ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਦੇਸ਼ ਦੇ ਸਨਮਾਨ ਲਈ ਆਪਣਾ ਸਭ ਕੁਝ ਕੁਰਬਾਨ ਕਰਨ ਦਾ ਉਨ੍ਹਾਂ ਦਾ ਜਜ਼ਬਾ ਭਾਰਤ ਦੇ ਨੌਜਵਾਨਾਂ ਲਈ ਸਾਹਸ, ਹਿੰਮਤ ਅਤੇ ਪ੍ਰੇਰਨਾ ਦਾ ਪ੍ਰਤੀਕ ਬਣਿਆ ਹੋਇਆ ਹੈ। ਆਜ਼ਾਦੀ ਘੁਲਾਟੀਏ ਭਗਤ ਸਿੰਘ ਦਾ ਜਨਮ 28 ਸਤੰਬਰ, 1907 ਨੂੰ ਪੰਜਾਬ ਦੇ ਬੰਗਾ ਪਿੰਡ ਵਿੱਚ ਹੋਇਆ ਸੀ, ਜੋ ਉਸ ਸਮੇਂ ਭਾਰਤ ਦੇ ਲਾਇਲਪੁਰ ਜ਼ਿਲ੍ਹੇ ਵਿੱਚ ਸੀ। ਇਹ ਜਗ੍ਹਾ ਹੁਣ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਫੈਸਲਾਬਾਦ ਜ਼ਿਲ੍ਹੇ ਦਾ ਹਿੱਸਾ ਹੈ।
ਭਗਤ ਸਿੰਘ ਨੂੰ 23 ਮਾਰਚ, 1931 ਨੂੰ ਅੰਗਰੇਜ਼ਾਂ ਨੇ ਫਾਂਸੀ ਦੇ ਦਿੱਤੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਕਿਹਾ, "ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਕੋਟਿ-ਕੋਟਿ ਪ੍ਰਣਾਮ। ਆਪਣੀ ਅਦੁੱਤੀ ਹਿੰਮਤ ਅਤੇ ਬਹਾਦਰੀ ਨਾਲ ਉਨ੍ਹਾਂ ਨੇ ਆਜ਼ਾਦੀ ਅੰਦੋਲਨ ਨੂੰ ਇੱਕ ਨਵੀਂ ਗਤੀ ਦਿੱਤੀ।" ਉਨ੍ਹਾਂ ਕਿਹਾ, "ਰਾਸ਼ਟਰ ਦੇ ਸਨਮਾਨ ਲਈ ਸਭ ਕੁਝ ਕੁਰਬਾਨ ਕਰਨ ਦੀ ਉਨ੍ਹਾਂ ਦੀ ਭਾਵਨਾ ਭਾਰਤ ਦੇ ਨੌਜਵਾਨਾਂ ਦੀ ਹਿੰਮਤ ਅਤੇ ਭਾਵਨਾ ਦਾ ਪ੍ਰਤੀਕ ਹੈ।"