ਨਵੀਂ ਦਿੱਲੀ/ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਯਾਨੀ 13 ਨਵੰਬਰ, 2026 ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਸਕਦੇ ਹਨ। ਸੁਖਬੀਰ ਬਾਦਲ ਅਤੇ ਅਮਿਤ ਸ਼ਾਹ ਦੀ ਇਹ ਮੁਲਾਕਾਤ ਦਿੱਲੀ ਵਿੱਚ ਹੋਣ ਵਾਲੀ ਹੈ। ਸੂਤਰਾਂ ਅਨੁਸਾਰ ਸੁਖਬੀਰ ਸਿੰਘ ਬਾਦਲ ਰਾਏਕੋਟ ਵਿੱਚ ਹੋਣ ਵਾਲੀ ਰੈਲੀ ਤੋਂ ਬਾਅਦ ਨਵੀਂ ਦਿੱਲੀ ਲਈ ਰਵਾਨਾ ਹੋ ਸਕਦੇ ਹਨ। ਇਸ ਦੌਰਾਨ ਸੁਖਬੀਰ ਬਾਦਲ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨੂੰ ਵੀ ਮਿਲ ਸਕਦੇ ਹਨ।
ਦੱਸ ਦੇਈਏ ਕਿ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮਾਹੌਲ ਭੱਖ ਗਿਆ ਹੈ। ਸਾਰੀਆਂ ਪਾਰਟੀਆਂ ਵਲੋਂ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਕਾਰ ਇੱਕ ਸੰਭਾਵੀ ਗੱਠਜੋੜ ਅਤੇ ਸੀਟਾਂ ਦੀ ਵੰਡ ਨੂੰ ਅੰਤਿਮ ਰੂਪ ਦੇਣਾ ਅਜੇ ਬਾਕੀ ਹੈ। ਇਸ ਮੀਟਿੰਗ ਵਿੱਚ ਪੰਜਾਬ, ਜਿਸ ਦੀਆਂ 117 ਸੀਟਾਂ ਹਨ, ਵਿੱਚ ਭਾਜਪਾ ਅਤੇ ਅਕਾਲੀ ਦਲ ਵੱਲੋਂ ਚੋਣ ਕਿੰਨੀਆਂ ਸੀਟਾਂ 'ਤੇ ਲੜੀ ਜਾਵੇਗੀ, ਦੀ ਗਿਣਤੀ ਨੂੰ ਅੰਤਿਮ ਰੂਪ ਦੇਣ ਦੀ ਉਮੀਦ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਚਿਹਰਾ ਅਤੇ ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਵੀ ਵਿਚਾਰ ਚਰਚਾ ਕੀਤੀ ਜਾ ਸਕਦੀ ਹੈ।