ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਬਿਆਨ ਦਿੰਦਿਆਂ ਪੰਜਾਬ ਸਰਕਾਰ ਦੀ ਨਸ਼ਾ ਤਸਕਰੀ ਵਿਰੁੱਧ ਬੇਮਿਸਾਲ ਕਾਰਵਾਈ ਬਾਰੇ ਵਿਆਪਕ ਜਾਣਕਾਰੀ ਦਿੱਤੀ। ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਉਠਾਏ ਇੱਕ ਸਵਾਲ ਦੇ ਜਵਾਬ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਇੱਕ ਸਾਲ ਤੋਂ ਜਾਰੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਸਫ਼ਲਤਾ ਬਾਰੇ ਦੱਸਿਆ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 1 ਮਾਰਚ, 2025 ਤੋਂ 28 ਫਰਵਰੀ, 2026 ਤੱਕ 'ਆਪ' ਸਰਕਾਰ ਨੇ ਸਖ਼ਤੀ ਨਾਲ ਲਾਗੂਕਰਨ, ਭਾਈਚਾਰਕ ਸ਼ਮੂਲੀਅਤ ਅਤੇ ਰੋਕਥਾਮ ਗਤੀਵਿਧੀਆਂ ਰਾਹੀਂ ਨਸ਼ਿਆਂ ਦੇ ਕਾਰੋਬਾਰ ਦੌਰਾਨ ਪੰਜਾਬ ਪੁਲਿਸ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਤਹਿਤ 36,178 ਐਫਆਈਆਰਜ਼ ਦਰਜ ਕਰਕੇ 47,902 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ।
'ਆਪ' ਸਰਕਾਰ ਵੱਲੋਂ ਨਸ਼ਿਆਂ ਦੀ ਸਮੁੱਚੀ ਸਪਲਾਈ ਚੇਨ ਨੂੰ ਤੋੜਨ ਬਾਰੇ ਵੇਰਵੇ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਕੁੱਲ 3,173 ਡਰੱਗ ਸਪਲਾਇਰ ਅਤੇ ਡਿਸਟ੍ਰੀਬਿਊਟਰ ਅਤੇ 429 ਵੱਡੀਆਂ ਮੱਛੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਨੇ 2,276 ਕਿਲੋਗ੍ਰਾਮ ਹੈਰੋਇਨ, 29 ਟਨ ਭੁੱਕੀ, 686 ਕਿਲੋਗ੍ਰਾਮ ਅਫੀਮ ਅਤੇ 786 ਕਿਲੋਗ੍ਰਾਮ ਭੰਗ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ 68 ਕਿਲੋਗ੍ਰਾਮ ਚਰਸ, 4 ਕਿਲੋਗ੍ਰਾਮ ਕੋਕੀਨ, 36 ਕਿਲੋਗ੍ਰਾਮ ਆਈ.ਸੀ.ਈ. ਅਤੇ 49 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਵੀ ਬਰਾਮਦ ਕੀਤੇ ਗਏ ਹਨ। ਪੰਜਾਬ ਪੁਲਿਸ ਨੇ 285 ਡਰੋਨ ਬਰਾਮਦ ਕਰਕੇ ਇਨ੍ਹਾਂ ਡਰੋਨਾਂ ਰਾਹੀਂ ਲਿਜਾਈ ਜਾ ਰਹੀ 338 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਅਤੇ ਇਸ ਮਿਸਾਲੀ ਕਾਰਵਾਈ ਨਾਲ ਨਸ਼ਿਆਂ ਦੀ ਸਪਲਾਈ ਦਾ ਵੱਡਾ ਸਰੋਤ ਬੰਦ ਹੋ ਗਿਆ।
