ਚੰਡੀਗੜ੍ਹ/ਜਲੰਧਰ : ਜਲੰਧਰ ਸਥਿਤ ਲਵਲੀ ਯੂਨੀਵਰਸਿਟੀ 'ਚ ਹੀ ਹਾਲ ਹੀ ਦੌਰਾਨ ਹੋਈ ਭਾਰੀ ਹਿੰਸਾ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਪਹੁੰਚ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਅਦਾਲਤ 'ਚ ਇਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਮੰਗਲਵਾਰ ਨੂੰ ਇਹ ਪਟੀਸ਼ਨ ਚੀਫ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਬੈਂਚ ਸਾਹਮਣੇ ਤਤਕਾਲ ਸੁਣਵਾਈ ਲਈ ਪੇਸ਼ ਕੀਤੀ ਗਈ, ਜਿਸ 'ਤੇ ਅਦਾਲਤ ਨੇ ਬੁੱਧਵਾਰ ਨੂੰ ਸੁਣਵਾਈ ਕਰਨ ਦੀ ਸਹਿਮਤੀ ਦਿੱਤੀ ਹੈ। ਪਟੀਸ਼ਨ 'ਚ ਅਦਾਲਤ ਨੂੰ ਜਾਣੂੰ ਕਰਵਾਇਆ ਗਿਆ ਕਿ ਯੂਨੀਵਰਸਿਟੀ ਕੈਂਪਸ 'ਚ ਹਿੰਸਾ ਦੌਰਾਨ ਕਥਿਤ ਤੌਰ 'ਤੇ ਦੰਗਾ, ਅਗਜ਼ਨੀ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਵਾਪਰੀਆਂ।
ਇਸ ਪੂਰੇ ਘਟਨਾਕ੍ਰਮ ਨੂੰ ਗੰਭੀਰ ਦੱਸਦਿਆਂ ਹਾਈਕੋਰਟ ਤੋਂ ਤੁਰੰਤ ਦਖ਼ਲ ਦੇਣ ਅਤੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਸੀ. ਬੀ. ਆਈ. ਤੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨ 'ਚ ਦੋਸ਼ ਲਾਇਆ ਗਿਆ ਕਿ ਹਿੰਸਾ ਦੌਰਾਨ ਯੂਨੀਵਰਸਿਟੀ ਕੈਂਪਸ 'ਚ ਵੱਡੇ ਪੱਧਰ 'ਤੇ ਸਰਕਾਰੀ ਅਤੇ ਗੈਰ-ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਗਿਆ ਅਤੇ ਦੁਕਾਨਾਂ 'ਚ ਲੁੱਟਮਾਰ ਅਤੇ ਅਗਜ਼ਨੀ ਕੀਤੀ ਗਈ। ਪ੍ਰਦਰਸ਼ਨ ਕਾਰਨ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਵੀ ਕਰੀਬ 18 ਘੰਟਿਆਂ ਲਈ ਬੰਦ ਰਿਹਾ।
ਫਿਲਹਾਲ ਕੈਂਪਸ 'ਚ ਬਣੇ ਤਣਾਅਪੂਰਨ ਮਾਹੌਲ ਨੂੰ ਦੇਖਦੇ ਹੋਏ ਯੂਨੀਵਰਸਿਟੀ ਪ੍ਰਸ਼ਾਸਨ ਨੇ 28 ਸਤੰਬਰ ਤੋਂ ਅਗਲੇ 10 ਦਿਨਾਂ ਲਈ ਸਾਰੀਆਂ ਕਲਾਸਾਂ ਅਤੇ ਅਕਾਦਮਿਕ ਗਤੀਵਿਧੀਆਂ ਨੂੰ ਮੁਲਤਵੀ ਕਰ ਦਿੱਤਾ ਹੈ। ਰਿਪੋਰਟਾਂ ਦੇ ਮੁਤਾਬਕ ਐਤਵਾਰ ਨੂੰ ਯੂਨੀਵਰਸਿਟੀ ਕੈਂਪਸ ਅੰਦਰ ਇਕ ਵਿਦਿਆਰਥਣ ਨਾਲ ਕਥਿਤ ਜਬਰ-ਜ਼ਿਨਾਹ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਵਿਦਿਆਰਥੀਆਂ 'ਚ ਭਾਰੀ ਰੋਸ ਫੈਲ ਗਿਆ ਸੀ। ਹਾਲਾਂਕਿ ਪੁਲਸ ਵਲੋਂ ਦਰਜ ਮਾਮਲੇ ਦੀ ਜਾਂਚ ਦੌਰਾਨ ਹਾਲੇ ਤੱਕ ਅਜਿਹੀ ਘਟਨਾ ਹੋਣ ਦੀ ਕੋਈ ਪੁਸ਼ਟੀ ਨਹੀਂ ਹੋਈ ਹੈ।