ਨਵੀਂ ਦਿੱਲੀ : ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਰਿਲਾਇੰਸ ਗਰੁੱਪ ਦੇ ਚੇਅਰਮੈਨ ਅਨਿਲ ਅੰਬਾਨੀ ਤੇ ਉਨ੍ਹਾਂ ਦੀਆਂ ਕੰਪਨੀਆਂ ਨਾਲ ਸਬੰਧਤ ਮਨੀ ਲਾਂਡ੍ਰਿੰਗ ਦੀ ਜਾਂਚ ਤਹਿਤ 1400 ਕਰੋੜ ਰੁਪਏ ਤੋਂ ਵੱਧ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਹਨ। ਇਹ ਜਾਣਕਾਰੀ ਅਧਿਕਾਰਤ ਸੂਤਰਾਂ ਨੇ ਦਿੱਤੀ। ਫੈਡਰਲ ਜਾਂਚ ਏਜੰਸੀ ਨੇ ਪਹਿਲਾਂ ਇਸ ਮਾਮਲੇ ’ਚ 7500 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਸੀ।
ਸੂਤਰਾਂ ਨੇ ਦੱਸਿਆ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਸਥਿਤ ਜਾਇਦਾਦਾਂ ਲਈ ਮਨੀ ਲਾਂਡ੍ਰਿੰਗ ਰੋਕਥਾਮ ਕਾਨੂੰਨ (ਪੀ. ਐੱਮ. ਐੱਲ. ਏ.) ਤਹਿਤ ਆਰਜ਼ੀ ਕੁਰਕੀ ਦਾ ਇਹ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ। ਇਸ ਮਾਮਲੇ ਸਬੰਧੀ ਅਜੇ ਰਿਲਾਇੰਸ ਗਰੁੱਪ ਤੋਂ ਪ੍ਰਤੀਕਿਰਿਆ ਨਹੀਂ ਮਿਲੀ। ਨਵੇਂ ਹੁਕਮ ਤਹਿਤ 1400 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਕੁਰਕ ਕੀਤੀ ਗਈ ਹੈ। ਇਸ ਮਾਮਲੇ ’ਚ ਕੁਰਕ ਕੀਤੀ ਗਈ ਕੁਲ ਜਾਇਦਾਦ ਦੀ ਕੀਮਤ ਲੱਗਭਗ 9,000 ਕਰੋੜ ਰੁਪਏ ਹੈ।