ਪਟਨਾ : ਬਿਹਾਰ ਵਿਧਾਨ ਸਭਾ ਦੀ ਕਾਰਵਾਈ ਮੰਗਲਵਾਰ ਨੂੰ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ, ਜਦੋਂ ਵਿਰੋਧੀ ਮੈਂਬਰਾਂ ਨੇ ਵੋਟਰ ਸੂਚੀ ਦੇ ਵਿਸ਼ੇਸ਼ ਤੀਬਰ ਸੋਧ (SIR) 'ਤੇ ਚਰਚਾ ਦੀ ਮੰਗ ਕਰਦੇ ਹੋਏ ਜ਼ਬਰਦਸਤ ਹੰਗਾਮਾ ਕੀਤਾ। ਦੱਸ ਦੇਈਏ ਕਿ ਸਦਨ ਦੀ ਕਾਰਵਾਈ ਸ਼ੁਰੂ ਹੋਣ ਦੇ ਕੁਝ ਮਿੰਟਾਂ ਦੇ ਅੰਦਰ ਸਪੀਕਰ ਨੰਦ ਕਿਸ਼ੋਰ ਯਾਦਵ ਨੇ ਸਦਨ ਦੀ ਕਾਰਵਾਈ ਦੁਪਹਿਰ ਦੇ ਖਾਣੇ ਦੀ ਬ੍ਰੇਕ ਤੱਕ ਮੁਲਤਵੀ ਕਰ ਦਿੱਤੀ। ਇਸ ਤੋਂ ਬਾਅਦ ਵਿਰੋਧੀ ਧਿਰ ਵਲੋਂ ਵਰ੍ਹਦੇ ਮੀਂਹ ਵਿਚ ਸਦਨ ਦੇ ਬਾਹਰ ਜਾ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ।
ਵਿਧਾਨ ਸਭਾ ਦੇ ਸਪੀਕਰ ਨੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਹੰਗਾਮੇ ਦੌਰਾਨ ਵਿਵਸਥਾ ਬਣਾਈ ਰੱਖਣ ਦੀ ਵਾਰ-ਵਾਰ ਅਪੀਲ ਕੀਤੀ ਪਰ ਉਹ ਸ਼ਾਂਤ ਨਹੀਂ ਹੋਏ। ਵਿਰੋਧੀ ਪਾਰਟੀਆਂ ਦੇ ਬਹੁਤ ਸਾਰੇ ਮੈਂਬਰ ਵਿਰੋਧ ਵਜੋਂ ਕਾਲੇ ਬਿੱਲੇ ਲਗਾ ਕੇ ਆਏ। ਵੋਟਰ ਸੂਚੀ ਦੀ ਇੱਕ ਵਿਸ਼ੇਸ਼ ਤੀਬਰ ਸੋਧ ਸਿਰਫ਼ ਬਿਹਾਰ ਵਿੱਚ ਕੀਤੀ ਜਾ ਰਹੀ ਹੈ, ਜਿਸਦਾ ਵਿਰੋਧੀ ਪਾਰਟੀਆਂ ਦੇ 'ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ' (ਇੰਡੀਆ) ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਬਿਹਾਰ ਵਿੱਚ ਕੁਝ ਮਹੀਨਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ।