ਮਾਨਸਾ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗ ਵੋਟਰਾਂ ਦੀ ਵੋਟ ਬਣਾਉਣ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ 'ਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਦੀ ਨਿਗਰਾਨੀ ਹੇਠ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੂਨਮ ਸਿੰਘ ਵੱਲੋਂ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ ਅਤੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ 25 ਜੂਨ ਤੋਂ 24 ਜੁਲਾਈ ਤੱਕ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਅਧਿਕਾਰ ਖੇਤਰ 'ਚ ਘਰ-ਘਰ ਜਾ ਕੇ ਵੋਟਰ ਸੂਚੀਆਂ ਦੀ ਸੁਧਾਈ ਅਤੇ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਕਰਨਗੇ।
ਉਨ੍ਹਾਂ ਕਿਹਾ ਕਿ ਬੀ. ਐੱਲ. ਓ. ਘਰ-ਘਰ ਦੌਰੇ ਦੌਰਾਨ ਗਣਨਾ ਫਾਰਮਾਂ ਦੀ ਵੰਡ ਕਰਨਗੇ, ਫਾਰਮ ਭਰਨਗੇ ਅਤੇ ਇਕੱਤਰ ਕਰਨਗੇ। ਉਨ੍ਹਾਂ ਨੇ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਨੂੰ ਖ਼ਾਸ ਤੌਰ ’ਤੇ ਅਪੀਲ ਕੀਤੀ ਹੈ ਕਿ ਉਨ੍ਹਾਂ ਵੱਲੋਂ ਨਿਯੁਕਤ ਕੀਤੇ ਗਏ ਬੂਥ ਲੈਵਲ ਏਜੰਟ, ਸਰਕਾਰੀ ਬੂਥ ਲੈਵਲ ਅਫ਼ਸਰਾਂ ਨਾਲ ਨਿਰੰਤਰ ਤਾਲਮੇਲ ਰੱਖਣ। ਇਸ ਸਾਂਝੇ ਤਾਲਮੇਲ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ 18 ਸਾਲ ਜਾਂ ਇਸ ਤੋਂ ਵੱਧ ਉਮਰ ਦਾ ਕੋਈ ਵੀ ਯੋਗ ਨਾਗਰਿਕ ਆਪਣੀ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਨੇ ਬਹੁਜਨ ਸਮਾਜ ਪਾਰਟੀ ਅਤੇ ਸੀ. ਪੀ. ਆਈ. (ਐੱਮ.) ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਵੀ ਆਪਣੇ ਬੀ. ਐੱਲ. ਏ. ਤਰਜ਼ੀਹ ਦੇ ਆਧਾਰ ’ਤੇ ਤਾਇਨਾਤ ਕਰ ਲੈਣ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ ਅਤੇ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 03 ਅਗਸਤ ਤੋਂ 02 ਸਤੰਬਰ ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 03 ਅਗਸਤ ਤੋਂ 28 ਸਤੰਬਰ ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਐੱਸ. ਆਈ. ਆਰ. ਪ੍ਰਕਿਰਿਆ ਨੂੰ ਨੇਪਰੇ ਚੜ੍ਹਾਉਣ ਲਈ ਆਮ ਲੋਕਾਂ ਅਤੇ ਰਾਜਨੀਤਿਕ ਪਾਰਟੀਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।