ਖੰਨਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 76ਵੇਂ ਜਨਮਦਿਨ ਦੇ ਮੌਕੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ਿਆਮ ਰਤਨਾ ਸੇਵਾ ਇੰਟਰਨੈਸ਼ਨਲ ਫਾਊਂਡੇਸ਼ਨ ਵੱਲੋਂ ਅਮਲੋਹ ਰੋਡ ਵਿਖੇ ਵਿਸ਼ਾਲ ਮੁਫ਼ਤ ਮੈਡੀਕਲ ਅਤੇ ਬਲੱਡ ਚੈੱਕਅਪ ਕੈਂਪ ਲਗਾਇਆ ਗਿਆ। ਕੈਂਪ ਦੀ ਅਗਵਾਈ ਭਾਜਪਾ ਆਗੂ ਰਾਜ ਸ਼ਰਮਾ ਵੱਲੋਂ ਕੀਤੀ ਗਈ। ਕੈਂਪ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਨੇ ਪਹੁੰਚ ਕੇ ਵੱਖ-ਵੱਖ ਸਿਹਤ ਜਾਂਚਾਂ ਕਰਵਾਈਆਂ ਅਤੇ ਮਾਹਿਰ ਡਾਕਟਰਾਂ ਤੋਂ ਸਿਹਤ ਸਬੰਧੀ ਸਲਾਹ ਲਈ।
ਫਾਊਂਡੇਸ਼ਨ ਦੇ ਸੰਸਥਾਪਕ ਰਾਜ ਸ਼ਰਮਾ ਦੀ ਪਹਿਲਕਦਮੀ ਤਹਿਤ ਲਗਾਏ ਗਏ ਇਸ ਕੈਂਪ ਵਿੱਚ ਮਰੀਜ਼ਾਂ ਲਈ ਮੁਫ਼ਤ ਸਿਹਤ ਜਾਂਚ, ਡਾਕਟਰੀ ਸਲਾਹ ਅਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਮੁਹੱਈਆ ਕਰਵਾਉਣ ਦਾ ਪ੍ਰਬੰਧ ਕੀਤਾ ਗਿਆ। ਵੱਖ-ਵੱਖ ਸਿਹਤ ਜਾਂਚਾਂ ਲਈ ਮੈਡੀਕਲ ਟੀਮਾਂ ਵੱਲੋਂ ਸੇਵਾਵਾਂ ਦਿੱਤੀਆਂ ਗਈਆਂ। ਇਸ ਮੌਕੇ ਰਾਜ ਸ਼ਰਮਾ ਨੇ ਕਿਹਾ ਕਿ ਅਜਿਹੇ ਸਿਹਤ ਕੈਂਪ ਲੋਕਾਂ ਨੂੰ ਸਮੇਂ ਸਿਰ ਆਪਣੀ ਸਿਹਤ ਦੀ ਜਾਂਚ ਕਰਵਾਉਣ ਅਤੇ ਬਿਮਾਰੀਆਂ ਪ੍ਰਤੀ ਜਾਗਰੂਕ ਹੋਣ ਵਿੱਚ ਸਹਾਇਤਾ ਕਰਦੇ ਹਨ। ਉਨ੍ਹਾਂ ਨੇ ਫਾਊਂਡੇਸ਼ਨ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਵੀ ਸ਼ਲਾਘਾ ਕੀਤੀ।
ਰਾਜ ਸ਼ਰਮਾ ਨੇ ਦੱਸਿਆ ਕਿ ਕੈਂਪ ਵਿੱਚ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਫਾਊਂਡੇਸ਼ਨ ਵੱਲੋਂ ਮੁਫ਼ਤ ਆਟੋ ਸੇਵਾ ਵੀ ਮੁਹੱਈਆ ਕਰਵਾਈ ਗਈ। ਇਹ ਆਟੋ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੈਂਪ ਵਾਲੀ ਥਾਂ ਤੱਕ ਲਿਆਉਣ ਅਤੇ ਜਾਂਚ ਤੋਂ ਬਾਅਦ ਵਾਪਸ ਛੱਡਣ ਲਈ ਚਲਾਏ ਗਏ।
ਕੈਂਪ ਵਿਚ ਵੱਡੇ ਹਸਪਤਾਲਾਂ ਦੇ ਮਾਹਿਰ ਡਾਕਟਰਾਂ ਅਤੇ ਉਨ੍ਹਾਂ ਦੀਆਂ ਟੀਮਾਂ ਨੇ ਮਰੀਜ਼ਾਂ ਦੀ ਜਾਂਚ ਕੀਤੀ। ਲੋੜ ਅਨੁਸਾਰ ਮਰੀਜ਼ਾਂ ਨੂੰ ਸਿਹਤ ਸਬੰਧੀ ਸਲਾਹ ਦੇਣ ਦੇ ਨਾਲ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ।