ਜਲੰਧਰ/ਚੰਡੀਗੜ੍ਹ : ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਦੂਜੇ ਪੜ੍ਹਾਅ ਨੂੰ ਲੈ ਕੇ ਵਿਰੋਧੀ ਧਿਰ ਨੇ ਸਵਾਲ ਚੁੱਕੇ ਹਨ। ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਸਰਕਾਰ ਦੀ ਨਸ਼ਾ ਵਿਰੋਧੀ ਨੀਤੀ ਨੂੰ ਖੋਖਲਾ ਕਰਾਰ ਦਿੰਦੇ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ ਪਰ ਪਹਿਲੇ ਪੜਾਅ ਦੇ ਜਵਾਬ ਕਿੱਥੇ ਹਨ? ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਪਹਿਲਾਂ ਪੰਜਾਬ ਨੂੰ ਜਵਾਬ ਦੇਣਾ ਚਾਹੀਦਾ ਹੈ, ਉਨ੍ਹਾਂ ਦੀ ਬਹੁਤ ਜ਼ਿਆਦਾ ਪ੍ਰਚਾਰੀ ਗਈ ਨਸ਼ਾ ਵਿਰੋਧੀ ਮੁਹਿੰਮ ਨੇ ਅਸਲ ਵਿੱਚ ਕੀ ਦਿੱਤਾ? ਨਵੇਂ ਐਲਾਨਾਂ ਤੋਂ ਪਹਿਲਾਂ ਸਰਕਾਰ ਨੂੰ ਪਹਿਲੇ ਪੜ੍ਹਾਅ ਦੇ ਨਤੀਜਿਆਂ ਬਾਰੇ ਪੰਜਾਬ ਨੂੰ ਜਵਾਬ ਦੇਣਾ ਚਾਹੀਦਾ ਹੈ।
ਪ੍ਰਤਾਪ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਨਸ਼ਿਆਂ ਦੇ ਮੁੱਦੇ ’ਤੇ ਕੀਤੇ ਗਏ ਵੱਡੇ ਦਾਅਵੇ ਜ਼ਮੀਨੀ ਹਕੀਕਤ ਸਾਹਮਣੇ ਫੇਲ੍ਹ ਸਾਬਤ ਹੋ ਰਹੇ ਹਨ। ਨੌਜਵਾਨ ਪੰਜਾਬੀ ਅਜੇ ਵੀ ਨਸ਼ੇ ਦੀ ਓਵਰਡੋਜ਼ ਨਾਲ ਮਰ ਰਹੇ ਹਨ।
ਉਨ੍ਹਾਂ ਯਾਦ ਦਿਵਾਇਆ ਕਿ ਅਰਵਿੰਦ ਕੇਜਰੀਵਾਲ ਨੇ ਸਰਕਾਰ ਬਣਨ ਤੋਂ ਬਾਅਦ 3 ਤੋਂ 4 ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਵਾਅਦਾ ਕੀਤਾ ਸੀ। ਬਾਜਵਾ ਨੇ ਕਿਹਾ ਕਿ ਹੁਣ ਕਈ ਸਾਲ ਬੀਤ ਚੁੱਕੇ ਹਨ ਪਰ ਨਾ ਤਾਂ ਉਹ ਮਿਆਦ ਪੂਰੀ ਹੋਈ ਅਤੇ ਨਾ ਹੀ ਨਸ਼ਿਆਂ ’ਤੇ ਕਾਬੂ ਪਾਇਆ ਜਾ ਸਕਿਆ। ਉਨ੍ਹਾਂ ਮੁਤਾਬਕ ਵਾਅਦੇ ਗਾਇਬ ਹੋ ਗਏ ਹਨ ਪਰ ਨਸ਼ਾ ਅਜੇ ਵੀ ਪੰਜਾਬ ਵਿੱਚ ਮੌਜੂਦ ਹੈ।
ਪ੍ਰਤਾਪ ਬਾਜਵਾ ਨੇ ਦੋਸ਼ ਲਗਾਇਆ ਕਿ ਹਕੀਕਤੀ ਨਤੀਜੇ ਵਿਖਾਉਣ ਦੀ ਥਾਂ ਸਰਕਾਰ ਲੋਕਾਂ ਨੂੰ ਮੁੜ-ਮੁੜ ਨਾਅਰੇ, ਘੜੇ ਹੋਏ ਅੰਕੜੇ ਅਤੇ ਨਵੇਂ ਐਲਾਨਾਂ ਨਾਲ ਭਰਮਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਪੁਰਾਣੀਆਂ ਨਾਕਾਮੀਆਂ ’ਤੇ ਪਰਦਾ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਿਰਫ਼ ਮੁਹਿੰਮਾਂ ਦੇ ਨਾਂ ਬਦਲ ਕੇ ਜਾਂ ਨਵੇਂ ਫੇਜ਼ ਲਾਂਚ ਕਰਕੇ ਨਸ਼ਿਆਂ ਦੀ ਸਮੱਸਿਆ ਦਾ ਹੱਲ ਨਹੀਂ ਨਿਕਲ ਸਕਦਾ। ਵਿਰੋਧੀ ਧਿਰ ਦੇ ਨੇਤਾ ਨੇ ਸਪਸ਼ਟ ਕੀਤਾ ਕਿ ਪੰਜਾਬ ਨੂੰ ਦੂਜੇ ਪੜਾਅ ਦੇ ਪ੍ਰਚਾਰ ਦੀ ਲੋੜ ਨਹੀਂ ਹੈ ਸਗੋਂ ਪੰਜਾਬ ਨੂੰ ਸੱਚਾਈ, ਜਵਾਬਦੇਹੀ ਅਤੇ ਕਾਰਵਾਈ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਨਸ਼ਿਆਂ ਦੇ ਮਸਲੇ ’ਤੇ ਨਾਕਾਮੀ ਸਿਰਫ਼ ਪ੍ਰਸ਼ਾਸਕੀ ਗ਼ਲਤੀ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੇ ਭਰੋਸੇ ਨਾਲ ਧੋਖਾ ਹੈ। ਪ੍ਰਤਾਪ ਬਾਜਵਾ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਆਪਣੀਆਂ ਪੁਰਾਣੀਆਂ ਨੀਤੀਆਂ ਦੀ ਸਮੀਖਿਆ ਕਰਕੇ ਜਵਾਬਦੇਹੀ ਤੈਅ ਨਹੀਂ ਕਰਦੀ, ਉਦੋਂ ਤੱਕ ਨਵੇਂ ਐਲਾਨ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕਰਨ ਤੋਂ ਇਲਾਵਾ ਕੁਝ ਨਹੀਂ ਹਨ।