ਅੰਮ੍ਰਿਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਇਸ ਦੌਰਾਨ ਵਾਈਸ ਚਾਂਸਲਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਆਪਣਾ ਸਪੱਸ਼ਟੀਕਰਨ ਦਿੱਤਾ ਹੈ। ਹਾਲਾਂਕਿ ਇਹ ਸਾਹਮਣੇ ਨਹੀਂ ਆਇਆ ਕਿ ਕਰਮਜੀਤ ਸਿੰਘ ਨੇ ਕੀ ਸਪੱਸ਼ਟੀਕਰਨ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪ੍ਰੋ. ਕਰਮਜੀਤ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ.) ਦੇ ਪ੍ਰੋਗਰਾਮ 'ਚ ਸ਼ਾਮਲ ਹੋਏ ਸਨ। ਇਸ ਪ੍ਰੋਗਰਾਮ 'ਚ ਵਾਈਸ ਚਾਂਸਲਰ ਦੀ ਮੌਜੂਦਗੀ 'ਤੇ ਵੱਖ-ਵੱਖ ਸਿੱਖ ਸੰਗਠਨਾਂ ਅਤੇ ਵਿਦਿਆਰਥੀਆਂ ਨੇ ਤਿੱਖੀ ਪ੍ਰਤੀਕਿਰਿਆ ਵੀ ਦਿੱਤੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਵਾਈਸ ਚਾਂਸਲਰ ਨੂੰ ਇਸ ਸਬੰਧੀ ਇਕ ਪੱਤਰ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਵਲੋਂ ਭੇਜਿਆ ਗਿਆ ਸੀ। ਪੱਤਰ 'ਚ ਲਿਖਿਆ ਸੀ ਕਿ ਆਪ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਆਪ ਦੇ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਸ਼ਿਕਾਇਤਾਂ ਪੁੱਜ ਰਹੀਆਂ ਹਨ ਕਿ ਆਪ ਨੇ ਦੱਖਣ ਭਾਰਤ ਵਿਚ ਹੋਏ ਇਕ ਸਮਾਗਮ ਦੌਰਾਨ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਹੈ। ਪੁੱਜੀਆਂ ਸ਼ਿਕਾਇਤਾਂ ਅਤੇ ਮੀਡੀਆ ’ਤੇ ਵਾਇਰਲ ਹੋਈ ਤੁਹਾਡੀ ਵੀਡੀਓ ਅਨੁਸਾਰ ਤੁਸੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਇਕ ਚੇਅਰ ਦੇ ਸੋਧ ਕਾਰਜਾਂ ਰਾਹੀਂ ਸਿੱਖਾਂ ਦੀ ਵਿਲੱਖਣ ਹੋਂਦ ਦੇ ਵਿਰੁੱਧ ਪ੍ਰਗਟਾਵਾ ਕੀਤਾ, ਜੋ ਕਿ ਗੁਰਮਤਿ ਅਨੁਸਾਰੀ ਨਹੀਂ ਹੈ।
ਇਸ ਸਬੰਧੀ ਸਤਿਕਾਰਯੋਗ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਲੋਂ ਹੋਏ ਆਦੇਸ਼ ਅਨੁਸਾਰ ਲਿਖਿਆ ਜਾਂਦਾ ਹੈ ਕਿ ਆਪ ਨੇ ਇਸ ਸਬੰਧੀ ਅਪਣਾ ਲਿਖਤੀ ਸਪੱਸ਼ਟੀਕਰਨ 15 ਦਿਨਾਂ ਦੇ ਅੰਦਰ-ਅੰਦਰ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿਚ ਪੇਸ਼ ਹੋ ਕੇ ਦੇਣਾ ਹੈ।