਸਿਹਤ ਸੰਸਥਾਵਾਂ ਸਥਾਪਤ ਕੀਤੀਆਂ ਗਈਆਂ ਹਨ, ਜਿੱਥੇ ਸਿਹਤ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਮੈਡੀਕਲ ਅਫਸਰ ਅਤੇ ਮਾਹਰ ਮੈਡੀਕਲ ਅਫਸਰ ਤਾਇਨਾਤ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਲਈ ਇਨ੍ਹਾਂ ਸੰਸਥਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।