ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਇਕ ਲਿਖ਼ਤੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਅਨੁਸ਼ਾਸਨੀ ਕਮੇਟੀ ਦੀ ਸਿਫਾਰਸ਼ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਇਕਬਾਲ ਸਿੰਘ ਝੂੰਦਾ ਨੂੰ ਜੱਥੇਬੰਦੀ ਦੀ ਮੁੱਢਲੀ ਮੈਂਬਰਸ਼ਿਪ ਤੋਂ 6 ਸਾਲਾਂ ਲਈ ਖਾਰਜ ਕਰ ਦਿੱਤਾ ਗਿਆ ਹੈ। ਵਡਾਲਾ ਨੇ ਦੱਸਿਆ ਕਿ ਪਾਰਟੀ ਅਨੁਸ਼ਾਸਨ ਦੇ ਵਿਰੁੱਧ ਜਾਂਦਿਆਂ ਪਹਿਲਾਂ ਵੀ ਝੂੰਦਾ ਨੇ ਆਪਣੇ ਤੌਰ 'ਤੇ ਦੋ ਮੀਟਿੰਗਾਂ ਕੀਤੀਆਂ ਸਨ, 'ਚ ਹੋਰਨਾਂ ਆਗੂਆਂ ਅਤੇ ਵਰਕਰਾਂ ਨੂੰ ਗੁੰਮਰਾਹ ਕਰਕੇ ਫੁੱਟ ਪਾਉਣ ਦੀ ਕੋਸ਼ਿਸ਼ ਕੀਤੀ ਗਈ ਸੀ।
ਹੁਣ ਵੀ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਦੂਜੀਆਂ ਪਾਰਟੀਆਂ ਨਾਲ ਮਿਲ ਕੇ ਚੱਲਣ ਦਾ ਐਲਾਨ ਕੀਤਾ ਹੈ, ਜਦੋਂਕਿ ਜੱਥੇਬੰਦੀ ਵੱਲੋਂ ਪਹਿਲਾਂ ਹੀ ਦੂਜੀਆਂ ਪੰਥਕ ਧਿਰਾਂ ਨਾਲ ਏਕਤਾ ਕਰਨ ਲਈ ਇਕ ਤਾਲਮੇਲ ਕਮੇਟੀ ਬਣਾਈ ਹੋਈ ਹੈ, ਜੋ ਆਪਣਾ ਕੰਮ ਬਹੁਤ ਸੁਚੱਜੇ ਢੰਗ ਨਾਲ ਕਰ ਰਹੀ ਹੈ। ਝੂੰਦਾ ਨੇ ਏਕਤਾ ਦਾ ਇਹ ਐਲਾਨ ਉਸ ਤਾਲਮੇਲ ਕਮੇਟੀ ਤੋਂ ਬਾਹਰੇ ਹੋ ਕੇ ਕੀਤਾ ਹੈ, ਜਿਸ ਨਾਲ ਜੱਥੇਬੰਦੀ ਦੇ ਅਨੁਸ਼ਾਸਨ ਅਤੇ ਪੰਥਕ ਏਕਤਾ ਦੇ ਯਤਨਾਂ ਨੂੰ ਵੱਡੀ ਢਾਹ ਲੱਗੀ ਹੈ।
ਉਨ੍ਹਾਂ ਦੇ ਇਸ ਆਪਹੁਦਰੇਪਣ ਦਾ ਨੋਟਿਸ ਲੈਂਦਿਆਂ ਅਨੁਸ਼ਾਸਨੀ ਕਮੇਟੀ ਨੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਇਕ ਵਰਚੁਅਲ ਮੀਟਿੰਗ ਕਰਕੇ ਸਿਫ਼ਾਰਿਸ਼ ਕੀਤੀ ਸੀ ਕਿ ਝੂੰਦਾ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਵਡਾਲਾ ਨੇ ਕਿਹਾ ਕਿ ਅਨੁਸ਼ਾਸਨੀ ਕਮੇਟੀ ਦੀ ਸਿਫਾਰਿਸ਼ 'ਤੇ ਇਕਬਾਲ ਸਿੰਘ ਝੂੰਦਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ ਹੈ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਸਮਝੇ ਜਾਣ।