ਜਲੰਧਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 17 ਜੁਲਾਈ ਨੂੰ ਪ੍ਰਸਤਾਵਿਤ ਜਲੰਧਰ ਦੌਰੇ ਨੂੰ ਲੈ ਕੇ ਪੂਰੇ ਜ਼ਿਲ੍ਹੇ ਵਿਚ ਸੁਰੱਖਿਆ ਪ੍ਰਬੰਧ ਬੇਮਿਸਾਲ ਪੱਧਰ ’ਤੇ ਸਖ਼ਤ ਕਰ ਦਿੱਤੇ ਗਏ ਹਨ। ਪ੍ਰਧਾਨ ਮੰਤਰੀ ਆਪਣੇ ਦੌਰੇ ਦੌਰਾਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕਰਨਗੇ। ਉਨ੍ਹਾਂ ਦੀ ਆਮਦ ਨੂੰ ਵੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ, ਪੁਲਸ ਕਮਿਸ਼ਨਰੇਟ, ਜਲੰਧਰ ਦਿਹਾਤੀ ਪੁਲਸ ਅਤੇ ਹੋਰ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਅਲਰਟ ਮੋਡ 'ਤੇ ਹਨ।
ਮਿਲੀ ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਦਮਪੁਰ ਹਵਾਈ ਅੱਡੇ 'ਤੇ ਉਤਰਨਗੇ, ਜਿੱਥੋਂ ਉਨ੍ਹਾਂ ਦੇ ਪ੍ਰੋਗਰਾਮ ਵਾਲੀ ਥਾਂ ਤੱਕ ਸੁਰੱਖਿਆ ਦੇ ਬਹੁ-ਪੱਧਰੀ ਪ੍ਰਬੰਧ ਕੀਤੇ ਜਾ ਰਹੇ ਹਨ। ਆਦਮਪੁਰ ਏਅਰਪੋਰਟ ਅਤੇ ਉਸ ਨਾਲ ਜੁੜੇ ਪੂਰੇ ਰੂਟ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਜਲੰਧਰ ਦਿਹਾਤੀ ਪੁਲਸ ਨੇ ਸੰਭਾਲ ਲਈ ਹੈ। ਐੱਸ. ਐੱਸ. ਪੀ. ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਖ਼ੁਦ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ ਅਤੇ ਅਧਿਕਾਰੀਆਂ ਨਾਲ ਲਗਾਤਾਰ ਤਿਆਰੀਆਂ ਦੀ ਸਮੀਖਿਆ ਕਰ ਰਹੇ ਹਨ।
ਉੱਥੇ ਹੀ ਸ਼ਹਿਰੀ ਇਲਾਕੇ ਵਿਚ ਸੁਰੱਖਿਆ ਪ੍ਰਬੰਧਾਂ ਦੀ ਕਮਾਨ ਪੁਲਸ ਕਮਿਸ਼ਨਰ ਸਤਿੰਦਰ ਸਿੰਘ ਦੇ ਹੱਥਾਂ ਵਿਚ ਹੈ। ਉਨ੍ਹਾਂ ਦੀ ਅਗਵਾਈ ਵਿਚ ਸ਼ਹਿਰ ਦੇ ਪ੍ਰਮੁੱਖ ਚੌਕਾਂ, ਸੰਵੇਦਨਸ਼ੀਲ ਸਥਾਨਾਂ, ਰੇਲਵੇ ਸਟੇਸ਼ਨ, ਹੋਟਲਾਂ, ਬੱਸ ਅੱਡਿਆਂ ਅਤੇ ਹੋਰ ਮਹੱਤਵਪੂਰਨ ਸਥਾਨਾਂ ’ਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਪੁਲਸ ਵੱਲੋਂ ਲਗਾਤਾਰ ਗਸ਼ਤ ਵਧਾਈ ਗਈ ਹੈ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਪ੍ਰਧਾਨ ਮੰਤਰੀ ਦੇ ਦੌਰੇ ਨੂੰ ਸਫ਼ਲ ਅਤੇ ਸੁਰੱਖਿਅਤ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੀ ਪੂਰੀ ਤਰ੍ਹਾਂ ਸਰਗਰਮ ਹੈ। ਡਿਪਟੀ ਕਮਿਸ਼ਨਰ ਦੀ ਅਗਵਾਈ ਵਿਚ ਸਾਰੇ ਪ੍ਰਸ਼ਾਸਨਿਕ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਰੂਰੀ ਜ਼ਿੰਮੇਵਾਰੀਆਂ ਸੌਂਪ ਦਿੱਤੀਆਂ ਗਈਆਂ ਹਨ। ਪ੍ਰੋਗਰਾਮ ਵਾਲੀ ਥਾਂ, ਟ੍ਰੈਫਿਕ ਵਿਵਸਥਾ, ਸਿਹਤ ਸੇਵਾਵਾਂ, ਫਾਇਰ ਬ੍ਰਿਗੇਡ, ਪੀਣ ਵਾਲਾ ਪਾਣੀ, ਬਿਜਲੀ ਅਤੇ ਹੋਰ ਜ਼ਰੂਰੀ ਸਹੂਲਤਾਂ ਦੀਆਂ ਤਿਆਰੀਆਂ ਦੀ ਨਿਯਮਿਤ ਸਮੀਖਿਆ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।
ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਦੀ ਯਾਤਰਾ ਤੋਂ ਪਹਿਲਾਂ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (ਐੱਸ. ਪੀ. ਜੀ.) ਦੀ ਟੀਮ ਵੀ ਜਲੰਧਰ ਪਹੁੰਚੇਗੀ। ਐੱਸ. ਪੀ. ਜੀ. ਦੇ ਅਧਿਕਾਰੀ ਸਥਾਨਕ ਪੁਲਸ ਅਤੇ ਪ੍ਰਸ਼ਾਸਨ ਨਾਲ ਸਾਂਝੇ ਤੌਰ 'ਤੇ ਸੁਰੱਖਿਆ ਪ੍ਰਬੰਧਾਂ ਦਾ ਮੁਆਇਨਾ ਕਰਨਗੇ ਅਤੇ ਪ੍ਰਧਾਨ ਮੰਤਰੀ ਦੀ ਆਮਦ, ਆਵਾਜਾਈ ਅਤੇ ਪ੍ਰੋਗਰਾਮ ਵਾਲੀ ਥਾਂ ਦੀ ਵਿਸਤ੍ਰਿਤ ਸੁਰੱਖਿਆ ਸਮੀਖਿਆ ਕਰਨਗੇ। ਇਸ ਤੋਂ ਬਾਅਦ ਅੰਤਿਮ ਸੁਰੱਖਿਆ ਰਿਹਰਸਲ ਵੀ ਕੀਤੀ ਜਾਵੇਗੀ। ਪੁਲਸ ਅਧਿਕਾਰੀਆਂ ਮੁਤਾਬਕ ਪ੍ਰਧਾਨ ਮੰਤਰੀ ਦੇ ਦੌਰੇ ਨੂੰ ਵੇਖਦੇ ਹੋਏ ਪੂਰੇ ਜ਼ਿਲ੍ਹੇ ਵਿਚ ਹਾਈ ਅਲਰਟ ਐਲਾਨਿਆ ਗਿਆ ਹੈ। ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਨਾਕੇ ਲਾਏ ਜਾ ਰਹੇ ਹਨ, ਸੀ. ਸੀ. ਟੀ. ਵੀ. ਕੈਮਰਿਆਂ ਰਾਹੀਂ ਨਿਗਰਾਨੀ ਵਧਾ ਦਿੱਤੀ ਗਈ ਹੈ ਅਤੇ ਸੁਰੱਖਿਆ ਏਜੰਸੀਆਂ ਵਿਚਾਲੇ ਤਾਲਮੇਲ ਸਥਾਪਤ ਕਰਕੇ ਹਰ ਪਹਿਲੂ 'ਤੇ ਨਜ਼ਰ ਰੱਖੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਦੇ ਦੌਰੇ ਨੂੰ ਸ਼ਾਂਤੀਪੂਰਨ, ਸੁਰੱਖਿਅਤ ਅਤੇ ਸਫ਼ਲ ਬਣਾਉਣ ਲਈ ਸਾਰੇ ਜ਼ਰੂਰੀ ਪ੍ਰਬੰਧ ਸਮਾਂ ਰਹਿੰਦੇ ਪੂਰੇ ਕਰ ਲਏ ਜਾਣਗੇ।