ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਪੁਲਸ ਵੱਲੋਂ ਨਸ਼ਾ ਤਸਕਰੀ ਦੇ ਇਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ। ਖੁਫੀਆ ਜਾਣਕਾਰੀ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਸ ਨੇ ਅੱਡਾ ਮਨਾਵਾਲਾ, ਅੰਮ੍ਰਿਤਸਰ–ਜਲੰਧਰ ਹਾਈਵੇ ਨੇੜੇ ਇੱਕ ਵਿਅਕਤੀ ਨੂੰ 6 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।
ਡੀ. ਜੀ. ਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਦੋਸ਼ੀ ਦੁਬਈ (ਯੂ.ਏ.ਈ.) ਵਿੱਚ ਬੈਠੇ ਹੈਂਡਲਰ ਅੰਤਰਪ੍ਰੀਤ ਸਿੰਘ ਦੇ ਇਸ਼ਾਰਿਆਂ 'ਤੇ ਕੰਮ ਕਰ ਰਿਹਾ ਸੀ। ਅੰਤਰਪ੍ਰੀਤ ਸਿੰਘ, ਜੋ ਕਿ ਸੁਲਤਾਨਵਿੰਡ ਦਾ ਰਹਿਣ ਵਾਲਾ ਹੈ, ਪਹਿਲਾਂ ਤੋਂ ਹੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਕਈ ਮਾਮਲਿਆਂ ਵਿੱਚ ਲਿਪਤ ਰਹਿ ਚੁੱਕਾ ਹੈ ਅਤੇ ਉਸਦੇ ਖਿਲਾਫ ਵੱਖ-ਵੱਖ ਕੇਸ ਦਰਜ ਹਨ।
ਇਸ ਮਾਮਲੇ ਸਬੰਧੀ ਐਨ.ਡੀ.ਪੀ.ਐਸ. ਐਕਟ ਤਹਿਤ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ। ਪੁਲਸ ਵੱਲੋਂ ਹੁਣ ਪੂਰੇ ਨੈੱਟਵਰਕ ਨੂੰ ਬੇਨਕਾਬ ਕਰਨ ਲਈ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਸੰਭਾਵਿਤ ਸਾਥੀਆਂ ਦੀ ਭਾਲ ਜਾਰੀ ਹੈ।