ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਨਰੇਗਾ ਵਿਚ ਕੀਤੀਆਂ ਜਾ ਰਹੀਆਂ ਤਬਦੀਲੀਆਂ ਲੋਕ ਮਾਰੂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਮਿਹਨਤਕਸ਼ ਲੋਕਾਂ ਨੂੰ ਮਿਲਣ ਵਾਲੇ ਰੋਜ਼ਗਾਰ 'ਤੇ ਅਸਿੱਧੇ ਤੌਰ 'ਤੇ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ, ਜਿਸ ਨਾਲ ਉਨ੍ਹਾਂ ਨੂੰ ਰੋਜ਼ਗਾਰ ਮਿਲਣਾ ਹੋਰ ਔਖਾ ਹੋ ਜਾਵੇਗਾ। ਇਸ ਫ਼ੈਸਲੇ ਵਿਰੁੱਧ ਜਨਵਰੀ ਦੇ ਦੂਜੇ ਹਫ਼ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ।
ਭਗਵੰਤ ਸਿੰਘ ਮਾਨ ਨੇ ਅਗਨੀਵੀਰ ਯੋਜਨਾ 'ਤੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ 18 ਸਾਲਾਂ ਦੇ ਨੌਜਵਾਨਾਂ ਨੂੰ ਭਰਤੀ ਕੀਤਾ ਜਾ ਰਿਹਾ ਹੈ ਤੇ 1 ਸਾਲ ਟ੍ਰੇਨਿੰਗ ਦੇਣ ਮਗਰੋਂ 22 ਸਾਲਾਂ ਦੇ ਮੁੰਡਿਆਂ ਨੂੰ ਸੇਵਾ-ਮੁਕਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਪ੍ਰੈਲ 2026 ਵਿਚ ਅਗਨੀਵੀਰਾਂ ਦਾ ਪਹਿਲਾ ਬੈਚ ਸੇਵਾ ਮੁਕਤ ਹੋ ਕੇ ਪੰਜਾਬ ਆ ਰਿਹਾ ਹੈ। ਮਾਨ ਨੇ ਕਿਹਾ ਕਿ ਉਹ ਇਨ੍ਹਾਂ ਨੌਜਵਾਨਾਂ ਨੂੰ ਲੈ ਕੇ ਬਹੁਤ ਫ਼ਿਕਰਮੰਦ ਹਨ, ਕਿਉਂਕਿ ਉਨ੍ਹਾਂ ਨੇ ਹਥਿਆਰਾਂ ਦੀ ਸਿਖਲਾਈ ਲਈ ਹੋਈ ਹੈ ਤੇ ਮਾੜੀ ਸੰਗਤ ਵਾਲੇ ਉਨ੍ਹਾਂ ਦੀ ਦੁਰਵਰਤੋਂ ਕਰ ਸਕਦੇ ਹਨ। ਇਸ ਲਈ ਉਨ੍ਹਾਂ ਨੂੰ ਪੰਜਾਬ ਪੁਲਸ ਨਾਲ ਜੋੜਣ ਬਾਰੇ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ।