ਸੁਨਾਮ ਊਧਮ ਸਿੰਘ ਵਾਲਾ (ਰਮੇਸ਼ ਗਰਗ) : ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸੰਗਰੂਰ ਸ੍ਰੀ ਅਰੁਣ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੌਮੀ ਸੇਵਾ ਯੋਜਨਾ ਇਕਾਈ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵੱਲੋਂ ਮਨੁੱਖੀ ਅਧਿਕਾਰ ਦਿਵਸ ਮੌਕੇ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਅਤੇ ਫਰਜ਼ਾਂ ਦੀ ਪਹਿਚਾਣ ਕਰਨ ਸਬੰਧੀ ਵਿਚਾਰ ਚਰਚਾ ਦਾ ਆਯੋਜਨ ਕੀਤਾ ਗਿਆ। ਸਕੂਲ ਮੁਖੀ ਮੈਡਮ ਨਵਰਾਜ ਕੌਰ ਦੀ ਅਗਵਾਈ ਵਿੱਚ ਆਯੋਜਿਤ ਇਸ ਵਿਚਾਰ ਚਰਚਾ ਦੌਰਾਨ ਸ੍ਰੀ ਰਾਜੇਸ਼ ਕੁਮਾਰ ਲੈਕਚਰਾਰ ਹਿਸਟਰੀ ਨੇ ਕੌਮਾਂਤਰੀ ਪੱਧਰ ਤੇ ਮਨੁੱਖੀ ਅਧਿਕਾਰਾਂ ਬਾਰੇ ਸ਼ੁਰੂਆਤ ਕਿਵੇਂ ਅਤੇ ਕਦੋਂ ਹੋਈ, ਬਾਰੇ ਵਿਸਥਾਰ ਵਿੱਚ ਚਾਨਣਾ ਪਾਇਆ। ਉਹਨਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੂਰੇ ਸੰਸਾਰ ਵਿੱਚ ਹਰ ਵਿਅਕਤੀ ਨੂੰ ਜਿਉਣ ਦਾ ਪੂਰਾ ਅਧਿਕਾਰ ਵੱਡੇ ਸੰਘਰਸ਼ਾਂ ਨਾਲ ਮਿਲਿਆ ਹੈ। ਕੁਝ ਸਮਾਜ ਸੇਵੀ ਲੋਕਾਂ ਨੇ ਆਪਣੇ ਸੰਘਰਸ਼ ਨਾਲ ਹੀ ਆਮ ਲੋਕਾਂ ਨੂੰ ਲਈ ਮਨੁੱਖੀ ਅਧਿਕਾਰਾਂ ਨੂੰ ਪ੍ਰਾਪਤ ਕੀਤਾ ਹੈ। ਇਸ ਮੌਕੇ ਪ੍ਰੋਗਰਾਮ ਅਫਸਰ ਪਰਮਿੰਦਰ ਕੁਮਾਰ ਲੌਂਗਵਾਲ ਨੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਹਰ ਵਿਅਕਤੀ ਨੂੰ ਆਪਣੇ ਅਧਿਕਾਰਾਂ ਬਾਰੇ ਪੂਰਾ ਗਿਆਨ ਹੈ ਪ੍ਰੰਤੂ ਅਸੀਂ ਆਪਣੇ ਫਰਜਾਂ ਨੂੰ ਜਦੋਂ ਅੱਖੋਂ ਪਰੋਖੇ ਕਰਦੇ ਹਾਂ ਤਾਂ ਸਮਾਜ ਵਿੱਚ ਅਸਥਿਰਤਾ ਪੈਦਾ ਹੋਣ ਦੀਆਂ ਸੰਭਾਵਨਾਵਾਂ ਬਣ ਜਾਂਦੀਆਂ ਹਨ। ਇਸ ਲਈ ਸਾਨੂੰ ਆਪਣੇ ਅਧਿਕਾਰਾਂ ਅਤੇ ਫਰਜਾਂ ਨੂੰ ਨਾਲੋ ਨਾਲ ਪਹਿਚਾਨਣਾ ਚਾਹੀਦਾ ਹੈ। ਇਸ ਦੌਰਾਨ ਮੈਡਮ ਚਰਨਦੀਪ ਸੋਨੀਆ ਨੇ ਵੀ ਵਿਦਿਆਰਥੀਆਂ ਨਾਲ ਵਿਚਾਰਾਂ ਦੀ ਸਾਂਝ ਪਾਈ। ਵੱਖ ਵੱਖ ਜਮਾਤਾਂ ਦੀਆਂ ਵਿਦਿਆਰਥਣਾਂ ਨੇ ਆਪਣੇ ਸਾਥੀਆਂ ਨੂੰ ਮਨੁੱਖੀ ਅਧਿਕਾਰਾਂ ਬਾਰੇ ਜਾਗਰੂਕ ਕੀਤਾ। ਅੰਤ ਵਿੱਚ ਵਿਚਾਰ ਚਰਚਾ ਦੌਰਾਨ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਦਿਆਂ ਮੈਡਮ ਨਵਰਾਜ ਕੌਰ ਨੇ ਕਿਹਾ ਕਿ ਸਾਨੂੰ ਦੂਜਿਆਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਲਈ ਆਪਣਾ ਫਰਜ਼ ਨਿਭਾਉਣਾ ਚਾਹੀਦਾ ਹੈ। ਇਸ ਮੌਕੇ ਹਰਵਿੰਦਰ ਸਿੰਘ, ਵੰਦਨਾ ਰਾਣੀ, ਗਗਨਜੋਤ ਕੌਰ,ਰਕੇਸ਼ ਕੁਮਾਰ ਲੈਕਚਰਾਰ ਸਰੀਰਕ ਸਿੱਖਿਆ, ਅਤੇ ਸਮੂਹ ਸਟਾਫ ਹਾਜ਼ਰ ਸੀ।