ਡਰੱਗ ਨੈੱਟਵਰਕਾਂ ਵਿਰੁੱਧ ਵਿੱਤੀ ਕਾਰਵਾਈ ਬਾਰੇ ਬੋਲਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਅਸੀਂ ਇਨ੍ਹਾਂ ਕਾਰਟੈਲਾਂ ਦੀ ਦੁਖਦੀ ਨਬਜ਼ ‘ਤੇ ਵਾਰ ਕਰਨ ਦੇ ਨਾਲ-ਨਾਲ ਇਨ੍ਹਾਂ ਦੇ ਵਿੱਤੀ ਸਰੋਤਾਂ ਨੂੰ ਵੀ ਨਸ਼ਟ ਕਰ ਰਹੇ ਹਾਂ। ਪੰਜਾਬ ਪੁਲਿਸ ਨੇ 17 ਕਰੋੜ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਤੋਂ ਵੀ ਮਹੱਤਵਪੂਰਨ ਗੱਲ ਇਹ ਹੈ ਕਿ 65 ਵੱਡੇ ਡਰੱਗ ਆਪਰੇਟਰਾਂ ਨੂੰ ਗ੍ਰਿਫ਼ਤਾਰ ਕਰਕੇ ਖੇਤਰ ਵਿੱਚ ਗੈਰ-ਕਾਨੂੰਨੀ ਹਵਾਲਾ ਨੈੱਟਵਰਕਾਂ ਨੂੰ ਪ੍ਰਭਾਵੀ ਢੰਗ ਨਾਲ ਨਸ਼ਟ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਲੰਬੇ ਸਮੇਂ ਦੀ ਰੋਕਥਾਮ ਨੂੰ ਯਕੀਨੀ ਬਣਾਉਣ ਵਾਸਤੇ ਅਪਰਾਧੀਆਂ ਨੂੰ ਦਿੱਤੀਆਂ ਗਈਆਂ ਸਜ਼ਾਵਾਂ ਬਾਰੇ ਦੱਸਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸੁਣਵਾਈ ਕੀਤੇ ਗਏ 6,822 ਮਾਮਲਿਆਂ ‘ਚੋਂ 6,083 ਵਿੱਚ ਸਜ਼ਾਵਾਂ ਹੋਈਆਂ ਹਨ। ਸੂਬੇ ਵਿੱਚ ਦਰਜ ਕੀਤੀ 89 ਫ਼ੀਸਦ ਸਜ਼ਾ ਦਰ ਨਾਲ ਇਹ ਦਰ ਦੇਸ਼ ਭਰ ਵਿੱਚ ਸਭ ਤੋਂ ਵੱਧ ਹੈ, ਜਿਸ ਨੂੰ ਡਿਜੀਟਲ ਸਬੂਤਾਂ ਦੀ ਇਕੱਤਰਤਾ ਅਤੇ ਸਖ਼ਤ ਵਿੱਤੀ ਟਰੈਕਿੰਗ ਵਰਗੇ ਆਧੁਨਿਕ ਯਤਨਾਂ ਰਾਹੀਂ ਸੰਭਵ ਬਣਾਇਆ ਗਿਆ ਹੈ। ਪੰਜਾਬ ਪੁਲਿਸ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਤਹਿਤ 47 ਭਗੌੜੇ ਅਪਰਾਧੀਆਂ, 636 ਭਗੌੜਿਆਂ, 83 ਜ਼ਮਾਨਤ ‘ਤੇ ਅਤੇ 8 ਪੈਰੋਲ ‘ਤੇ ਬਾਹਰ ਆਏ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨਸ਼ਿਆਂ ਤੋਂ ਇੱਕਤਰ ਕੀਤੀ ਰਾਸ਼ੀ ਨਾਲ ਪੰਜਾਬ ਵਿੱਚ ਵੱਡੀਆਂ ਜਾਇਦਾਦਾਂ ਬਣਾਉਣ ਦੀ ਇਜਾਜ਼ਤ ਨਹੀਂ ਦੇਵੇਗੀ। ਨਸ਼ਾ ਤਸਕਰਾਂ ਨਾਲ ਸਬੰਧਤ ਕੁੱਲ 323 ਗੈਰ-ਕਾਨੂੰਨੀ ਤੌਰ 'ਤੇ ਬਣਾਈਆਂ ਗਈਆਂ ਜਾਇਦਾਦਾਂ ਨੂੰ ਢਾਹ ਦਿੱਤਾ ਗਿਆ ਹੈ ਅਤੇ 569 ਨਸ਼ਾ ਤਸਕਰਾਂ ਨਾਲ ਸਬੰਧਤ ਗੈਰ-ਕਾਨੂੰਨੀ ਤੌਰ 'ਤੇ ਪ੍ਰਾਪਤ ਕੀਤੀ 241 ਕਰੋੜ ਰੁਪਏ ਦੀ ਜਾਇਦਾਦ ਨੂੰ ਜ਼ਬਤ ਕਰ ਲਿਆ ਗਿਆ ਹੈ।
ਨਸ਼ਿਆਂ ਦੇ ਖਾਤਮੇ ਲਈ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਮਹਿਜ ਪੁਲਿਸ ਵੱਲੋਂ ਕੀਤੀ ਕਾਰਵਾਈ ਨਹੀਂ, ਸਗੋਂ ਇਹ ਸੂਬੇ ਵਿੱਚੋਂ ਨਸ਼ਿਆਂ ਦੇ ਜੜ੍ਹੋਂ ਖਾਤਮੇ ਵਾਸਤੇ ਪੰਜਾਬ ਦੇ ਪਰਿਵਾਰਾਂ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਹੈ।