ਚੰਡੀਗੜ੍ਹ/ਜਲੰਧਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਾਮਿਲਨਾਡੂ ਸਰਕਾਰ ਵੱਲੋਂ ‘ਮੁੱਖ ਮੰਤਰੀ ਨਾਸ਼ਤਾ ਯੋਜਨਾ’ ਦੇ ਵਿਸਥਾਰ ਸਬੰਧੀ ਚੇਨਈ ’ਚ ਰੱਖੇ ਗਏ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਤਾਮਿਲਨਾਡੂ ਤੋਂ ਰਾਜ ਸਭਾ ਮੈਂਬਰ ਵਿਲਸਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਵੱਕਾਰੀ ਸਮਾਗਮ ’ਚ ਸ਼ਾਮਲ ਹੋਣ ਲਈ ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ. ਕੇ. ਸਟਾਲਿਨ ਵੱਲੋਂ ਰਸਮੀ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਤਾਮਿਲਨਾਡੂ ਸਰਕਾਰ ਵਲੋਂ 26 ਅਗਸਤ ਨੂੰ ਹੋਣ ਵਾਲੇ ਇਸ ਸਮਾਗਮ ’ਚ ਸ਼ਹਿਰੀ ਖੇਤਰਾਂ ਦੇ ਸਾਰੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ’ਚ 'ਮੁੱਖ ਮੰਤਰੀ ਨਾਸ਼ਤਾ ਯੋਜਨਾ' ਦੇ ਵਿਸਥਾਰ ਦਾ ਐਲਾਨ ਕੀਤਾ ਜਾਵੇਗਾ।
ਰਾਜ ਸਭਾ ਮੈਂਬਰ ਨਾਲ ਆਪਣੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ’ਚ ਸ਼ਾਮਲ ਹੋਣਾ ਉਨ੍ਹਾਂ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੋਵੇਗੀ। ਉਨ੍ਹਾਂ ਨੇ ਇਸ ਮੌਕੇ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਦੀ ਅਗਵਾਈ ਵਾਲੀ ਤਾਮਿਲਨਾਡੂ ਸਰਕਾਰ ਵੱਲੋਂ ਵੱਖ-ਵੱਖ ਪ੍ਰਗਤੀਸ਼ੀਲ ਅਤੇ ਭਲਾਈ-ਮੁਖੀ ਯੋਜਨਾਵਾਂ ਸ਼ੁਰੂ ਕਰਨ ਦੇ ਕਦਮਾਂ ਦੀ ਸ਼ਲਾਘਾ ਕੀਤੀ।