ਜਲੰਧਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਲੰਧਰ ਪੁਲਸ ਨੇ ਸਾਡੇ ਸੀਨੀਅਰ ਆਗੂਆਂ ਅਤੇ ਵਿਧਾਇਕਾਂ ਪਰਗਟ ਸਿੰਘ ਅਤੇ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਹੈ। ਦਿੱਲੀ ਵਿਧਾਨ ਸਭਾ ’ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਖ਼ਿਲਾਫ਼ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਵੱਲੋਂ ਕੀਤੀ ਗਈ ਅਪਮਾਨਜਨਕ ਟਿੱਪਣੀ ਨੂੰ ਲੁਕਾਉਣ ਲਈ ਆਤਿਸ਼ੀ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਪੰਜਾਬ ਪੁਲਸ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਰਾਜਾ ਵੜਿੰਗ ਨੇ ਦੇਰ ਰਾਤ ਜਾਰੀ ਕੀਤੇ ਇਕ ਟਵੀਟ ’ਚ ਕਿਹਾ, ‘ਮੈਂ ਇਹ ਪਹਿਲਾਂ ਵੀ ਕਿਹਾ ਹੈ ਅਤੇ ਮੈਂ ਇਸ ਨੂੰ ਫਿਰ ਦੁਹਰਾ ਰਿਹਾ ਹਾਂ, ਅਸੀਂ ਆਪਣੇ ਨੇਤਾਵਾਂ ਅਤੇ ਵਰਕਰਾਂ ਨੂੰ ਡਰਾਉਣ-ਧਮਕਾਉਣ ਦੀਆਂ ਇਨ੍ਹਾਂ ਕੋਸ਼ਿਸ਼ਾਂ ਨੂੰ ਨਾ ਤਾਂ ਭੁੱਲਾਂਗੇ ਅਤੇ ਨਾ ਹੀ ਮਾਫ਼ ਕਰਾਂਗੇ।’ ਉਨ੍ਹਾਂ ਕਿਹਾ ਕਿ ‘ਆਪ’ ਆਗੂ ਵੱਲੋਂ ਕੀਤੀ ਗਈ ਅਪਮਾਨਜਨਕ ਟਿੱਪਣੀ ਨੂੰ ਲੁਕੋ ਕੇ ਪੰਜਾਬ ’ਚ ਆਮ ਆਦਮੀ ਪਾਰਟੀ ਅਪਰਾਧ ਦੀ ਭਾਗੀਦਾਰ ਬਣ ਰਹੀ ਹੈ। ਪੰਜਾਬ ਦੇ ਲੋਕ ਅਤੇ ਖਾਸ ਕਰ ਕੇ ਸਿੱਖ ਕੌਮ ‘ਆਪ’ ਨੂੰ ਇਸ ਲਈ ਕਦੇ ਮੁਆਫ਼ ਨਹੀਂ ਕਰੇਗੀ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ‘ਆਪ’ ਪੰਜਾਬ ਦੀ ਲੀਡਰਸ਼ਿਪ ਨੇ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਇਹ ਕਾਇਰਤਾਪੂਰਨ ਰਸਤਾ ਚੁਣਿਆ ਹੈ। ਪੰਜਾਬ ਸਰਕਾਰ ਨੇ ਇਸ ਮਾਮਲੇ ’ਚ ਪੰਜਾਬ ਪੁਲਸ ਦੀ ਰੱਜ ਕੇ ਦੁਰਵਰਤੋਂ ਕੀਤੀ ਹੈ।