ਚੰਡੀਗੜ੍ਹ/ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਆਤਿਸ਼ੀ ਵੱਲੋਂ ਵਿਧਾਨ ਸਭਾ ਵਿਚ ਸਿੱਖ ਗੁਰੂਆਂ ਬਾਰੇ ਕੀਤੀ ਗਈ ਕਥਿਤ ਅਪਮਾਨਜਨਕ ਟਿੱਪਣੀ ਨੂੰ ਲੈ ਕੇ ਸਿਆਸੀ ਹਲਕਿਆਂ ਵਿਚ ਤੂਫ਼ਾਨ ਖੜ੍ਹਾ ਹੋ ਗਿਆ ਹੈ। ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੇ ਇਸ ਘਟਨਾ 'ਤੇ ਡੂੰਘੇ ਦੁੱਖ ਅਤੇ ਰੋਸ ਦਾ ਪ੍ਰਗਟਾਵਾ ਕਰਦਿਆਂ ਆਤਿਸ਼ੀ 'ਤੇ ਵੱਡਾ ਹਮਲਾ ਬੋਲਿਆ ਹੈ। ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਬੀਤੇ ਦਿਨੀਂ ਦਿੱਲੀ ਵਿਧਾਨ ਸਭਾ ਵਿਚ ਆਤਿਸ਼ੀ ਵੱਲੋਂ ਸਾਡੇ ਗੁਰੂਆਂ ਵਿਰੁੱਧ ਬੇਹੱਦ ਅਪਮਾਨਜਨਕ ਅਤੇ ਦੁਖਦਾਈ ਟਿੱਪਣੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ਨੂੰ ਦੇਖਣਾ ਬਹੁਤ ਹੀ ਹੈਰਾਨੀਜਨਕ ਹੈ। ਉਨ੍ਹਾਂ ਨੇ ਆਤਿਸ਼ੀ ਨੂੰ ਇੱਕ "ਹੰਕਾਰੀ ਨਾਸਤਿਕ ਆਗੂ" ਕਰਾਰ ਦਿੰਦਿਆਂ ਮੰਗ ਕੀਤੀ ਹੈ ਕਿ ਉਹ ਆਪਣੇ ਇਸ ਮੰਦਭਾਗੇ ਵਿਹਾਰ ਲਈ ਤੁਰੰਤ ਬਿਨਾਂ ਸ਼ਰਤ ਮੁਆਫੀ ਮੰਗਣ।
ਬਾਈਕਾਟ ਦੀ ਦਿੱਤੀ ਚਿਤਾਵਨੀ
ਖਹਿਰਾ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਹੈ ਕਿ ਜੇਕਰ ਆਤਿਸ਼ੀ ਮੁਆਫੀ ਨਹੀਂ ਮੰਗਦੇ, ਤਾਂ ਦਿੱਲੀ ਦੇ ਸਮੁੱਚੇ ਸਿੱਖਾਂ ਅਤੇ ਪੰਜਾਬੀਆਂ ਵੱਲੋਂ ਉਨ੍ਹਾਂ ਦਾ ਮੁਕੰਮਲ ਬਾਈਕਾਟ ਕੀਤਾ ਜਾਣਾ ਚਾਹੀਦਾ ਹੈ। ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਵੀ ਨਿਸ਼ਾਨੇ 'ਤੇ ਲਿਆ ਹੈ। ਉਨ੍ਹਾਂ ਸਵਾਲ ਕੀਤਾ ਕਿ ਕੇਜਰੀਵਾਲ ਇਨ੍ਹਾਂ ਬੇਅਦਬੀ ਭਰੀਆਂ ਟਿੱਪਣੀਆਂ 'ਤੇ ਚੁੱਪ ਕਿਉਂ ਹਨ? ਖਹਿਰਾ ਨੇ ਕਿਹਾ ਕਿ ਜੇਕਰ ਅਰਵਿੰਦ ਕੇਜਰੀਵਾਲ ਦੇ ਮਨ ਵਿਚ ਸਿੱਖ ਗੁਰੂਆਂ ਲਈ ਰਤਾ ਵੀ ਸਤਿਕਾਰ ਹੈ, ਤਾਂ ਉਨ੍ਹਾਂ ਨੂੰ ਆਤਿਸ਼ੀ ਨੂੰ ਤੁਰੰਤ ਪਾਰਟੀ ਵਿਚੋਂ ਬਰਖਾਸਤ ਕਰ ਦੇਣਾ ਚਾਹੀਦਾ ਹੈ। ਇਸ ਬਿਆਨ ਤੋਂ ਬਾਅਦ ਸਿੱਖ ਭਾਈਚਾਰੇ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਦੀ ਚਾਰੇ ਪਾਸੇ ਆਲੋਚਨਾ ਹੋ ਰਹੀ ਹੈ।